ਰਾਜ ਸਭਾ ਮੈਂਬਰ ਚੁਣੇ ਜਾਣ ਤੇ ਤਰੁਣ ਚੁੱਘ ਨੇ PM ਮੋਦੀ ਦਾ ਕੀਤਾ ਧੰਨਵਾਦ
ਨਵੀਂ ਦਿੱਲੀ 11 ਜੂਨ (ਮਧੂਸਾਰ ਬਿਊਰੋ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਰਾਜ ਸਭਾ ਵਿੱਚ ਸੇਵਾ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਸ਼ੁਕਰਾਨਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰ ਕੇ ਕਿਹਾ ਹਾਈ ਕਮਾਨ ਨੇ ਉਨ੍ਹਾਂ ’ਤੇ ਭਰੋਸਾ ਜਤਾਉਣ ਲਈ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਇਸ ਜ਼ਿੰਮੇਵਾਰੀ ਨੂੰ ਆਪਣੇ ਲਈ ਇੱਕ ਵੱਡਾ ਮਾਣ ਦੱਸਿਆ ਹੈ। ਆਪਣੇ ਬਿਆਨ ਵਿੱਚ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ’ਵਿਕਸਿਤ ਭਾਰਤ’ ਦੇ ਸੰਕਲਪ ਨੂੰ ਹਕੀਕਤ ਵਿੱਚ ਬਦਲਣ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਉਨ੍ਹਾਂ ਦਾ ਮੁੱਖ ਟੀਚਾ ਰਹੇਗਾ। ਚੁੱਘ ਨੇ ਵਿਸ਼ੇਸ਼ ਤੌਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਮਾਰਗਦਰਸ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੀ ਪ੍ਰੇਰਨਾ ਉਨ੍ਹਾਂ ਲਈ ਹਮੇਸ਼ਾ ਤਾਕਤ ਅਤੇ ਉਤਸ਼ਾਹ ਦਾ ਸਰੋਤ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਲੀਡਰਸ਼ਿਪ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਅਣਥੱਕ ਮਿਹਨਤ ਕਰਦੇ ਰਹਿਣਗੇ।

