ਐਸ.ਡੀ.ਐਮ. ਰੂਪਨਗਰ ਨੇ ਪਿੰਡਾਂ ‘ਚ ਚੱਲ ਰਹੇ ਹੜ੍ਹ ਰੋਕੂ ਕੰਮਾਂ ਦਾ ਲਿਆ ਜਾਇਜ਼ਾ
ਨਗਰ ਕੌਂਸਿਲ ਦੇ ਅਧਿਕਾਰੀਆਂ ਨਾਲ ਸ਼ਹਿਰ ਦਾ ਕੀਤਾ ਦੌਰਾ
ਰੂਪਨਗਰ, 2 ਜੁਲਾਈ (ਮਧੂਸਾਰ ਬਿਊਰੋ) : ਅਗਾਮੀ ਮੌਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਰੂਪਨਗਰ ਨੂੰ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲੇ ਨਿਰੰਤਰ ਜਾਰੀ ਹਨ। ਐਸ.ਡੀ.ਐਮ. ਰੂਪਨਗਰ ਸ਼੍ਰੀ ਨਵਦੀਪ ਕੁਮਾਰ ਵੱਲੋਂ ਅੱਜ ਬਲਾਕ ਰੂਪਨਗਰ ਦੇ ਪਿੰਡ ਚੱਕ ਢੇਰਾ, ਪਲੱਸ ਅਤੇ ਲਾਡਲ ਡਰੇਨ ਤੇ ਹੋਰ ਥਾਵਾਂ ਤੇ ਚੱਲ ਰਹੇ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਗੱਲਬਾਤ ਕਰਦਿਆਂ ਐਸ.ਡੀ.ਐਮ. ਰੂਪਨਗਰ ਸ਼੍ਰੀ ਨਵਦੀਪ ਕੁਮਾਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜਿਲ੍ਹਾ ਰੂਪਨਗਰ ਦੇ ਉਪ ਮੰਡਲ ਮੈਜਿਸਟਰੇਟਾਂ ਤੇ ਹੋਰ ਉੱਚ ਅਧਿਕਾਰੀਆਂ ਨੂੰ ਪ੍ਰਭਾਵਿਤ ਹੋਣ ਵਾਲੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦੇ ਲਗਾਤਾਰ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਗਏ ਤਾਂ ਜੋ ਬਰਸਾਤੀ ਸੀਜਨ ਦੌਰਾਨ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ।
ਉਨ੍ਹਾਂ ਕਿਹਾ ਕਿ ਬਲਾਕ ਵਿੱਚ ਪੈਂਦੀਆਂ ਡਰੇਨਾਂ, ਚੋਏ, ਖੱਡਾਂ, ਚੈੱਕ ਡੈਮ ਦੇ ਬੰਨ੍ਹਾਂ ਦੀ ਸਫਾਈ ਲਗਾਤਾਰ ਕਰਵਾਈ ਜਾ ਰਹੀ ਹੈ ਤਾਂ ਜੋ ਬਰਸਾਤ ਦੇ ਦਿਨਾਂ ਵਿੱਚ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਉਪਰੰਤ ਐਸ ਡੀ ਐਮ ਵੱਲੋਂ ਨਗਰ ਕੌਂਸਿਲ ਦੇ ਅਧਿਕਾਰੀਆਂ ਨਾਲ ਸ਼ਹਿਰ ਦਾ ਦੌਰਾ ਕੀਤਾ ਗਿਆ ਅਤੇ ਵਰਖਾ ਦੇ ਪਾਣੀ ਦੀ ਨਿਕਾਸੀ ਲਈ ਚਲਾਈ ਗਈ ਸਫ਼ਾਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਿਦਾਇਤ ਕੀਤੀ ਗਈ।

