ਚੰਡੀਗੜ੍ਹਪੰਜਾਬ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਧੂਰੀ (ਸੰਗਰੂਰ), 1 ਜੁਲਾਈ (ਮਧੂਸਾਰ ਬਿਊਰੋ) ਪੰਜਾਬ ਭਰ ਦੀਆਂ ਲੱਖਾਂ ਔਰਤਾਂ ਦੀ ਉਡੀਕ ਅੱਜ ਉਸ ਵੇਲੇ ਖ਼ਤਮ ਹੋ ਗਈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੀ ਆਪਣੀ ਆਖ਼ਰੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕੀਤੀ। ਧੂਰੀ ਵਿਖੇ ਵਿਸ਼ੇਸ਼ ਵੈੱਬ ਪੋਰਟਲ ਰਾਹੀਂ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਸਿੱਧੀ ਟ੍ਰਾਂਸਫਰ ਕਰਨ ਦਾ ਐਲਾਨ ਕੀਤਾ, ਜਿਸ ਤਹਿਤ ਹਰੇਕ ਔਰਤ ਨੂੰ 3,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 4,500 ਮਿਲੇ ਹਨ। ਸਮਾਗਮ ਦੌਰਾਨ ਹੀ ਲਾਭਪਾਤਰੀਆਂ ਨੂੰ ਭੁਗਤਾਨ ਸ਼ੁਰੂ ਹੋ ਗਿਆ ਅਤੇ ਔਰਤਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ’ਤੇ ਐਸ.ਐਮ.ਐਸ. ਰਾਹੀਂ ਪੈਸੇ ਖ਼ਾਤੇ ਵਿੱਚ ਆਉਣ ਦਾ ਸੰਦੇਸ਼ ਮਿਲਿਆ।
ਪ੍ਰੋਗਰਾਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ’ਤੇ ਲਿਖਿਆ, “ਅੱਜ ਧੂਰੀ ਵਿੱਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਇਤਿਹਾਸਕ ਸ਼ੁਰੂਆਤ ਕੀਤੀ ਗਈ। ਇਸ ਸਕੀਮ ਤਹਿਤ ਹਰ ਔਰਤ ਨੂੰ 1,000 ਪ੍ਰਤੀ ਮਹੀਨਾ ‘ਸਤਿਕਾਰ ਰਾਸ਼ੀ’ ਮਿਲੇਗੀ, ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਪ੍ਰਤੀ ਮਹੀਨਾ ਮਿਲਣਗੇ। ਯੋਜਨਾ ਦੇ ਲਾਗੂ ਹੋਣ ਨਾਲ, ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਦੀ ਇਕੱਠੀ ਰਾਸ਼ੀ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟ੍ਰਾਂਸਫਰ ਕਰ ਦਿੱਤੀ ਗਈ ਹੈ। ਸਮਾਗਮ ਦੌਰਾਨ ਹੀ ਔਰਤਾਂ ਨੂੰ ਪੈਸੇ ਆਉਣ ਦੇ ਐਸ.ਐਮ.ਐਸ ਮਿਲਣੇ ਸ਼ੁਰੂ ਹੋ ਗਏ ਸਨ।”
ਉਨ੍ਹਾਂ ਆਪਣੀ ਪੋਸਟ ਦੇ ਅਖੀਰ ਵਿੱਚ ਲਿਖਿਆ, “ਸਾਡੀ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪੂਰੀ ਯੋਜਨਾਬੰਦੀ ਨਾਲ ਇਹ ਸਕੀਮ ਸ਼?ੁਰੂ ਕੀਤੀ ਹੈ ਕਿ ਇਹ ਆਉਣ ਵਾਲੇ ਸਾਲਾਂ ਵਿੱਚ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇ। ਇਹ ਵਿੱਤੀ ਸਹਾਇਤਾ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਵੱਡਾ ਸਹਾਰਾ ਦੇਵੇਗੀ ਅਤੇ ਨਾਲ ਹੀ ਸਾਡੀਆਂ ਮਾਵਾਂ-ਧੀਆਂ ਦੇ ਸਨਮਾਨ ਵਜੋਂ ਵੀ ਕੰਮ ਕਰੇਗੀ।”
ਸਕੀਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਤਾੜੀਆਂ ਦੀ ਗੂੰਜ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇ ਦਿਨ ਨੂੰ ਇਤਿਹਾਸਕ ਦੱਸਿਆ ਅਤੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਵੱਡੀ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ 40 ਲੱਖ ਤੋਂ ਵੱਧ ਔਰਤਾਂ ਪਹਿਲਾਂ ਹੀ ਰਜਿਸਟਰਡ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ, “ਸਤਿਕਾਰ ਰਾਸ਼ੀ ਜੁਲਾਈ ਮਹੀਨੇ ਤੋਂ ਸ਼ੁਰੂ ਹੋ ਗਈ ਹੈ ਅਤੇ ਇਹ ਔਰਤਾਂ ਦੇ ਸ਼ਕਤੀਕਰਨ ਦਾ ਰਾਹ ਪੱਧਰਾ ਕਰੇਗੀ। ਇਹ ਅਹਿਮ ਸਕੀਮ ਹੈ ਅਤੇ ਅਸੀਂ ਇਸ ਨੂੰ ਪੂਰੀ ਯੋਜਨਾਬੰਦੀ ਨਾਲ ਸ਼ੁਰੂ ਕੀਤਾ ਹੈ ਤਾਂ ਜੋ ਇਹ ਪੱਕੇ ਤੌਰ ’ਤੇ ਜਾਰੀ ਰਹੇ।”
ਸਕੀਮ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ 1,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਬਾਰੇ ਮੋਬਾਈਲ ’ਤੇ ਨੋਟੀਫਿਕੇਸ਼ਨ ਮਿਲਣਗੇ। ਉਨ੍ਹਾਂ ਕਿਹਾ, “ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਸਕੀਮ ਅਧੀਨ ਯੋਗ ਹੋਣਗੀਆਂ। ਪੰਜਾਬ ਦੀਆਂ ਲਗਪਗ 97 ਫੀਸਦੀ ਔਰਤਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ ਇਸ ਮਕਸਦ ਲਈ 9,300 ਕਰੋੜ ਰੁਪਏ ਰੱਖੇ ਹਨ।

Leave a Reply

Your email address will not be published. Required fields are marked *