ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਨੇ ਗੁਰੂ ਘਰ ਮੱਥਾ ਟੇਕ ਕੇ ਮਨਾਇਆ ਖਾਲਸਾ ਸਾਜਨਾ ਦਿਹਾੜਾ
ਪਵਿੱਤਰ ਸਰੋਵਰ ’ਚ ਸੰਗਤਾਂ ਨੇ ਕੀਤਾ ਇਸ਼ਨਾਨ, ਦੀਵਾਨਾਂ ’ਚ ਕੀਰਤਨੀਆਂ ਨੇ ਚਲਾਇਆ ਗੁਰਬਾਣੀ ਪ੍ਰਵਾਹ
ਪਟਿਆਲਾ 14 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਸਾਖੀ ਦੇ ਜੋੜ ਮੇਲ ਮੌਕੇ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਪੁੱਜਕੇ ਆਪਣੀ ਆਸਥਾ ਪ੍ਰਗਟਾਈ ਅਤੇ ਗੁਰੂ ਦਰਬਾਰ ਵਿਚ ਨਤਮਸਤਕ ਹੋ ਕੇ ਖਾਲਸੇ ਦਾ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜ਼ੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਚਲਾਕੇ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਦਿਆਂ ਪੰਗਤ-ਸੰਗਤ ਕੀਤੀ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।]
ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇੇ ਸੰਗਤਾਂ ਨੂੰ ਖਾਲਸੇ ਪੰਥ ਦੇ ਸਿਰਜਣਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਦੀ ਧਰਤੀ ਤੋਂ ਜ਼ਬਰ ਜ਼ੁਲਮ ਦੇ ਖਿਲਾਫ਼ ਹੱਕ, ਸੱਚ ਦੀ ਆਵਾਜ਼ ਨੂੰ ਬੁਲੰਦ ਕਰਦਿਆਂ ਸਮੁੱਚੀ ਮਾਨਵਤਾ ਨੂੰ ਖਾਲਸਾ ਪੰਥ ਦਾ ਵੱਡਮੁੱਲਾ ਅਤੇ ਵਿਲੱਖਣ ਸਿਧਾਂਤ ਦਿੱਤਾ, ਜਿਸ ਨਾਲ ਖੁਦਮੁਖਤਿਆਰੀ ਖਾਲਸਾ ਪੰਥ ਹੋਂਦ ’ਚ ਆਇਆ। ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਅੱਜ ਲੋੜ ਹੈ ਕਿ ਗੁਰੂ ਮਾਨਿਓ ਗ੍ਰੰਥ ਦੇ ਫਲਸਫੇ ਨੂੰ ਅਪਣਾਈਏ ਅਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਾਣੀ ਅਤੇ ਬਾਣੇ ਦੇ ਧਾਰਨੀ ਹੋਈਏ। ਧਾਰਮਕ ਸਮਾਗਮ ਦੌਰਾਨ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਭੇਂਟ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਜਸਵਿੰਦਰ ਸਿੰਘ, ਨਵਜਿੰਦਰ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਰਿਕਾਰਡਕੀਪਰ ਸਰਬਜੀਤ ਸਿੰਘ, ਭਾਈ ਹਜ਼ੂਰ ਸਿੰਘ, ਭਾਈ ਰਜ਼ਨੀਸ਼, ਭਾਈ ਬਲਵਿੰਦਰ ਸਿੰਘ ਸਮਾਣਾ, ਹਰਵਿੰਦਰ ਸਿੰਘ ਕਾਹਲਵਾਂ ਆਦਿ ਸਖਸ਼ੀਅਤਾਂ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
(ਡੱਬੀ)
ਖਾਲਸੇ ਦੇ ਜਨਮ ਦਿਹਾੜੇ ਮੌਕੇ 160 ਪ੍ਰਾਣੀਆਂ ਨੇ ਲਈ ਅੰਮ੍ਰਿਤ ਦੀ ਦਾਤ
ਗੁਰਦੁਆਰਾ ਸਾਹਿਬ ਦੀਵਾਨ ਹਾਲ ਵਿਖੇ ਖਾਲਸਾ ਸਿਰਜਣਾ ਦਿਵਸ ਮੌਕੇ ਪੰਜ ਪਿਆਰਿਆਂ ਪਾਸੋਂ 160 ਦੇ ਕਰੀਬ ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਹਾਸਲ ਕੀਤੀ। ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲਿਆਂ ’ਚ ਮਹਿਲਾਵਾਂ, ਬਜ਼ੁਰਗ, ਨੌਜਵਾਨ, ਬੱਚੇ ਆਦਿ ਸ਼ਾਮਲ ਸਨ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅੰਮ੍ਰਿਤ ਦੀ ਦਾਤ ਹਾਸਲ ਕਰਨ ਵਾਲਿਆਂ ਨੂੰ ਰਹਿਤ ਮਰਿਆਦਾ, ਨਾਮ ਸਿਮਰਨ ਨੂੰ ਆਪਣੀ ਜੀਵਨ ਜਾਂਚ ਦਾ ਹਿੱਸਾ ਬਣਾਉਣ ਲਈ ਪ੍ਰੇਰਿਆ।

