ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ

ਨਵੀਂ ਦਿੱਲੀ 2 ਫਰਵਰੀ (ਮਧੂਸਾਰ ਬਿਊਰੋ) ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੱਜ ਜ਼ਮਾਨਤ ਦੇ ਦਿੱਤੀ। ਪੰਜਾਬ ਦੇ ਸਾਬਕਾ ਮੰਤਰੀ ਮਜੀਠੀਆ ਪਿਛਲੇ ਸੱਤ ਮਹੀਨਿਆਂ ਤੋਂ ਨਾਭਾ ਜੇਲ੍ਹ ਵਿੱਚ ਨਜ਼ਰਬੰਦ ਹਨ। ਦਰਅਸਲ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਜੀਠੀਆ ਦੇ ਹਾਲ ਹੀ ਵਿੱਚ ਕੀਤੇ ਦੌਰਿਆਂ ਤੋਂ ਬਾਅਦ ਹੀ ਇਹ ਫੈਸਲਾ ਆਇਆ ਹੈ।
ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਹੋਣ ਦੀ ਖਬਰ ਨਾਲ ਵੱਡੀ ਗਿਣਤੀ ’ਚ ਅਕਾਲੀ ਦਲ ਵਰਕਰ ਜੇਲ੍ਹ ਦੇ ਬਾਹਰ ਇਕੱਠੇ ਹੋ ਗਏ ਪਰ ਉਨ੍ਹਾਂ ਨੂੰ ਨਿਰਾਸ਼ ਮੁੜਨਾ ਪਿਆ। ਕਾਗਜ਼ੀ ਪ੍ਰਕਿਰਿਆ ਮੁਕੰਮਲ ਨਾ ਹੋਣ ਕਾਰਨ ਅੱਜ ਦੀ ਰਾਤ ਵੀ ਬਿਕਰਮ ਮਜੀਠੀਆ ਨੂੰ ਜੇਲ੍ਹ ਅੰਦਰ ਰਹਿਣਾ ਪਵੇਗਾ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਕੋਲ ਅਜੇ ਅਦਾਲਤ ਦੇ ਹੁਕਮ ਨਹੀਂ ਪਹੁੰਚੇ। ਇਸ ਵੇਲੇ ਮਜੀਠੀਆ ਦੀ ਰਿਹਾਈ ਨੂੰ ਪੰਜਾਬ ਦੇ ਰਾਜਨੀਤਕ ਹਲਕਿਆਂ ਵਿੱਚ ਅਹਿਮ ਪੱਖ ਤੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਅਗਲੇ ਸਾਲ ਸੂਬੇ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ।
ਜਸਟਿਸ ਵਿਕਰਮ ਨਾਥ ਦੀ ਅਗਵਾਈ ਵਾਲੇ ਅਦਾਲਤ ਦੇ ਬੈਂਚ ਨੇ ਪੰਜਾਬ ਸਰਕਾਰ ਦੇ ਵਕੀਲ ਨੂੰ ਪੁੱਛਿਆ, ‘ਤੁਸੀਂ ਉਸ ਨੂੰ ਜੇਲ੍ਹ ਅੰਦਰ ਕਿਉਂ ਰੱਖਣਾ ਚਾਹੁੰਦੇ ਹੋ।’ ਅਦਾਲਤ ਨੇ ਅੱਜ ਇਹ ਵੀ ਨੋਟਿਸ ਲਿਆ ਕਿ ਮਜੀਠਿਆ ਪਿਛਲੇ ਸੱਤ ਮਹੀਨਿਆਂ ਤੋਂ ਜੇਲ੍ਹ ਵਿੱਚ ਹੈ। ਸੁਪਰੀਮ ਕੋਰਟ ਵਲੋਂ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਮਜੀਠੀਆ ਦੀ ਪਟੀਸ਼ਨ ’ਤੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਪਹਿਲਾਂ ਨੋਟਿਸ ਜਾਰੀ ਕੀਤਾ ਗਿਆ ਸੀ। ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗਿ੍ਰਫ਼ਤਾਰ ਕੀਤਾ ਸੀ ਤੇ ਇਹ ਮਾਮਲਾ ਕਥਿਤ ਤੌਰ ’ਤੇ 540 ਕਰੋੜ ਰੁਪਏ ਦੀ ਜਾਇਦਾਦ ਨਾਲ ਸਬੰਧਤ ਹੈ।

Leave a Reply

Your email address will not be published. Required fields are marked *