ਪਟਿਆਲਾ

ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ

ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੁਣਾਇਆ ਗੁਰੂ ਇਤਿਹਾਸ, 16 ਪ੍ਰਾਣੀਆਂ ਲਈ ਅੰਮ੍ਰਿਤ ਦੀ ਦਾਤ

ਗੁਰੂ ਸਾਹਿਬ ਜੀ ਦੀ ਜੀਵਨ ਵਿਚਾਰਧਾਰਾ ਦੀ ਧਾਰਨੀ ਹੋਵੇ ਸੰਗਤ : ਜਥੇਦਾਰ ਸੁਰਜੀਤ ਸਿੰਘ ਗੜ੍ਹੀ

ਪਟਿਆਲਾ 7 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਚੱਲੇ ਰਹੇ ਸਮਾਗਮਾਂ ਦੀ ਲੜੀ ’ਚ ਅੱਜ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹੈਡ ਗ੍ਰੰਥੀ ਅਕਾਲੀ ਫੂਲਾ ਸਿੰਘ ਨੇ ਮੁੱਖਵਾਕ ਲਿਆ ਅਤੇ ਭਾਈ ਹਰਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਮਤਿ ਸਮਾਗਮ ਦੌਰਾਨ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸੰਗਤਾਂ ਦੀ ਅਤੁੱਟ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਵਰਦੇ ਮੀਂਹ ਵਿਚ ਗੁਰੂ ਘਰ ਮੱਥਾ ਟੇਕ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ ਅਤੇ ਵੱਖ ਵੱਖ ਸਜਾਵਟੀ ਫੁੱਲਾਂ ਨਾਲ ਸਜਾਵਟ ਕੀਤੀ ਗਈ।
ਗੁਰਮਤਿ ਸਮਾਗਮ ਦੌਰਾਨ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਗਤਾਂ ਨੂੰ ਪ੍ਰਕਾਸ ਪੁਰਬ ਦੀ ਵਧਾਈ ਦਿੰਦਿਆਂ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣੇ ਜੀਵਨ ਵਿੱਚ ਵਿਲੱਖਣ ਕਾਰਜ ਕੀਤੇ ਅਤੇ ਗੁਰਬਾਣੀ ਦੀ ਰਚਨਾ ਕਰਕੇ ਸਚਿਆਰ ਮਨੁੱਖ ਬਣਾਉਣ ਵੱਲ ਵੱਡੇ ਉਪਰਾਲੇ ਕੀਤੇ। ਜਥੇਦਾਰ ਸੁਰਜੀਤ ਸਿੰਘ ਗੜੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਦੇ ਭਲੇ ਲਈ ਮਾਨਵੀ ਅਧਿਕਾਰ ਦੀ ਰਾਖੀ ਲਈ ਆਪਣਾ ਬਲਦਾਨ ਦਿੱਤਾ ਸਮੁੱਚੀ ਸ੍ਰਿਸ਼ਟੀ ਵਿੱਚ ਉਹਨਾਂ ਨੂੰ ਹਿੰਦ ਦੀ ਚਾਦਰ ਆਖ ਕੇ ਪੁਕਾਰਿਆ ਜਾਂਦਾ ਉਹਨਾਂ ਦੇ ਜੀਵਨ ਤੋਂ ਸੰਗਤਾਂ ਨੂੰ ਸੇਧ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸ ਮੌਕੇ ’ਤੇ ਸੰਗਤਾਂ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਆਪਣਾ ਆਪ ਗੁਰੂ ਸਾਹਿਬ ਨੂੰ ਸਮਰਪਿਤ ਕਰਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ’ਤੇ ਜ਼ੋਰ ਦਿੱਤਾ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਨੇ ਕਿਹਾ ਕਿ ਦੇਰ ਰਾਤ ਤੱਕ ਪ੍ਰਕਾਸ਼ ਦਿਹਾੜੇ ਮੌਕੇ ਮਹਾਨ ਗੁਰਮਤਿ ਸਮਾਗਮ ਦੇ ਨਾਲ ਸਮਾਪਤੀ ਹੋਵੇਗੀ ਅਤੇ ਸੰਗਤਾਂ ਗੁਰੂ ਸਾਹਿਬ ਦੀਆਂ ਖੁਸ਼ੀਆਂ ਹਾਸਲ ਕਰਨ ਲਈ ਸਮਾਗਮਾਂ ਵਿਚ ਹਾਜ਼ਰੀ ਭਰਨ। ਇਸ ਦੌਰਾਨ ਪ੍ਰਬੰਧਕਾਂ ਨੇ ਸਿੱਖ ਸਭਾਵਾਂ, ਸੁਸਾਇਟੀਆਂ ਦੇ ਅਹੁਦੇਦਾਰਾਂ ਅਤੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਭੇਂਟ ਕੀਤਾ। ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦਰ ਜਥੇ ਦੇ ਪ੍ਰਧਾਨ ਪ੍ਰੇਮ ਸਿੰਘ, ਸੁਰਿੰਦਰਪਾਲ ਸਿੰਘ ਚੱਢਾ, ਤਰਲੋਕ ਸਿੰਘ ਤੋਰਾ, ਮੀਤ ਮੈਨੇਜਰ ਜਸਵਿੰਦਰ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਬਾਬਾ ਕੁਲਦੀਪ ਸਿੰਘ, ਸੁਰਿੰਦਰ ਸਿੰਘ ਘੁਮਾਣਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਹੋਏ।

(ਡੱਬੀ)
ਅੰਮ੍ਰਿਤ ਸੰਚਾਰ ਦੌਰਾਨ 16 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ
ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਮੌਕੇ ਪੰਜ ਪਿਆਰਿਆਂ ਪਾਸੋਂ 16 ਦੇ ਕਰੀਬ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਹਾਸਲ ਕਰਨ ਵਾਲਿਆਂ ਨੂੰ ਹੈਡ ਗ੍ਰੰਥੀ ਅਕਾਲੀ ਫੂਲਾ ਸਿੰਘ ਨੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ। ਅੰਤ ਵਿਚ ਮੈਨੇਜਰ ਭਾਗ ਸਿੰਘ ਨੇ ਸਮਾਗਮ ਵਿਚ ਸ਼ਿਰਕਤ ਕਰਨ ਵਾਲਿਆਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *