ਪਟਿਆਲਾ

ਲੜਕੀਆਂ ਦੀ ਜਨਮ ਦਰ ਵਿੱਚ ਵਾਧੇ ਵਾਲੇ 9 ਪਿੰਡਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ

ਇਤਿਹਾਸਕ ਪਿੰਡ ਘੜਾਅ ਲੜਕੀਆਂ ਦੀ ਜਨਮ ਦਰ ਵਿੱਚ ਸਭ ਤੋਂ ਅੱਗੇ
1000 ਲੜਕਿਆਂ ਪਿੱਛੇ ਲੜਕੀਆਂ ਦੀ ਗਿਣਤੀ 1579
ਪਟਿਆਲਾ, 22 ਸਤੰਬਰ (ਮਧੂਸਾਰ ਬਿਊਰੋ)
ਪੰਜਾਬ ਸਰਕਾਰ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੇ ਬਹੁਤ ਹੀ ਸਾਰਥਿਕ ਸਿੱਟੇ ਸਾਹਮਣੇ ਆਉਣ ਲੱਗੇ ਹਨ।

ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਦੇ 9 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ ਜਿਹਨਾਂ ਵਿੱਚ ਲੜਕਿਆਂ ਦੇ ਮੁਕਾਬਲੇ ਲੜਕੀਆਂ ਦੀ ਜਨਮ ਦਰ ਵਿੱਚ ਵੱਡਾ ਸੁਧਾਰ ਵੇਖਣ ਨੂੰ ਮਿਲਿਆ ਹੈ।
ਜਾਣਕਾਰੀ ਦਿੰਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਿੰਘ ਨੇ ਦੱਸਿਆ ਕਿ ਪਟਿਆਲਾ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵੱਲੋਂ ਪਟਿਆਲਾ ਦੇ ਸਿਵਲ ਸਰਜਨ ਦਫ਼ਤਰ ਰਾਹੀਂ ਕਰਵਾਏ ਇੱਕ ਵਿਸ਼ੇਸ਼ ਸਰਵੇ ਤਹਿਤ ਪਟਿਆਲਾ ਜ਼ਿਲ੍ਹੇ ਦੇ 9 ਪਿੰਡਾਂ ਵਿੱਚ ਲੜਕੀਆਂ ਦੀ ਜਨਮ ਦਰ ਵਿੱਚ ਭਾਰੀ ਵਾਧਾ ਹੋਇਆ ਹੈ। ਇਹਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ 25000 ਰੁਪਏ ਪ੍ਰਤੀ ਪੰਚਾਇਤ ਅਤੇ ਇੱਕ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਘੜਾਮ ਵਿੱਚ ਲੜਕੀਆਂ ਦੀ ਜਨਮ ਦਰ ਸਭ ਤੋਂ ਵੱਧ ਪਾਈ ਗਈ ਹੈ। ਉਹਨਾਂ ਦੱਸਿਆ ਕਿ ਪਿੰਡ ਘੜਾਅ ਵਿੱਚ 1000 ਲੜਕਿਆਂ ਦੇ ਮੁਕਾਬਲੇ ਲੜਕੀਆਂ ਦੀ ਜਨਮ ਦਰ 1579 ਪਾਈ ਗਈ ਹੈ ਜੋ ਕਿ ਬਹੁਤ ਹੀ ਸ਼ੁਭ ਸੰਕੇਤ ਹੈ। ਸ਼੍ਰੀ ਰਾਮਵੀਰ ਸਿੰਘ ਨੇ ਦੱਸਿਆ ਕਿ ਹਾਲ ਦੀ ਘੜੀ ਸਿਹਤ ਵਿਭਾਗ ਦੇ 9 ਬਲਾਕਾਂ ਵਿੱਚੋਂ ਜਨਮਦਰ ਵਿੱਚ ਅੱਵਲ ਆਏ ਪਿੰਡਾਂ ਦੀ ਚੋਣ ਕਰਨ ਦਾ ਫੈਸਲਾ ਕੀਤਾ ਗਿਆ ਸੀ ਉਹਨਾਂ ਦੱਸਿਆ ਕਿ ਬਾਅਦ ਵਿੱਚ ਅਜਿਹੇ ਹੀ ਹੋਰ ਪਿੰਡਾਂ ਦੀ ਵੀ ਚੋਣ ਕਰਕੇ ਸਨਮਾਨਿਤ ਕੀਤਾ ਜਾਵੇਗਾ ਉਹਨਾ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਜਿਹੜੇ 9 ਪਿੰਡਾਂ ਵਿੱਚ ਲੜਕੀਆਂ ਦੀ ਜਨਮ ਦਰ ਵਿੱਚ ਭਾਰੀ ਵਾਧਾ ਹੋਇਆ ਹੈ ਉਹਨਾਂ ਵਿੱਚ ਘੜਾਮ (ਬਲਾਕ ਦੂਧਨਸਾਧਾਂ) ਤੋਂ ਇਲਾਵਾ ਕਪੂਰੀ (ਬਲਾਕ ਹਰਪਾਲਪੁਰ) ਵਿੱਚ 1000 ਲੜਕਿਆਂ ਪਿੱਛੇ ਲੜਕੀਆਂ ਦੀ ਗਿਣਤੀ 1361, ਪਿੰਡ ਚਿੜਵਾ (ਬਲਾਕ ਦੂਧਨਸਾਧਾ) ‘ਚ ਲੜਕੀਆਂ ਦੀ ਗਿਣਤੀ 1349, ਬਲਾਕ ਸ਼ੁਤਰਾਣਾ ਦੇ ਪਿੰਡ ਚੌਂਹਠ ਵਿੱਚ 1301, ਬਲਾਕ ਭਾਦਸੋਂ ਦੇ ਪਿੰਡ ਦਰਗਾਪੁਰ ਵਿੱਚ 1294, ਬਲਾਕ ਸ਼ੁਤਰਾਣਾ ਦੇ ਪਿੰਡ ਗਾਜੀਪੁਰ ਵਿੱਚ 1222, ਬਲਾਕ ਹਰਪਾਲਪੁਰ ਦੇ ਪਿੰਡ ਹਰੀ ਮਾਜਰਾ ਵਿੱਚ 1200 ਅਤੇ ਬਲਾਕ ਭਾਦਸੋਂ ਦੇ ਪਿੰਡ ਟੌਹੜਾ ਵਿੱਚ 1000 ਲੜਕਿਆਂ ਪਿੱਛੇ ਲੜਕੀਆਂ ਦੀ ਗਿਣਤੀ 1149 ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਛੇਤੀ ਹੀ ਇਹਨਾਂ 9 ਪੰਚਾਇਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

Leave a Reply

Your email address will not be published. Required fields are marked *