ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੂੰ ਸਲਾਹਕਾਰ ਨਿਯੁਕਤ ਕੀਤਾ।
ਅੰਮ੍ਰਿਤਸਰ 3 ਮਈ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਅਤੇ ਅਮਰੀਕਾ ’ਚ ਭਾਰਤ ਦੇ ਰਾਜਦੂਤ ਰਹੇ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਭਾਜਪਾ ਲੋਕ ਸਭਾ ਅੰਮ੍ਰਿਤਸਰ ਦੇ ਕੋ ਕਨਵੀਨਰ ਗੁਰਪ੍ਰਤਾਪ ਸਿੰਘ ਟਿੱਕਾ ਨੂੰ ਆਪਣਾ ਵਿਸ਼ੇਸ਼ ਸਲਾਹਕਾਰ ਅਤੇ ਭਾਜਪਾ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੂੰ ਆਪਣਾ ਨਿੱਜੀ ਸਲਾਹਕਾਰ ਤੇ ਮੀਡੀਆ ਇੰਚਾਰਜ ਨਿਯੁਕਤ ਕੀਤਾ ਹੈ। ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਇਸ ਅਹਿਮ ਨਿਯੁਕਤੀਆਂ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਇਨ੍ਹਾਂ ਜ਼ਿੰਮੇਵਾਰੀਆਂ ਨੂੰ ਪਹਿਲਾਂ ਨਾਲੋਂ ਵੀ ਵੱਧ ਸੰਜੀਦਗੀ ਨਾਲ ਨਿਭਾਉਣਗੇ। ਗੁਰਪ੍ਰਤਾਪ ਸਿੰਘ ਟਿਕਾ ਅਜ਼ਾਦੀ ਘੁਲਾਟੀਏ ਭਾਈ ਬਾਬਾ ਮਹਾਰਾਜ ਸਿੰਘ ਜੀ ਦੇ ਪੰਜਵੀਂ ਪੀੜੀ ਦੇ ਵਾਰਸ ਹਨ।
ਉਹ ਅਕਾਲੀ ਦਲ ਅਤੇ ਯੂਥ ਅਕਾਲੀ ਦਲ ’ਚ ਲੰਮਾ ਸਮਾਂ ਜ਼ਿਲ੍ਹਾ ਪ੍ਰਧਾਨ ਰਹੇ ਹਨ। ਉਹ ਕੌਂਸਲਰ ਅਤੇ ਪੰਜਾਬ ਐਗਰੋ ਇੰਡਸਟਰੀ ਦੇ ਉਪ ਚੇਅਰਮੈਨ ਵੀ ਰਹੇ। 2017 ’ਚ ਉਨ੍ਹਾਂ ਵਿਧਾਨ ਸਭਾ ਦੀ ਚੋਣ ਵੀ ਲੜੀ। ਸੰਧੂ ਸਮੁੰਦਰੀ ਦੇ ਨਿੱਜੀ ਸਲਾਹਕਾਰ ਤੇ ਮੀਡੀਆ ਇੰਚਾਰਜ ਨਿਯੁਕਤ ਕੀਤੇ ਗਏ ਪ੍ਰੋ. ਸਰਚਾਂਦ ਸਿੰਘ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਸਿੱਖ ਕੌਮ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ ਦੇ ਮੀਡੀਆ ਬੁਲਾਰੇ ਰਹੇ ਹਨ। ਉਨ੍ਹਾਂ ਅਕਾਲੀ ਦਲ ਵਿਚ ਵੀ ਲੰਮਾ ਸਮਾਂ ਕੰਮ ਕਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਏ ਹਨ। ਇਸ ਮੌਕੇ ਸਰਗਰਮ ਸਿਆਸਤ ਵਿਚ ਕਈ ਅਹਿਮ ਪੜਾਵਾਂ ਵਿਚੋਂ ਲੰਘ ਚੁੱਕੇ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਪ੍ਰੋ. ਸਰਚਾਂਦ ਸਿੰਘ ਨੇ ਨਵੀਂ ਨਿਯੁਕਤੀ ਲਈ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਦਾ ਧੰਨਵਾਦ ਕੀਤਾ ਅਤੇ ਸਾਂਝੇ ਤੌਰ ’ਤੇ ਕਿਹਾ ਕਿ ਉਹ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ।

