ਅੰਮ੍ਰਿਤਸਰਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਗੁਰਦੁਆਰਿਆਂ ਦੀ ਮਰਿਆਦਾ ਭੰਗ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਸਾਨਾਂ ਦੇ ਹੱਕਾਂ ਪ੍ਰਤੀ ਕੇਂਦਰ ਸਰਕਾਰ ਵਲੋਂ ਅਪਣਾਏ ਜਾ ਰਹੇ ਹੱਠੀ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਹਰਿਆਣਾ ਦੇ ਗੁਰਦੁਆਰਿਆਂ ਦੀਆਂ ਸਰਾਵਾਂ ਵਿਚ ਪੁਲਸ ਅਤੇ ਨੀਮ ਫੌਜੀ ਦਸਤਿਆਂ ਵਲੋਂ ਨਸ਼ਿਆਂ ਦਾ ਸੇਵਨ ਕਰਨ ਦੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਜਿੱਥੇ ਕੇਂਦਰ ਸਰਕਾਰ ਨੂੰ ਦੇਸ਼ ਦੇ ਅੰਨ੍ਹਦਾਤੇ ਕਿਸਾਨੀ ਵਰਗ ਨੂੰ ਉਨ੍ਹਾਂ ਦੇ ਹੱਕ ਦੇਣ ਦੀ ਨਸੀਹਤ ਦਿੱਤੀ ਹੈ, ਉੱਥੇ ਹੀ ਸਰਕਾਰ ਵਲੋਂ ਨਾਮਜ਼ਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕੀਤੀ ਹੈ ਕਿ ਸੰਗਤਾਂ ਦੀ ਰਿਹਾਇਸ਼ ਲਈ ਬਣੀਆਂ ਗੁਰਦੁਆਰਿਆਂ ਦੀਆਂ ਸਰਾਵਾਂ ਵਿਚੋਂ ਪੁਲਸ ਅਤੇ ਨੀਮ ਫੌਜੀ ਬਲਾਂ ਨੂੰ ਤੁਰੰਤ ਬਾਹਰ ਕੀਤਾ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਆਪਣੇ ਹੱਕਾਂ ਲਈ ਦਿੱਲੀ ਨੂੰ ਰਵਾਨਾ ਹੋਏ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਸ ਵਲੋਂ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਅਤੇ ਗੁਰਦੁਆਰਾ ਪੰਜੋਖਰਾ ਸਾਹਿਬ ਦੀਆਂ ਸਰਾਵਾਂ ਦੇ ਕਮਰਿਆਂ ਵਿਚ ਡੇਰੇ ਜਮਾਉਣ ਅਤੇ ਉੱਥੇ ਨਸ਼ਿਆਂ ਦਾ ਸੇਵਨ ਕਰਨ ਦੀਆਂ ਨਾ-ਬਰਦਾਸ਼ਤਯੋਗ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ।

ਉਨ੍ਹਾਂ ਕਿਹਾ ਕਿ ਸੰਗਤਾਂ ਨੇ ਗੁਰਦੁਆਰਿਆਂ ਦੀਆਂ ਸਰਾਵਾਂ ਵਿਚੋਂ ਪੁਲਸ ਦੁਆਰਾ ਵਰਤੇ ਗਏ ਤੰਬਾਕੂ, ਸਿਗਰਟਾਂ, ਸ਼ਰਾਬ ਅਤੇ ਹੋਰ ਸਿੱਖ ਧਰਮ ਵਿਰੋਧੀ ਵਸਤੂਆਂ ਬਰਾਮਦ ਕੀਤੀਆਂ ਹਨ, ਜੋ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਵੱਡੀ ਕੁਤਾਹੀ ਹੈ, ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਆਪਣੇ ਸਿਆਸੀ ਮੁਫਾਦਾਂ ਖਾਤਰ ਪਵਿੱਤਰ ਗੁਰਦੁਆਰਿਆਂ ਵਿਚ ਪੁਲਸ ਵਾੜਨ ਦੀ ਹਮਾਕਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਉਹ ਗੁਰਦੁਆਰਿਆਂ ਦੀ ਮਾਲਕ ਨਹੀਂ ਸਗੋਂ ਪ੍ਰਬੰਧਕੀ ਸੰਸਥਾ ਹੈ, ਜਿਸ ਦੇ ਕੋਲ ਅਜਿਹਾ ਕੋਈ ਹੱਕ ਨਹੀਂ ਹੈ ਕਿ ਉਹ ਗੁਰਦੁਆਰਿਆਂ ਦੀਆਂ ਸਰਾਵਾਂ ਵਿਚ ਪੁਲਸ ਨੂੰ ਬਿਠਾ ਕੇ ਤੰਬਾਕੂ ਅਤੇ ਸ਼ਰਾਬ ਦੀ ਵਰਤੋਂ ਕਰਨ ਦੀ ਖੁੱਲ੍ਹ ਦੇਵੇ। ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲਾਂ ਵੀ ਸਰਕਾਰ ਤੇ ਪੁਲਸ ਦੇ ਜ਼ੋਰ ਨਾਲ ਗੁਰਦੁਆਰਿਆਂ ਦੇ ਪ੍ਰਬੰਧ ਹਾਸਲ ਕੀਤੇ ਹਨ ਅਤੇ ਹੁਣ ਉਹ ਬਦਲੇ ਵਿਚ ਸਰਕਾਰਾਂ ਨੂੰ ਖੁਸ਼ ਕਰਨ ਲਈ ਪਵਿੱਤਰ ਗੁਰਧਾਮਾਂ ਦੀ ਮਰਿਆਦਾ ਦੀ ਉਲੰਘਣਾ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਅਜਿਹੀ ਕੁਤਾਹੀ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਗੁਰਦੁਆਰਿਆਂ ਦੀ ਪਵਿੱਤਰ ਮਰਿਆਦਾ ਭੰਗ ਕਰਨ ਦੇ ਜ਼ਿੰਮੇਵਾਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗਿਆਨੀ ਰਘਬੀਰ ਸਿੰਘ ਨੇ ਹਰਿਆਣਾ ਦੀਆਂ ਸੰਗਤਾਂ ਨੂੰ ਵੀ ਸੁਚੇਤ ਹੋ ਕੇ ਗੁਰਦੁਆਰਿਆਂ ਦੀ ਪਵਿੱਤਰਤਾ ਦੀ ਰਾਖੀ ਕਰਨ ਲਈ ਆਖਿਆ ਹੈ।

Leave a Reply

Your email address will not be published. Required fields are marked *