ਡੇਅਰੀ ਵਿਕਾਸ ਵਿਭਾਗ ਨੇ ਪਿੰਡ ਨਨਹੇੜਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਪਟਿਆਲਾ, 3 ਦਸੰਬਰ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਦਲਬੀਰ ਕੁਮਾਰ ਦੀ ਅਗਵਾਈ ਵਿੱਚ ਵਿਭਾਗ ਵੱਲੋਂ ਪਿੰਡ ਨਨਹੇੜਾ ਬਲਾਕ ਪਾਤੜਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਹਾਜ਼ਰੀਨ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਜਿਸ ਵਿੱਚ ਦੋ ਹਫ਼ਤੇ ਤੇ ਚਾਰ ਹਫ਼ਤੇ ਦਾ ਸਿਖਲਾਈ ਕੋਰਸ ਅਤੇ 2 ਤੋਂ 20 ਪਸੂਆਂ ਤੱਕ ਡੀ.ਡੀ.-8 ਕਰਜ਼ਾ ਸਕੀਮ ਤਹਿਤ ਦਿੱਤੀ ਜਾਂਦੀ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ। ਇਸ ਦੇ ਨਾਲ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਗਿਆ। ਮਿਲਕਫੈੱਡ ਦੇ ਖਰੀਦ ਮੈਨੇਜਰ (ਸੇਵਾਮੁਕਤ) ਗੁਰਮੇਲ ਸਿੰਘ ਰਠੌਰ ਵੱਲੋਂ ਦੁੱਧ ਦੀ ਫੈਟ, ਐਸ.ਐਨ.ਐਫ ਦੇ ਘਟਣ ਤੇ ਵਧਣ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ ਅਤੇ ਇਸ ਤੋਂ ਇਲਾਵਾ ਦੁੱਧ ਤੋਂ ਪਦਾਰਥ ਬਣਾਉਣ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ।
ਡੇਅਰੀ ਵਿਕਾਸ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਐਨ.ਐਲ.ਐਮ ਪਸ਼ੂ ਬੀਮਾ ਸਕੀਮ, ਐਨ.ਐਲ.ਐਮ ਫੀਡ ਅਤੇ ਫੌਡਰ ਸਕੀਮ ਅਤੇ ਸਾਰਾ ਸਾਲ ਹਰੇ ਚਾਰੇ ਦੀ ਵਿਉਂਤਬੰਦੀ ਬਾਰੇ ਜਾਣਕਾਰੀ ਦਿੱਤੀ। ਵੈਟਰਨਰੀ ਇੰਸਪੈਕਟਰ (ਸੇਵਾਮੁਕਤ) ਡਾ. ਮੋਹਨ ਸ਼ਰਮਾ ਨੇ ਪਸ਼ੂਆਂ ਦੀ ਬਿਮਾਰੀਆਂ ਦੀ ਰੋਕਥਾਮ ਅਤੇ ਕੱਟੀਆਂ ਵੱਛੀਆਂ ਦੀ ਸਾਂਭ ਸੰਭਾਲ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ। ਡੇਅਰੀ ਵਿਕਾਸ ਇੰਸਪੈਕਟਰ ਲਖਮੀਰ ਸਿੰਘ ਵੱਲੋਂ ਸਾਫ਼ ਦੁੱਧ ਦੀ ਪੈਦਾਵਾਰ ਅਤੇ ਕੈਟਲਸ਼ੈੱਡ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਦੋ ਹਫ਼ਤੇ ਦਾ ਸਿਖਲਾਈ ਕੋਰਸ ਮਿਤੀ 30 ਦਸੰਬਰ ਤੋਂ ਚਲਾਇਆ ਜਾਵੇਗਾ। ਇਸ ਸਬੰਧੀ ਚਾਹਵਾਨ ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਖੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਪਿੰਡ ਨਨਹੇੜਾ ਦੇ ਮੁਹਤਬਰ ਵਿਅਕਤੀਆਂ ਨੇ ਡੇਅਰੀ ਵਿਕਾਸ ਵਿਭਾਗ ਦੇ ਕੰਮਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਕੈਂਪ ਲੱਗਦੇ ਰਹਿਣੇ ਚਾਹੀਦੇ ਹਨ ਤਾਂ ਜੋ ਦੁੱਧ ਉਤਪਾਦਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲ ਸਕੇ।

