ਵਧੀਕ ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਅਤੇ ਸਾਂਭ-ਸੰਭਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ
ਰੂਪਨਗਰ, 12 ਅਪ੍ਰੈਲ: (ਮਧੂਸਾਰ ਬਿਊਰੋ) ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰਦਿਆਂ ਰੱਬੀ ਸੀਜ਼ਨ 2024-25 ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਸਾਂਭ-ਸੰਭਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰੱਬੀ ਸੀਜ਼ਨ 2024-25 ਦੌਰਾਨ ਰੂਪਨਗਰ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਹਰ ਇੱਕ ਮੰਡੀ ਵਿੱਚ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਮੰਡੀ ਵਿਚੋਂ ਚੁੱਕ ਕੇ ਭੰਡਾਰ ਕਰਨ ਵਾਲੀ ਥਾਂ ਤੇ ਸਟੋਰ ਕਰਨ ਲਈ ਸਰਕਾਰ ਵੱਲੋਂ ਲੇਬਰ, ਲੇਬਰ-ਕਾਰਟੇਜ, ਟਰਾਂਸਪੋਰਟੇਸ਼ਨ ਦੇ ਟੈਂਡਰ ਪਹਿਲਾਂ ਹੀ ਵਿਵਸਥਿਤ ਕੀਤੇ ਜਾ ਚੁੱਕੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੀਜ਼ਨ ਦੌਰਾਨ ਬਾਹਰਲੇ ਰਾਜਾਂ ਤੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਮ.ਐਸ.ਪੀ. ਤੇ ਕਣਕ ਵੇਚਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਟਰ-ਸਟੇਟ ਨਾਕੇ ਅਤੇ ਫਲਾਇੰਗ ਸਕੁਐਡ ਰਾਹੀਂ ਵਾਹਨਾ ਦੀ ਚੈਕਿੰਗ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਰੂਪਨਗਰ ਸਤਬੀਰ ਸਿੰਘ, ਐਸ.ਪੀ. ਸ. ਨਵਨੀਤ ਸਿੰਘ ਮਾਹਲ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸ. ਰਾਜਪਾਲ ਸਿੰਘ ਸੇਖੋਂ, ਜ਼ਿਲ੍ਹਾ ਮੰਡੀ ਅਫ਼ਸਰ ਸ. ਦਵਿੰਦਰ ਸਿੰਘ ਕੈਂਥ, ਡੀ.ਐਫ.ਐਸ.ਓ. ਸ੍ਰੀ ਅਨੰਦਪੁਰ ਸਾਹਿਬ ਸ. ਪਰਵੇਜ਼ ਸਿੰਘ, ਡੀ.ਐਫ.ਐਸ.ਓ. ਸ੍ਰੀ ਚਮਕੌਰ ਸਾਹਿਬ ਸ. ਸੁਖਦੇਵ ਸਿੰਘ, ਖ਼ੇਤੀਬਾੜੀ ਵਿਭਾਗ ਤੋਂ ਡਾ. ਪੰਕਜ ਸਿੰਘ, ਜ਼ਿਲ੍ਹਾ ਫੂਡ ਸਪਲਾਈ ਵਿਭਾਗ ਤੋਂ ਸ਼੍ਰੀਮਤੀ ਮਮਤਾ ਗਰਗ, ਜ਼ਿਲ੍ਹਾ ਮੈਨੇਜਰ ਮਾਰਕਫੈੱਡ ਸ. ਬਲਜਿੰਦਰ ਸਿੰਘ ਕਾਹਲੋਂ, ਜ਼ਿਲ੍ਹਾ ਮੈਨੇਜਰ ਪਨਸਪ ਸ. ਪਰਮਿੰਦਰ ਸਿੰਘ ਬੋਪਾਰਾਏ, ਜ਼ਿਲ੍ਹਾ ਮੈਨੇਜਰ ਪੰਜਾਬ ਵੇਅਰ ਹਾਊਸ ਸ ਹਰਬਰਿੰਦਰ ਸਿੰਘ ਔਲਖ ਅਤੇ ਮੈਨੇਜਰ ਮੂਵਮੈਂਟ ਐਫ.ਸੀ.ਆਈ. ਸ਼੍ਰੀ ਰਮੇਸ਼ ਕੁਮਾਰ, ਆਬਕਾਰੀ ਇੰਸਪੈਕਟਰ ਸ. ਜੋਰਾਵਰ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਹੋਏ।

