ਖਾਲਸਾ ਕਾਲਜ, ਪਟਿਆਲਾ ਵੱਲੋਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਖ਼ਾਲਸਾ ਕਾਲਜ, ਪਟਿਆਲਾ ਵਿਖੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ। ਅਤੇ ਗੁਰਦੁਆਰਾ ਸਾਹਿਬ ਵਿਖੇ ਚੌਪਈ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਰਬੱਤ ਦੇ ਭਲੇ ਲਈ ਕੀਰਤਨ ਅਤੇ ਅਰਦਾਸ ਕੀਤੀ ਗਈ।
ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੋਹ ਦਾ ਮਹੀਨਾ ਸਮੁੱਚੀ ਸਿੱਖ ਕੌਮ ਲਈ ਬਹੁਤ ਮਹੱਤਵ ਰੱਖਦਾ ਹੈ। ਇਸ ਮਹੀਨੇ ਦੌਰਾਨ ਹੋਈਆਂ ਸ਼ਹਾਦਤਾਂ ਵਿਸ਼ਵ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਨੌਜਵਾਨ ਸਾਹਿਬਜ਼ਾਦਿਆਂ ਦੀ ਕੁਰਬਾਨੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਾਡੀ ਸੱਚੀ ਸ਼ਰਧਾਂਜਲੀ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਇਲਾਹੀ ਬਾਣੀ ਦਾ ਜਾਪ ਕਰਨਾ ਅਤੇ ਆਪਣੇ ਬੱਚਿਆਂ ਅਤੇ ਵਿਦਿਆਰਥੀਆਂ ਨੂੰ ਇਨ੍ਹਾਂ ਸ਼ਹਾਦਤਾਂ ਦੇ ਇਤਿਹਾਸ ਤੋਂ ਜਾਣੂ ਕਰਵਾਉਣਾ ਹੈ। ਇਸ ਮੌਕੇ ਕਾਲਜ ਦੇ ਗੇਟ ‘ਤੇ ਰਾਹਗੀਰਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ, ਜਿਸ ਦੀ ਸੇਵਾ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਪੂਰੀ ਸ਼ਰਧਾ ਭਾਵਨਾ ਨਾਲ ਕੀਤੀ ਗਈ | ਇਸ ਮੌਕੇ ਕਾਲਜ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

