ਪਟਿਆਲਾ

ਕਣਕ, ਦਾਲ, ਚੌਲ ਵਰਗੀਆਂ ਜ਼ਰੂਰੀ ਵਸਤੂਆਂ ‘ਤੇ ਜੀ ਐਸ ਟੀ ਟੈਕਸ ਨਾ ਲਾਇਆ ਜਾਵੇ

ਵੱਖ-ਵੱਖ ਵਿਭਾਗਾਂ ਦੀਆਂ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ‘ਚ ਕਈ ਮੁੱਦੇ ਵਿਚਾਰੇ
ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕਰਨ ਲਈ ਵਚਨਬੱਧ: ਸ੍ਰੀ ਮੋਹਿੰਦਰਪਾਲ
ਪਟਿਆਲਾ, 23 ਸਤੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ)
ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਸ਼੍ਰੀ ਮੋਹਿੰਦਰਪਾਲ ਦੀ ਪ੍ਰਧਾਨਗੀ ‘ਚ ਹੋਈ ਆਬਕਾਰੀ ਤੇ ਕਰ ਵਿਭਾਗ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ ‘ਚ ਲੋਕਾਂ ਦੀਆਂ ਭਾਵਨਾਵਾਂ ਅਤੇ ਜ਼ਰੂਰਤਾਂ ਵੇਖਦੇ ਹੈ ਮੰਗ ਰੱਖੀ ਹੈ ਕਿ ਕਣਕ, ਦਾਲ, ਚੌਲ ਵਰਗੀਆਂ ਜ਼ਰੂਰੀ ਵਸਤੂਆਂ ‘ਤੇ ਜੀ ਐਸ ਟੀ ਟੈਕਸ ਨਾ ਲਾਇਆ ਜਾਵੇ।

ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹੇ ਦੀਆਂ ਵੱਖ-ਵੱਖ ਵਿਭਾਗਾਂ ਦੀਆਂ ਸਲਾਹਕਾਰ ਕਮੇਟੀਆਂ ਨਾਲ ਮੀਟਿੰਗ ਕਰਦੇ ਹੋਏ ਪੁਲਿਸ ਵਿਭਾਗ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਕਿਹਾ ਗਿਆ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਬਾਜ਼ਾਰਾਂ ‘ਚ ਟਰੈਫ਼ਿਕ ਨੂੰ ਦਰੁਸਤ ਰੱਖਿਆ ਜਾਵੇ ਪਰ ਇਹ ਵੀ ਧਿਆਨ ਰੱਖਿਆ ਜਾਵੇ ਕਿ ਦੁਕਾਨਦਾਰਾਂ ਦੇ ਵਿਓਪਾਰ ਨੂੰ ਵੀ ਨੁਕਸਾਨ ਨਾ ਹੋਵੇ। ਬਿਜਲੀ ਅਤੇ ਸਿੰਚਾਈ ਵਿਭਾਗ ਦੀ ਮੀਟਿੰਗ ‘ਚ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਦਲਿਤ ਵਰਗ ਨੂੰ 200 ਯੂਨਿਟ ਤੱਕ ਦਾ ਬਿਜਲੀ ਬਿੱਲ ਮਾਫ਼ ਕਰਨ ਵਰਗੀਆਂ ਸਕੀਮਾਂ ਦਾ ਵੱਧ ਪ੍ਰਚਾਰ ਕੀਤਾ ਜਾਵੇ। ਇਸ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ, ਸਿੱਖਿਆ, ਸਿਹਤ, ਸਮਾਜਿਕ ਸੁਰੱਖਿਆ ਵਿਭਾਗ ਦੀਆਂ ਮੀਟਿੰਗਾਂ ‘ਚ ਵੀ ਮੈਂਬਰਾਂ ਵੱਲੋਂ ਆਪਣੇ ਵਿਚਾਰ ਰੱਖੇ ਗਏ।
ਪ੍ਰਸ਼ਾਸਨ ਨੂੰ ਚੁਸਤ-ਦਰੁਸਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀਆਂ ਗਈਆਂ ਵਿਭਾਗੀ ਸਲਾਹਕਾਰ ਕਮੇਟੀਆਂ ਦੇ ਸੁਝਾਵਾਂ ਨੂੰ ਅਹਿਮ ਕਰਾਰ ਦਿੰਦਿਆਂ ਸ੍ਰੀ ਮੋਹਿੰਦਰਪਾਲ ਨੇ ਕਿਹਾ ਹੈ ਕਿ ਵਿਭਾਗੀ ਕਮੇਟੀਆਂ ਦੇ ਮੈਂਬਰਾਂ ਨੂੰ ਵਿਭਾਗਾਂ ਦੀ ਕਾਰਜਪ੍ਰਣਾਲੀ ‘ਚ ਹੋਰ ਸੁਧਾਰ ਲਿਆਉਣ ਲਈ ਅਹਿਮ ਸੁਝਾਅ ਦੇਣੇ ਚਾਹੀਦੇ ਹਨ। ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕਰਨ ਲਈ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਸੇਵਾ ਦਾ ਅਧਿਕਾਰ ਕਾਨੂੰਨ ਅਤੇ ਪ੍ਰਸ਼ਾਸਕੀ ਸੁਧਾਰ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਜ਼ਿਲ੍ਹੇ ਵਿੱਚ ਇੰਨ ਬਿੰਨ ਲਾਗੂ ਕੀਤਾ ਗਿਆ ਹੈ ।
ਮੀਟਿੰਗ ‘ਚ ਸਹਾਇਕ ਕਮਿਸ਼ਨਰ ਡਾ. ਸਿਮਰਪ੍ਰੀਤ ਕੌਰ ਨੇ ਕਿਹਾ ਕਿ ਵਿਭਾਗੀ ਸਲਾਹਕਾਰ ਕਮੇਟੀ ਦਾ ਗਠਨ ਪੰਜਾਬ ਸਰਕਾਰ ਦੀ ਇੱਕ ਵੱਡੀ ਪਹਿਲਕਦਮੀ ਹੈ, ਜਿਸ ਨਾਲ ਆਮ ਲੋਕਾਂ ਦੀ ਪ੍ਰਸ਼ਾਸਨ ‘ਚ ਸ਼ਮੂਲੀਅਤ ਕਰਵਾਉਣ ਲਈ ਉਨ੍ਹਾਂ ਦੇ ਸਥਾਨਕ ਪੱਧਰ ਦੇ ਪ੍ਰਤੀਨਿਧੀਆਂ ਨੂੰ ਵੀ ਜ਼ਿਲ੍ਹਾ ਪ੍ਰਸ਼ਾਸਨ ‘ਚ ਪ੍ਰਤੀਨਿਧਤਾ ਦਿੱਤੀ ਗਈ ਹੈ। ਉਨ੍ਹਾਂ ਵਿਭਾਗੀ ਸਲਾਹਕਾਰ ਕਮੇਟੀਆਂ ਦੇ ਮੈਂਬਰਾਂ ਨੂੰ ਕਿਹਾ ਕਿ ਉਹ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਆਮ ਲੋਕਾਂ ਅਤੇ ਲਾਭਪਾਤਰੀਆਂ ਤੱਕ ਪਹੁੰਚਾਉਣ ‘ਚ ਆਪਣੀ ਅਹਿਮ ਭੂਮਿਕਾ ਨਿਭਾਉਣ ਅਤੇ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਅਤੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਨੂੰ ਦੂਰ ਕਰਨ ਲਈ ਸੁਝਾਅ ਜ਼ਿਲ੍ਹਾ ਪ੍ਰਸ਼ਾਸਨ ਤੱਕ ਜ਼ਰੂਰ ਪੁੱਜਦੇ ਕਰਨ ਤਾਂ ਜੋ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।
ਇਸ ਮੌਕੇ ਐਸ.ਪੀ. (ਐਚ) ਸ. ਸੁਖਦੇਵ ਸਿੰਘ ਵਿਰਕ ਨੇ ਕਿਹਾ ਕਿ ਉਹ ਪੁਲਿਸ ਨੂੰ ਸਹਿਯੋਗ ਦੇਣ ਤਾਂ ਜੋ ਮਾੜੇ ਅਨਸਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਨੂੰ ਠੱਲ ਪਾਈ ਜਾ ਸਕੇ ਅਤੇ ਜ਼ਿਲ੍ਹੇ ਵਿੱਚ ਟਰੈਫ਼ਿਕ ਦੀ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਸਲਾਹਕਾਰ ਕਮੇਟੀ ਦੇ ਮੈਂਬਰ ਪਿੰਡਾਂ ਵਿੱਚ ਨਸ਼ਿਆਂ ਦੀ ਲਾਹਨਤ ਦਾ ਸ਼ਿਕਾਰ ਨੌਜਵਾਨਾਂ ਨੂੰ ਇਸ ਲਾਹਨਤ ਤੋਂ ਛੁਟਕਾਰਾ ਦਿਵਾਉਣ ਲਈ ਆਪਣੀ ਭੂਮਿਕਾ ਨਿਭਾਉਣ ਅਤੇ ਨਸ਼ਿਆਂ ਦੇ ਵਪਾਰੀਆਂ ਨੂੰ ਨੱਥ ਪਾਉਣ ਲਈ ਪੁਲਿਸ ਦਾ ਸਾਥ ਦੇਣ।
ਇਸ ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀਮਤੀ ਹਰਿੰਦਰ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਸ਼੍ਰੀ ਵਰਿੰਦਰ ਸਿੰਘ ਬੈਂਸ, ਸਹਾਇਕ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਅਤੇ ਵੱਖ-ਵੱਖ ਕਮੇਟੀਆਂ ਵੱਲੋਂ ਇੰਜੀ ਅਜੈ ਥਾਪਰ, ਇੰਜੀ ਗੁਰਵਿੰਦਰ ਸਿੰਘ ਸ਼ਕਤੀਮਾਨ, ਰਮੇਸ਼ ਵਰਮਾ, ਅਮਰਪ੍ਰੀਤ ਬਿਟਲੀ, ਡਾ. ਮਨਪ੍ਰੀਤ ਸਿੰਗ ਚੱਢਾ, ਵਰੁਨ ਜਿੰਦਲ, ਧਿਆਨ ਸਿੰਘ ਸੇਦਖੇੜੀ, ਸੰਤੋਖ ਸਿੰਘ ਖਿੰਡਾ, ਗੁਰਪ੍ਰਤਾਪ ਸਿੰਘ ਸ਼ਾਹੀ, ਭਾਰਤ ਭੂਸ਼ਨ, ਹਰਮੀਤ ਸਿੰਘ, ਸਤੀਸ਼ ਕੁਮਾਰ ਸਿੰਗਲਾ, ਰਾਜੀਵ ਗੁਪਤਾ, ਖੁਸ਼ਾਲ ਸਿੰਘ, ਸੁਨੀਤਾ ਸਿੱਧੂ ਸਮੇਤ ਹੋਰ ਮੈਂਬਰ ਅਤੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *