ਚੰਡੀਗੜ੍ਹਜਲੰਧਰਪੰਜਾਬ

ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਅੱਜ ਮਹੱਲਾ ਕੱਢਿਆ ਜਾਵੇਗਾ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਤਲਵੰਡੀ ਸਾਬੋ:- 13 ਅਪ੍ਰੈਲ (ਮਧੂਸਾਰ ਬਿਊਰੋ) ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਸੰਗਤਾਂ ਦੇ ਸਹਿਯੋਗ ਹੇਠ ਵਿਸਾਖੀ ਨੂੰ ਸਮਰਪਿਤ ਗੁ: ਬੇਰ ਸਾਹਿਬ ਦੇਗਸਰ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਜੋ ਪਰਸੋਂ ਰੋਜ਼ ਤੋਂ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਬਾਣੀ ਦਾ ਮਨੋਹਰ ਕੀਰਤਨ ਬਾਬਾ ਮੱਘਰ ਸਿੰਘ ਮੁਖ ਗ੍ਰੰਥੀ ਬੁੱਢਾ ਦਲ ਨੇ ਕੀਤਾ ਅਰਦਾਸ ਬਾਬਾ ਸੁਖਵਿੰਦਰ ਸਿੰਘ ਮੋਰ ਨੇ ਕੀਤੀ। ਇਸ ਉਪਰੰਤ ਮੌਕੇ ਤੇ ਗੱਲਬਾਤ ਕਰਦਿਆਂ ਬੁੱਢਾ ਦਲ ਮੁਖੀ ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਹੇ ਜੋੜ ਮੇਲੇ ਦੇ ਆਖਰੀ ਦਿਨ 14 ਅਪ੍ਰੈਲ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੂੰ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਪੁਰਾਤਨ ਇਤਿਹਾਸਕ ਨਿਸ਼ਾਨ, ਨਗਾਰਿਆਂ ਦੀ ਛਤਰ ਛਾਇਆ ਹੇਠ ਗੁਰੂ ਕਾਲ ਤੋਂ ਚੱਲੀ ਆਉਂਦੀ ਪੁਰਾਤਨ ਰਵਾਇਤ ਮੁਤਾਬਕ ਖਾਲਸਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ ਜਾਵੇਗਾ। ਮੁਹੱਲੇ ਦੀ ਸ਼ੁਰੂਆਤ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਸਾਹਿਬ ਪਾਤਸ਼ਾਹੀ 10ਵੀਂ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਸ੍ਰੀ ਦਸਮ ਗ੍ਰੰਥ ਜੀ ਅਤੇ ਸ੍ਰੀ ਸਰਬਲੋਹ ਗ੍ਰੰਥ ਜੀ ਦੇ ਪਾਠਾਂ ਦੇ ਭੋਗਾਂ ਉਪਰੰਤ ਹੋਵੇਗੀ। ਮਹੱਲੇ ਦੀ ਅਰੰਭਤਾ ਦੀ ਅਰਦਾਸ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਕੀਤੀ ਜਾਵੇਗੀ ਉਪਰੰਤ ਮਹੱਲੇ ਦੀ ਅਰੰਭਤਾ ਹੋਵੇਗੀ। ਉਕਤ ਮਹੱਲੇ ਵਿੱਚ ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਦਲ ਪੰਥ ਬਾਬਾ ਬਿਧੀਚੰਦ ਜੀ ਸੰਪਰਦਾਇ ਤਰਨਾ ਦਲ ਸੁਰਸਿੰਘ ਵਾਲੇ, ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਮਿਸਲ ਸ਼ਹੀਦ ਬਾਬਾ ਦੀਪ ਸਿੰਘ ਤਰਨਾਦਲ ਬਾਬਾ ਬਕਾਲਾ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਮੇਤ ਸਾਰੇ ਤਰਨਾ ਦਲਾਂ ਦੀਆਂ ਅਕਾਲੀ ਫੌਜਾਂ ਸਿੱਖ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜਿਆਂ, ਹਾਥੀਆਂ, ਊਠਾਂ ’ਤੇ ਸਵਾਰ ਹੋ ਕੇ ਸ਼ਾਮਲ ਹੋਣਗੀਆਂ। ਇਹ ਮਹੱਲਾ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ 10ਵੀਂ ਤੋਂ ਆਰੰਭ ਹੁੰਦਾ ਹੋਇਆ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋ ਕੇ, ਫਿਰ ਗੁਰਦੁਆਰਾ ਜੰਡਸਰ, ਗੁਰਦੁਆਰਾ ਮਹੱਲਸਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦੇ ਸਾਹਮਣੇ ਬੱਸ ਸਟੈਂਡ ਦੇ ਪਿਛੇ ਮੈਦਾਨ ਵਿੱਚ ਪੁਜੇਗਾ ਅਤੇ ਖੁਲੇ ਮੈਦਾਨ ਵਿੱਚ ਨਿਹੰਗ ਸਿੰਘ ਘੋੜ ਦੌੜਾਂ ਅਤੇ ਜੰਗਜੂ ਗੱਤਕੇ ਦੇ ਜੌਹਰ ਵਿਖਾਉਣਗੇ। ਬਾਬਾ ਬਲਬੀਰ ਸਿੰਘ ਨੇ ਸੰਗਤਾਂ ਨੂੰ ਮਹੱਲੇ ਮੌਕੇ ਵਧ ਚੜ ਕੇ ਪੁੱਜਣ ਦੀ ਅਪੀਲ ਕੀਤੀ। ਅੱਜ ਵਿਸਾਖੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਠ ਦੇ ਭੋਗ ਸਮੇਂ ਬਾਬਾ ਜੱਸਾ ਸਿੰਘ, ਬਾਬਾ ਇੰਦਰ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਰਣਜੋਧ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਭਾਈ ਮਾਨ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *