ਕੋਮ਼ਾਤ੍ਰੀਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਅਮਿਤ ਸ਼ਾਹ ਨੇ NIA ਨੂੰ ਸੌਂਪੀ ਰਿਆਸੀ ਅੱਤਵਾਦੀ ਹਮਲੇ ਦੀ ਜਾਂਚ, ਹੋ ਸਕਦੈ ਵੱਡਾ ਖ਼ੁਲਾਸਾ

ਜੰਮੂ – (ਮਧੂਸਾਰ ਬਿਊਰੋ) ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਪਿਛਲੇ ਹਫ਼ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਸੌਂਪ ਦਿੱਤੀ ਹੈ। 9 ਜੂਨ ਨੂੰ ਜੰਮੂ ਖੇਤਰ ਦੇ ਰਿਆਸੀ ਜ਼ਿਲ੍ਹੇ ‘ਚ ਅੱਤਵਾਦੀਆਂ ਨੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ ‘ਤੇ ਹਮਲਾ ਕੀਤਾ ਸੀ, ਜਿਸ ਕਾਰਨ ਬੱਸ ਡੂੰਘੀ ਖੱਡ ‘ਚ ਪਲਟ ਗਈ ਸੀ। ਇਸ ਘਟਨਾ ‘ਚ 10 ਲੋਕਾਂ ਦੀ ਮੌਤ ਹੋ ਗਈ ਅਤੇ 30 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ। ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਰਿਆਸੀ ‘ਚ ਹੋਏ ਅੱਤਵਾਦੀ ਹਮਲੇ ਦੀ ਜਾਂਚ NIA ਨੂੰ ਸੌਂਪ ਦਿੱਤੀ ਗਈ ਹੈ। ਸੂਤਰਾਂ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਐੱਨਆਈਏ ਨੂੰ ਸੌਂਪਣ ਦਾ ਫ਼ੈਸਲਾ 15 ਜੂਨ ਨੂੰ ਨਵੀਂ ਦਿੱਲੀ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਿਚ ਹੋਈ ਇਕ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਲਿਆ ਗਿਆ ਸੀ। ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿਚ ਅਗਾਮੀ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਐਤਵਾਰ ਨੂੰ ਦਿੱਲੀ ਵਿੱਚ ਇੱਕ ਉੱਚ-ਪੱਧਰੀ ਮੀਟਿੰਗ ਬੁਲਾਈ ਸੀ, ਜਿਸ ਵਿੱਚ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਸਮੇਤ ਵੱਖ-ਵੱਖ ਸੁਰੱਖਿਆ ਏਜੰਸੀਆਂ ਦੇ ਉੱਚ ਅਧਿਕਾਰੀਆਂ ਨੇ ਸ਼ਿਰਕਤ ਕੀਤੀ ਸੀ।

ਸੂਤਰਾਂ ਨੇ ਦੱਸਿਆ ਕਿ ਐੱਨਆਈਏ ਨੇ ਹਮਲੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਵੱਡਾ ਖ਼ੁਲਾਸਾ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਕਿਹਾ ਕਿ ਐੱਨਆਈਏ ਨੇ ਜੰਮੂ-ਕਸ਼ਮੀਰ ਪੁਲਸ ਤੋਂ ਜਾਂਚ ਦਾ ਕੰਮ ਆਪਣੇ ਹੱਥਾਂ ਵਿਚ ਲੈ ਲਿਆ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਮਾਮਲੇ ਦੀ ਐੱਫਆਈਆਰ ਦਰਜ ਕੀਤੀ ਗਈ। ਜੰਮੂ-ਕਸ਼ਮੀਰ ਪੁਲਸ ਨੇ ਰਿਆਸੀ ਹਮਲੇ ਵਿੱਚ ਸ਼ਾਮਲ ਅੱਤਵਾਦੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 20 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਪੁਲਸ ਨੇ ਇਸ ਸਬੰਧ ਵਿੱਚ ਚਾਰ ਸ਼ੱਕੀ ਅੱਤਵਾਦੀਆਂ ਦੇ ਸਕੈਚ ਵੀ ਜਾਰੀ ਕੀਤੇ ਹਨ। ਰਿਆਸੀ ਹਮਲੇ ‘ਚ ਹਲਾਕ ਲੋਕ ਕਟੜਾ ਦੇ ਸ਼ਿਵ ਖੋਰੀ ਮੰਦਰ ਤੋਂ ਮਾਤਾ ਵੈਸ਼ਨੋ ਦੇਵੀ ਮੰਦਰ ਤੱਕ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਪੌਣੀ ਇਲਾਕੇ ਦੇ ਪਿੰਡ ਤਰਿਆਠ ਨੇੜੇ ਹਮਲਾ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਪੁਲਸ ਨੇ 20 ਤੋਂ ਵੱਧ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।

Leave a Reply

Your email address will not be published. Required fields are marked *