ਡੇਢ ਲੱਖ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤੇ ਗੁਰਮੀਤ ਸਿੰਘ ਮੀਤ ਹੇਅਰ
ਸੰਗਰੂਰ (ਮਧੂਸਾਰ ਬਿਊਰੋ) ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਦਾ ਐਲਾਨ ਹੋਣਾ ਸ਼ੁਰੂ ਹੋ ਗਿਆ ਹੈ। ਪੰਜਾਬ ‘ਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਆਪਣੀ ‘ਸਿਆਸੀ ਰਾਜਧਾਨੀ’ ਸੰਗਰੂਰ ਦੀ ਸੀਟ ‘ਤੇ ਮੁੜ ਕਬਜ਼ਾ ਕਰ ਲਿਆ ਹੈ। ਆਮ ਆਦਮੀ ਪਾਰਟੀ ਨੇ ਇਸੇ ਸੀਟ ਤੋਂ ਪੰਜਾਬ ਵਿਚ ਪੈਰ ਜਮਾਏ ਸਨ। ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਆਸੀ ਸਫ਼ਰ ਦੀ ਸ਼ੁਰੂਆਤ ਵਿਚ ਇਸੇ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਉਹ 2014 ਅਤੇ 2019 ਵਿਚ ਇੱਥੋਂ ਸੰਸਦ ਮੈਂਬਰ ਚੁਣੇ ਗਏ ਸਨ। ਹਾਲਾਂਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਕਾਰਨ ਉਨ੍ਹਾਂ ਨੂੰ ਇਸ ਸੀਟ ਤੋਂ ਅਸਤੀਫ਼ਾ ਦੇਣਾ ਪਿਆ ਸੀ, ਜਿਸ ਮਗਰੋਂ ਹੋਈਆਂ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 2022 ਵਿਚ ਹੋਈਆਂ ਇਨ੍ਹਾਂ ਜ਼ਿਮਨੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਇੱਥੋਂ ਜੇਤੂ ਰਹੇ ਸਨ।
ਇਹ ਸੀਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ-ਨਾਲ ਸਮੁੱਚੀ ਆਮ ਆਦਮੀ ਪਾਰਟੀ ਲਈ ਮੁੱਛ ਦਾ ਸਵਾਲ ਬਣੀ ਹੋਈ ਸੀ। ਇਹੀ ਵਜ੍ਹਾ ਹੈ ਕਿ ਇੱਥੇ CM ਮਾਨ ਤੇ ਹੋਰ ਲੀਡਰਾਂ ਦੇ ਨਾਲ-ਨਾਲ ਮੁੱਖ ਮੰਤਰੀ ਦੇ ਮਾਤਾ ਅਤੇ ਪਤਨੀ ਵੱਲੋਂ ਵੀ ਚੋਣ ਪ੍ਰਚਾਰ ਕੀਤਾ ਗਿਆ ਸੀ। ਉੱਥੇ ਹੀ ਵਿਰੋਧੀਆਂ ਵੱਲੋਂ ਵੀ ਇਸ ਸੀਟ ‘ਤੇ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਗਿਆ ਸੀ। ਕਾਂਗਰਸ ਪਾਰਟੀ ਨੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇੱਥੋਂ ਚੋਣ ਲੜਵਾਉਣ ਦਾ ਫ਼ੈਸਲਾ ਲਿਆ ਸੀ, ਪਰ ਉਹ ਵੀ ਵੋਟਾਂ ਦੇ ਮਾਮਲੇ ਵਿਚ ਗੁਰਮੀਤ ਸਿੰਘ ਮੀਤ ਹੇਅਰ ਤੋਂ ਕਾਫ਼ੀ ਪਿੱਛੇ ਰਹਿ ਗਏ।

