ਅੰਮ੍ਰਿਤਸਰਦੇਸ਼-ਵਿਦੇਸ਼ਪੰਜਾਬ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

ਅੰਮ੍ਰਿਤਸਰ, 27 ਜਨਵਰੀ (ਮਧੂਸਾਰ ਬਿਊਰੋ) ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ।

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ’ਚ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕਿਹਾ ਕਿ ਅਸੀਂ ਉਨ੍ਹਾਂ ਸ਼ਹੀਦਾਂ ਦੇ ਵਾਰਸ ਹਾਂ, ਜਿਨ੍ਹਾਂ ਨੇ ਧਰਮ ਤੇ ਦ੍ਰਿੜਤਾ ਨਾਲ ਪਹਿਰਾ ਦਿੰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ। ਉਨ੍ਹਾਂ ਸੰਗਤਾਂ ਨੂੰ ਸ਼ਹੀਦਾਂ ਵੱਲੋਂ ਪਾਏ ਪੂਰਨਿਆਂ ’ਤੇ ਚਲਦੇ ਹੋਏ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਧਰਮ ਵਿੱਚ ਪ੍ਰਪੱਕ ਰਹਿਣ ਦੀ ਪ੍ਰੇਰਨਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਬਾਬਾ ਦੀਪ ਸਿੰਘ ਜੀ ਦੀਆਂ ਸੇਵਾਵਾਂ ਬਹੁਤ ਵੱਡੀਆਂ ਹਨ। ਬਾਬਾ ਜੀ ਨੇ ਆਪਣੇ ਹੱਥਾਂ ਨਾਲ ਗੁਰਬਾਣੀ ਨੂੰ ਲਿੱਖਣ ਦਾ ਕਾਰਜ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਲਿੱਖ ਕੇ ਤਖ਼ਤ ਸਾਹਿਬਾਨ ਤੇ ਪ੍ਰਕਾਸ਼ ਕਰਵਾਏ। ਉਨ੍ਹਾ ਕਿਹਾ ਕਿ ਬਾਬਾ ਜੀ ਦੀ ਸ਼ਹੀਦੀ ਦਾ ਇਤਿਹਾਸ ਵੀ ਲਾਸਾਨੀ ਹੈ। ਉਨ੍ਹਾਂ ਨੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਦਿਆਂ ਗੁਰਧਾਮਾਂ ਦੀ ਹੋ ਰਹੀ ਬੇਹੁਰਮਤੀ ਨੂੰ ਰੋਕਣ ਲਈ ਆਪਣੀ ਸ਼ਹਾਦਤ ਦਿੱਤੀ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨਾਂ ਤੋਂ ਸਜਾਏ ਗਏ ਗੁਰਮਤਿ ਸਮਾਗਮਾਂ ਅੰਦਰ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿਚ 215 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ।
ਸਮਾਗਮਾਂ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ, ਮੈਨੇਜਰ ਸ. ਹਰਪ੍ਰੀਤ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਜੁਗਰਾਜ ਸਿੰਘ, ਮੀਤ ਮੈਨੇਜਰ ਸ. ਜਸਬੀਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਸਤਵੰਤ ਸਿੰਘ, ਭਾਈ ਗੁਰਵਿੰਦਰ ਸਿੰਘ ਨੇ ਵੀ ਹਾਜ਼ਰੀ ਭਰੀ।

Leave a Reply

Your email address will not be published. Required fields are marked *