ਅੰਮ੍ਰਿਤਸਰਚੰਡੀਗੜ੍ਹਜਲੰਧਰਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:

ਅਸਾਮ ਤੋ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਪਿੱਪਲੀਆ ਰਾਓ ਇੰਦੌਰ ਤੋਂ ਗੁਰਦੁਆਰਾ ਇਮਲੀ ਸਾਹਿਬ ਇੰਦੌਰ ਲਈ ਰਵਾਨਾ

ਅੰਮ੍ਰਿਤਸਰ, 15 ਅਕਤੂਬਰ-(ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਦਾਤਾ ਬੰਦੀ ਛੋੜ ਪਿੱਪਲੀਆ ਰਾਓ ਇੰਦੌਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਇਮਲੀ ਸਾਹਿਬ ਪਾਤਸ਼ਾਹੀ ਪਹਿਲੀ ਇੰਦੌਰ ਐਮ.ਪੀ. ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਕਰਦਿਆਂ ਸੰਗਤਾਂ ਨੂੰ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ।
ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਅਮਰਜੀਤ ਸਿੰਘ ਭਲਾਈਪੁਰ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਰਾਮ ਸਿੰਘ ਮੁੰਬਈ, ਇੰਚਾਰਜ ਸ. ਮਲਕੀਤ ਸਿੰਘ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਪ੍ਰਭਜੋਤ ਸਿੰਘ, ਸਿੱਖ ਮਿਸ਼ਨ ਦੇ ਇੰਚਾਰਜ ਭਾਈ ਪਰਮਜੀਤ ਸਿੰਘ, ਭਾਈ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *