ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਬਾਲਵਾੜੀ ਗ੍ਰੈਜੂਏਸ਼ਨ ਸਮਾਰੋਹ
ਪਟਿਆਲਾ:- 22 ਮਾਰਚ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਦੇ ਜੂਨੀਅਰਵਿੰਗ ਵਿਖੇ ਬਾਲਵਾੜੀ ਦੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸਮਾਰੋਹ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਸ-ਭਿੰਨੇ ਕੀਰਤਨ ਨਾਲ ਹੋਈ। ਬੁੱਢਾ ਦਲ ਪਬਲਿਕ ਸਕੂਲ ਦੇ ਪ੍ਰਧਾਨ ਸ਼੍ਰੀਮਤੀ ਸੁਖਵਿੰਦਰਜੀਤ ਕੌਰ ਨੇ ਸਮਾਗਮ ਵਿੱਚ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਅਤੇ ਬਾਲਵਾੜੀ ਦੇ ਵਿਦਿਆਰਥੀਆਂ ਨੂੰ ਸਫਲਤਾ ਪ੍ਰਾਪਤ ਕਰਨ ਲਈ ਗ੍ਰੈਜੂਏਸ਼ਨ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਸਾਰੇ ਛੋਟੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਅੱਗੇ ਵੱਧਣ ਅਤੇ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਜੂਨੀਅਰਵਿੰਗ ਇੰਚਾਰਜ਼ ਸ਼੍ਰੀਮਤੀ ਭਾਰਤੀ ਕਵਾਤਰਾ ਨੇ ਵੀ ਸਮਾਗਮ ਵਿੱਚ ਸ਼ਾਮਲ ਹੋ ਕੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਵੰਨ-ਸਵੰਨੇ ਪਹਿਰਾਵੇ ਵਿੱਚ ਸੱਜੇ ਹੋਏ ਵਿਦਿਆਰਥੀ ਸਾਰਿਆਂ ਦੀ ਖਿੱਚ ਦਾ ਕੇਂਦਰ ਰਹੇ। ਵਿਦਿਆਰਥੀਆਂ ਨੇ ਆਪਣੀਆਂ ਵੱਖਰੀਆਂ-ਵੱਖਰੀਆਂ ਗਤੀਵਿਧੀਆਂ ਨਾਲ ਸਮਾਗਮ ਦੀ ਰੌਣਕ ਵਧਾਈ, ਜਿਸ ਦਾ ਸਾਰਿਆਂ ਨੇ ਖੂਬ ਆਨੰਦ ਮਾਣਿਆ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਹੋਈ।

