ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨਾ ਸਮੇਂ ਦੀ ਮੁੱਖ ਲੋੜ : ਭੁੱਟਾ
ਜ਼ਿਲ੍ਹਾ ਪ੍ਰੀਸ਼ਦ ਨੇ ਬਲਾਕ ਸੰਮਤੀ ਬਸੀ ਪਠਾਣਾਂ ਦੇ 1 ਕਰੋੜ 78 ਲੱਖ 70 ਹਜਾਰ ਦੇ ਬਜਟ ਨੂੰ ਦਿੱਤੀ ਪ੍ਰਵਾਨਗੀ
ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੀਆਂ ਡਿਸਪੈਂਸਰੀਆਂ ਵਿੱਚ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫਤ ਦਵਾਈਆਂ ਦੇ ਬੋਰਡ ਲਗਾਉਣ ਦੇ ਆਦੇਸ਼
ਫ਼ਤਹਿਗੜ੍ਹ ਸਾਹਿਬ, 13 ਜੁਲਾਈ (ਮਧੂਸਾਰ ਬਿਊਰੋ)
ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨੀ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ, ਕਿਉਂਕਿ ਜੇਕਰ ਪਾਣੀ ਦੀ ਸੰਭਾਲ ਲਈ ਹੁਣ ਵੀ ਅਸੀਂ ਸੁਚੇਤ ਨਾ ਹੋਏ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਹੁਤ ਗੰਭੀਰ ਹਾਲਾਤ ਬਣ ਸਕਦੇ ਹਨ। ਇਸ ਲਈ ਸਮੂਹ ਪੰਚਾਇਤਾਂ ਦੀ ਇਹ ਮੁਢਲੀ ਜਿੰਮੇਵਾਰੀ ਬਣਦੀ ਹੈ ਕਿ ਪਾਣੀ ਦੀ ਸੰਭਾਲ ਲਈ ਪਿੰਡ ਪੱਧਰ ਤੋਂ ਵਿਆਪਕ ਮੁਹਿੰਮ ਸ਼ੁਰੂ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਸ. ਬਲਜੀਤ ਸਿੰਘ ਭੁੱਟਾ ਨੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਪੰਚਾਇਤਾਂ ਨੂੰ ਕਿਹਾ ਕਿ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾਣ ਅਤੇ ਜਿਹੜੇ ਲੋਕ ਪਾਣੀ ਦੀਆਂ ਟੂਟੀਆਂ ਖੁਲੀਆਂ ਛੱਡਦੇ ਹਨ ਉਨ੍ਹਾਂ ਨੂੰ ਪਾਣੀ ਦੀ ਅਹਿਮੀਅਤ ਤੋਂ ਜਾਗਰੂਕ ਕੀਤਾ ਜਾਵੇ।
ਸ. ਭੁੱਟਾ ਨੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਕਿਹਾ ਕਿ ਪਿੰਡਾਂ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਦੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਪੰਚਾਇਤਾਂ ਰਾਹੀਂ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਮੌਸਮ ਵਿੱਚ ਆ ਰਹੀ ਅਸਮਾਨਤਾ ਨੂੰ ਸਹੀ ਰੱਖਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਧੀਨ ਪੈਂਦੀਆਂ ਡਿਸਪੈਂਸਰੀਆਂ ਵਿੱਚ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫਤ ਦਵਾਈਆਂ ਬਾਰੇ ਡਿਸਪੈਂਸਰੀਆਂ ਦੇ ਬਾਹਰ ਬੋਰਡ ਲਗਵਾਏ ਜਾਣ ਤਾਂ ਜੋ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਸਹੀ ਜਾਣਕਾਰੀ ਹਾਸਲ ਹੋ ਸਕੇ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਗਰਗ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਧੀਨ ਪੈਂਦੀਆਂ ਡਿਸਪੈਂਸਰੀਆਂ ਵਿੱਚ ਦਵਾਈਆਂ ਦੇ ਸਹੀ ਰੱਖ ਰਖਾਵ ਲਈ 46 ਕਰੋੜ ਦੀ ਲਾਗਤ ਨਾਲ 23 ਕੁਲੈਕਸ਼ਨ ਸੈਂਟਰਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਤੇ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੀਆਂ ਡਿਸਪੈਂਸਰੀਆਂ ਵਿੱਚ ਮਹਿਸੂਸ ਕੀਤੀ ਜਾ ਰਹੀ 3 ਡਾਕਟਰਾਂ ਦੀ ਘਾਟ ਨੂੰ ਵੇਖਦੇ ਹੋਏ ਛੇਤੀ ਹੀ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਸਮੂਹ ਮੈਂਬਰਾਂ ਵੱਲੋਂ ਬਲਾਕ ਸੰਮਤੀ ਬਸੀ ਪਠਾਣਾਂ ਦਾ ਸਾਲ 2016-17 ਲਈ 1 ਕਰੋੜ 78 ਲੱਖ 70 ਹਜਾਰ ਰੁਪਏ ਦੇ ਖਰਚ ਦੀ ਕਾਰਜ ਬਾਅਦ ਪ੍ਰਵਾਨਗੀ ਦਿੱਤੀ ਗਈ।

