ਪੰਜਾਬ

ਵਿਦੇਸ਼ਾਂ ਦੀਆਂ ਸਰਕਾਰਾਂ ਤੇ ਅੰਬੈਸੀਆਂ ਨੂੰ ਸਿੱਖਾਂ ਦੀ ਪਹਿਚਾਣ ਸਬੰਧੀ ਬਰੋਸ਼ਰ ਭੇਜਿਆ ਜਾਵੇਗਾ : ਜਥੇ.ਅਵਤਾਰ ਸਿੰਘ

ਇੰਟਰਨੈਸ਼ਨਲ ਏਅਰਪੋਰਟ ਤੇ ਪੰਜਾਬ ਦੇ ਡੋਮੈਸਟਿਕ ਹਵਾਈ ਅੱਡਿਆਂ ‘ਤੇ ਸਰਕਾਰਾਂ ਨਾਲ ਰਾਫ਼ਤਾ ਕਾਇਮ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾਈ ਜਾਵੇਗੀ
ਅੰਮ੍ਰਿਤਸਰ 12 ਅਗਸਤ (ਮਧੂਸਾਰ ਬਿਊਰੋ)
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਘਰ ਵਿਖੇ ਹੋਈ।ਜਿਸ ਵਿੱਚ ਅਮਲਾ ਵਿਭਾਗ, ਟਰੱਸਟ ਵਿਭਾਗ, ਵਿਦਿਅਕ ਅਦਾਰੇ ਅਤੇ ਸੈਕਸ਼ਨ 85 ਤੇ 87 ਦੇ ਗੁਰਦੁਆਰਾ ਸਾਹਿਬਾਨ ਦੇ ਕੇਸਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਕੱਤਰਤਾ ਦੀ ਆਰੰਭਤਾ ਮੂਲ ਮੰਤਰ ਦੇ ਜਾਪ ਕਰਕੇ ਕੀਤੀ ਗਈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਕੈਲੀਫੋਰਨੀਆਂ ਦੇ ਯੂਨੀਅਨ ਸਿਟੀ ਵਿੱਚ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੀ ਪਾਵਨ ਬਾਣੀ ਦਾ ਗੁਟਕਾ ਸਾਹਿਬ ਪਾੜ ਕੇ ਸੁੱਟਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਨਿਖੇਧੀ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀ ਮਤੀ ਸੁਸ਼ਮਾ ਸਵਰਾਜ ਨੂੰ ਕੈਲੀਫੋਰਨੀਆਂ ਸਰਕਾਰ ਨਾਲ ਰਾਫ਼ਤਾ ਕਾਇਮ ਕਰਕੇ ਜਿਸ ਵੀ ਕਿਸੇ ਵਿਅਕਤੀ ਨੇ ਇਸ ਸ਼ਰਮਨਾਕ ਘਟਨਾ ਨੂੰ ਅੰਜ਼ਾਮ ਦਿੱਤਾ ਹੈ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਜ਼ਾ ਦਿਵਾਉਣ ਲਈ ਅਪੀਲ ਕੀਤੀ ਗਈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਇਕ ਬਰੋਸ਼ਰ ਤਿਆਰ ਕੀਤਾ ਜਾਵੇਗਾ ਜਿਸ ਵਿੱਚ ਸਿੱਖਾਂ ਦੀ ਪਹਿਚਾਣ, ਮਰਿਯਾਦਾ ਅਤੇ ਪ੍ਰੰਪਰਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਇਹ ਬਰੋਸ਼ਰ ਵਿਦੇਸ਼ਾਂ ਦੀਆਂ ਸਰਕਾਰਾਂ ਤੇ ਅੰਬੈਸੀਆਂ ਨੂੰ ਭੇਜਿਆ ਜਾਵੇਗਾ ਤਾਂ ਜੋ ਉਥੋਂ ਦੇ ਬਸ਼ਿੰਦਿਆਂ ਨੂੰ ਸਿੱਖਾਂ ਬਾਰੇ ਸਹੀ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ।ਉਨ੍ਹਾਂ ਕਿਹਾ ਕਿ ਜਦ ਵੀ ਕੋਈ ਸਿੱਖ ਅਮਰੀਕਾ ਜਾਂਦਾ ਹੈ ਜੇਕਰ ਉਸ ਦੇ ਪਾਸਪੋਰਟ ਉਪਰ ਪਾਕਿਸਤਾਨ ਦਾ ਵੀਜ਼ਾ ਲੱਗਾ ਹੁੰਦਾ ਹੈ ਤਾਂ ਉਸ ਨੂੰ ਅਮਰੀਕਾ ਦਾ ਇਮੀਗ੍ਰੇਸ਼ਨ ਵਿਭਾਗ ਪ੍ਰੇਸ਼ਾਨ ਕਰਦਾ ਹੈ ਅਤੇ ਸ਼ੱਕ ਦੀ ਨਜ਼ਰ ਨਾਲ ਦੇਖਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਪੱਤਰ ਲਿਖ ਕੇ ਇਹ ਦੱਸਣ ਦਾ ਯਤਨ ਕੀਤਾ ਜਾਵੇਗਾ ਕਿ ਦੁਨੀਆਂ ਭਰ ਦੇ ਸਿੱਖ ਅਕਸਰ ਹੀ ਆਪਣੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਜਾਂਦੇ ਰਹਿੰਦੇ ਹਨ।