ਇੰਡੋਨੇਸ਼ੀਆ ਦੇ ਰਾਸ਼ਟਰਪਤੀ 26 ਜਨਵਰੀ ਨੂੰ 76ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਹੋਣਗੇ
ਨਵੀਂ ਦਿੱਲੀ 16 ਜਨਵਰੀ (ਮਧੂਸਾਰ ਬਿਊਰੋ) ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ 26 ਜਨਵਰੀ ਨੂੰ 76ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਹੋਣਗੇ। ਇੰਡੋਨੇਸ਼ੀਆਈ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ 25-26 ਜਨਵਰੀ ਨੂੰ ਭਾਰਤ ਦੇ ਸਰਕਾਰੀ ਦੌਰੇ ‘ਤੇ ਆਉਣਗੇ। ਵਿਦੇਸ਼ ਮੰਤਰਾਲਾ ਦੇ ਇੱਕ ਬਿਆਨ ਅਨੁਸਾਰ, ਅਕਤੂਬਰ 2024 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਰਾਸ਼ਟਰਪਤੀ ਪ੍ਰਬੋਵੋ ਦਾ ਰਾਸ਼ਟਰਪਤੀ ਦੇ ਤੌਰ ‘ਤੇ ਇਹ ਪਹਿਲਾ ਭਾਰਤ ਦੌਰਾ ਹੋਵੇਗਾ।
ਬਿਆਨ ਵਿੱਚ ਅੱਗੇ ਕਿਹਾ ਗਿਆ ਹੈ ਕਿ ਭਾਰਤ ਅਤੇ ਇੰਡੋਨੇਸ਼ੀਆ ਦਰਮਿਆਨ ਹਜ਼ਾਰਾਂ ਸਾਲਾਂ ਤੋਂ ਗਰਮਜੋਸ਼ੀ ਅਤੇ ਦੋਸਤਾਨਾ ਸਬੰਧ ਹਨ। ਇੱਕ ਵਿਆਪਕ ਰਣਨੀਤਕ ਭਾਈਵਾਲ ਦੇ ਰੂਪ ਵਿੱਚ ਇੰਡੋਨੇਸ਼ੀਆ, ਭਾਰਤ ਦੀ ਐਕਟ ਈਸਟ ਨੀਤੀ ਅਤੇ ਇੰਡੋ-ਪੈਸੀਫਿਕ ਦੇ ਸਾਡੇ ਦ੍ਰਿਸ਼ਟੀਕੋਣ ਵਿੱਚ ਇੱਕ ਮਹੱਤਵਪੂਰਨ ਥੰਮ੍ਹ ਹੈ। ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਰਾਸ਼ਟਰਪਤੀ ਪ੍ਰਬੋਵੋ ਦਾ ਸਰਕਾਰੀ ਦੌਰਾ ਦੋਹਾਂ ਨੇਤਾਵਾਂ ਨੂੰ ਦੁਵੱਲੇ ਸਬੰਧਾਂ ਦੀ ਵਿਆਪਕ ਸਮੀਖਿਆ ਕਰਨ ਦੇ ਨਾਲ-ਨਾਲ ਆਪਸੀ ਹਿੱਤ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਚਰਚਾ ਕਰਨ ਦਾ ਮੌਕਾ ਪ੍ਰਦਾਨ ਕਰੇਗਾ। ਇੰਡੋਨੇਸ਼ੀਆਈ ਨੇਤਾ ਦਾ ਇਹ ਦੌਰਾ ਮਹੱਤਵਪੂਰਨ ਹੋਵੇਗਾ, ਕਿਉਂਕਿ ਭਾਰਤ ਅਤੇ ਇੰਡੋਨੇਸ਼ੀਆ ਆਪਣੇ ਕੂਟਨੀਤਕ ਸਬੰਧਾਂ ਦੀ 75ਵੀ ਵਰ੍ਹੇਗੰਢ ਮਨਾ ਰਹੇ ਹਨ।

