ਚੰਡੀਗੜ੍ਹਪੰਜਾਬ

ਭਾਖੜਾ ਡੈਮ ਵਿਖੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕਾਂਗਰਸ ਸਰਕਾਰ ਦਾ ਫੈਸਲਾ ਵਾਪਸ ਲਿਆ

ਪੰਜਾਬ ਸਰਕਾਰ ਅਗਾਮੀ ਵਿਧਾਨ ਸਭਾ ਇਜਲਾਸ ਵਿੱਚ ਮਤਾ ਲਿਆ ਕੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਦੇ ਕਦਮ ਦੀ ਜ਼ੋਰਦਾਰ ਮੁਖਲਾਫ਼ਤ ਕਰੇਗੀ
ਪ੍ਰਾਇਮਰੀ ਅਤੇ ਸੈਕੰਡਰੀ ਪੱਧਰ ‘ਤੇ ਸਪੈਸ਼ਲ ਐਜੂਕੇਟਰ ਟੀਚਰਾਂ ਦੀਆਂ 3600 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
ਚੰਡੀਗੜ੍ਹ, 7 ਜੁਲਾਈ (ਮਧੂਸਾਰ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ ਅੱਜ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਕਾਂਗਰਸ ਸਰਕਾਰ ਵੱਲੋਂ ਭਾਖੜਾ ਡੈਮ ‘ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.) ਤਾਇਨਾਤ ਕਰਨ ਦੇ ਫੈਸਲੇ ਨੂੰ ਵਾਪਸ ਲੈਣ ਦਾ ਫੈਸਲਾ ਲਿਆ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਮੰਤਰੀ ਮੰਡਲ ਨੇ ਇਸ ਗੱਲ ’ਤੇ ਦੁੱਖ ਪ੍ਰਗਟਾਇਆ ਕਿ ਤਤਕਾਲੀ ਕਾਂਗਰਸ ਸਰਕਾਰ ਨੇ 23 ਜੁਲਾਈ, 2021 ਨੂੰ ਆਪਣੇ ਫੈਸਲੇ ਰਾਹੀਂ ਭਾਖੜਾ ਡੈਮ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਲਈ ਆਪਹੁਦਰੇ ਢੰਗ ਨਾਲ ਪ੍ਰਵਾਨਗੀ ਦਿੱਤੀ ਸੀ। ਇਹ ਪੰਜਾਬ ਵਿਰੋਧੀ ਕਦਮ ਸੂਬੇ ਲਈ ਘੋਰ ਨਿਰਾਦਰ ਸੀ ਕਿਉਂਕਿ ਪੰਜਾਬ ਪੁਲਿਸ ਡੈਮਾਂ ਦੀ ਰਾਖੀ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਸੀ। ਅੱਜ ਮੰਤਰੀ ਮੰਡਲ ਨੇ ਸੂਬੇ ਦੇ ਵਡੇਰੇ ਹਿੱਤ ਵਿੱਚ ਇਸ ਫੈਸਲੇ ਨੂੰ ਵਾਪਸ ਲੈ ਲਿਆ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਭਾਖੜਾ ਡੈਮ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੇ ਕਦਮ ਦੀ ਸਖ਼ਤ ਮੁਖਾਲਫ਼ਤ ਕਰਨ ਲਈ ਮਤਾ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪਾਸ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਡੈਮ ਦੀ ਸੁਰੱਖਿਆ ਲਈ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਫੋਰਸ ਦੀ ਤਾਇਨਾਤੀ ਲਈ ਇਕ ਪੈਸਾ ਵੀ ਨਹੀਂ ਦੇਵੇਗੀ। ਮੀਟਿੰਗ ਦੌਰਾਨ ਇਹ ਨੁਕਤਾ ਵੀ ਵਿਚਾਰਿਆ ਗਿਆ ਕਿ ਕਾਂਗਰਸ ਸਰਕਾਰ ਨੇ ਫੋਰਸ ਤਾਇਨਾਤ ਕਰਨ ਲਈ ਸਹਿਮਤੀ ਦੇ ਕੇ ਸੂਬੇ ਦੇ ਹਿੱਤਾਂ ਨੂੰ ਖਤਰੇ ਵਿੱਚ ਪਾਇਆ ਹੈ ਜਦੋਂ ਕਿ ਪੰਜਾਬ ਪੁਲਿਸ ਕੋਲ ਸਰਹੱਦੀ ਸੂਬੇ ਦੀ ਰਾਖੀ ਕਰਨ ਦੀ ਸ਼ਾਨਦਾਰ ਵਿਰਾਸਤ ਹੈ। ਮੰਤਰੀ ਮੰਡਲ ਨੇ ਹੈਰਾਨੀ ਪ੍ਰਗਟ ਕੀਤੀ ਕਿ ਜਦੋਂ ਪੰਜਾਬ ਪੁਲਿਸ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਪੁਖਤਾ ਢੰਗ ਨਾਲ ਯਕੀਨੀ ਬਣਾ ਸਕਦੀ ਹੈ ਤਾਂ ਸੀ.ਆਈ.ਐਸ.ਐਫ. ਨੂੰ ਡੈਮਾਂ ਦੀ ਸੁਰੱਖਿਆ ਲਈ ਇਜਾਜ਼ਤ ਦੇਣ ਦੀ ਕੀ ਲੋੜ ਸੀ।
ਪੰਜਾਬ ਵਿੱਚ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਐਕਟ-2025 ਅਤੇ ਪੰਜਾਬ ਵਿੱਚ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਬੈਲ ਗੱਡੀ ਦੌੜ ਦਾ ਸੰਚਾਲਨ) ਨਿਯਮ-2025 ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ਪੰਜਾਬ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਐਕਟ-2025 ਅਤੇ ਪੰਜਾਬ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਬੈਲ ਗੱਡੀ ਦੌੜ ਦਾ ਸੰਚਾਲਨ) ਨਿਯਮ,-2025 ਨੂੰ ਵੀ ਹਰੀ ਝੰਡੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਬੈਲਗੱਡੀਆਂ ਦੀ ਦੌੜ ਕਿਲਾ ਰਾਏਪੁਰ ਵਿਖੇ ਪੇਂਡੂ ਖੇਡਾਂ ਦਾ ਅਨਿੱਖੜਵਾਂ ਅੰਗ ਸੀ ਪਰ ਇਸ ਨੂੰ ਕੁਝ ਕਾਰਨਾਂ ਕਰਕੇ ਕਈ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਵਿੱਚ ਜਾਨਵਰਾਂ ਦੀਆਂ ਖੇਡ ਗਤੀਵਿਧੀਆਂ ਨੂੰ ਨਿਯਮਤ ਕਰਨ ਲਈ, “ਪੰਜਾਬ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਕਿਲਾ ਰਾਏਪੁਰ ਪੇਂਡੂ ਖੇਡ ਸਮਾਗਮ ਅਤੇ ਮੇਲਾ) ਨਿਯਮ-2025” ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਨਿਯਮਾਂ ਦਾ ਮੁੱਖ ਉਦੇਸ਼ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜਾਨਵਰਾਂ ਲਈ ਸੁਰੱਖਿਆ ਵਿਵਸਥਾ ਹੈ, ਜਿਸ ਵਿੱਚ ਪਸ਼ੂਆਂ ਦੀ ਵੈਟਰਨਰੀ ਨਿਗਰਾਨੀ, ਸੁਰੱਖਿਆ ਮਾਪਦੰਡ, ਰਜਿਸਟ੍ਰੇਸ਼ਨ/ਦਸਤਾਵੇਜ਼ ਅਤੇ ਉਲੰਘਣਾ ਲਈ ਜੁਰਮਾਨਾ ਸ਼ਾਮਲ ਹੈ। ਇਹ ਫੈਸਲਾ ਪਿੰਡਾਂ ਵਿੱਚ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੀਆਂ ਦੇਸੀ ਪਸ਼ੂ ਨਸਲਾਂ ਨੂੰ ਬਚਾਉਣ ਵਿੱਚ ਵੀ ਮਦਦ ਕਰੇਗਾ।

Leave a Reply

Your email address will not be published. Required fields are marked *