ਇਸ ਕਰਕੇ ਅਮਰੀਕਾ ਦੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਿੱਖਾਂ ਨੂੰ ਉਨ੍ਹਾਂ ਦੇ ਪਾਸਪੋਰਟ ‘ਤੇ ਪਾਕਿਸਤਾਨ ਦਾ ਵੀਜ਼ਾ ਲੱਗਾ ਹੋਣ ਕਾਰਨ ਪ੍ਰੇਸ਼ਾਨ ਨਾ ਕੀਤਾ ਜਾਵੇ।ਉਨ੍ਹਾਂ ਰਾਏਕੋਟ ਤੋਂ ਚੱਲੀ ਜਗਰਾਓਂ ਰੋਡਵੇਜ ਦੀ ਬੱਸ ਵਿੱਚ ਕਿਸੇ ਵਿਅਕਤੀ ਵੱਲੋਂ ਗੁਰਬਾਣੀ ਦੇ ਗੁਟਕਾ ਸਾਹਿਬ ਦੇ ਪਤਰੇ ਪਾੜ ਕੇ ਸੁੱਟੇ ਜਾਣ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਅਟਾਰੀ ਰੇਲਵੇ ਸਟੇਸ਼ਨ, ਇੰਟਰਨੈਸ਼ਨਲ ਏਅਰਪੋਰਟ ਦਿੱਲੀ, ਚੰਡੀਗੜ੍ਹ, ਅੰਮ੍ਰਿਤਸਰ ਤੋਂ ਇਲਾਵਾ ਪੰਜਾਬ ਦੇ ਹੋਰ ਡੋਮੈਸਟਿਕ ਹਵਾਈ ਅੱਡਿਆਂ ‘ਤੇ ਉਥੋਂ ਦੀਆਂ ਸਰਕਾਰਾਂ ਨਾਲ ਰਾਫ਼ਤਾ ਕਾਇਮ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾਈ ਜਾਵੇਗੀ ਤਾਂ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਯਾਤਰੂਆਂ ਨੂੰ ਸਿੱਖੀ ਦੇ ਮੁਕੱਦਸ ਅਸਥਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਖੇ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨਾਂ ਨੂੰ ਜਾਣ ਵਾਲੀਆਂ ਸੰਗਤਾਂ ਦੀ ਸ਼ਰਧਾ ਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਪਾਕਿਸਤਾਨ ਸਰਕਾਰ ਤੇ ਅੰਬੈਂਸੀ ਨਾਲ ਰਾਫਤਾ ਕਾਇਮ ਕਰਕੇ ਵੱਧ ਤੋਂ ਵੱਧ ਵੀਜ਼ਿਆਂ ਦੀ ਪ੍ਰਵਾਨਗੀ ਲਈ ਅਪੀਲ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਭਾਰਤ ਦੇ ਵੱਖ-ਵੱਖ ਰਾਜਾਂ ਦੇ ਸ਼ਹਿਰਾਂ ਵਿੱਚ ਜਿੰਨੇ ਵੀ ਗੁਰਦੁਆਰਾ ਸਾਹਿਬਾਨ ਹਨ ਉਥੇ ਸਥਾਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਰਜਿਸਟਰੇਸ਼ਨ ਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਡਾਟਾ ਇੱਕਠਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਵਿਖੇ ਡਿਊਟੀ ਨਿਭਾਉਂਦੇ ਰਹੇ ਕਰਮਚਾਰੀ ਜੋ ਸਰਵਿਸ ਦੌਰਾਨ ਸਵਰਗਵਾਸ ਹੋ ਗਏ ਹਨ ਦੇ ਪੰਜ ਪਰਿਵਾਰਾਂ ਵੱਲੋਂ ਪੁੱਜੀ ਮੰਗ ਦੇ ਆਧਾਰ ਪੁਰ ਉਨ੍ਹਾਂ ਦੇ ਇਕ ਮੈਂਬਰ ਨੂੰ ਤਰਸ ਦੇ ਆਧਾਰ ਤੇ ਸਰਵਿਸ ਵਿਚ ਰੱਖਣ ਲਈ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਸਵ: ਸ਼ਿਵ ਸਿੰਘ ਖੁਸ਼ੀਪੁਰ ਤੇ ਜਥੇਦਾਰ ਅਮਰਜੀਤ ਸਿੰਘ ਭਾਟੀਆ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

Leave a Reply

Your email address will not be published. Required fields are marked *