ਅੰਮ੍ਰਿਤਸਰਚੰਡੀਗੜ੍ਹਪੰਜਾਬ

ਗੁਰਦੁਆਰਾ ਧੋਬੜੀ ਸਾਹਿਬ ਅਸਾਮ ਦੇ ਪ੍ਰਬੰਧਕ ਸ. ਭੁਪਿੰਦਰ ਪਾਲ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨ

ਅੰਮ੍ਰਿਤਸਰ 8 ਜੁਲਾਈ- (ਮਧੂਸਾਰ ਬਿਊਰੋ) ਗੁਰਦੁਆਰਾ ਧੋਬੜੀ ਸਾਹਿਬ, ਅਸਾਮ ਦੇ ਮੁੱਖ ਪ੍ਰਬੰਧਕ ਸ. ਭੁਪਿੰਦਰ ਪਾਲ ਸਿੰਘ ਕਿੱਕੀ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਭੇਟ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ. ਭੁਪਿੰਦਰ ਪਾਲ ਸਿੰਘ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਕ ‘ਸ਼ਹੀਦੀ ਨਗਰ ਕੀਰਤਨ’ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ, ਅਸਾਮ ਤੋਂ ਆਰੰਭ ਕੀਤਾ ਗਿਆ ਸੀ, ਜਿਸ ਨੇ ਸਮੁੱਚੇ ਭਾਰਤ ਵਿੱਚ ਗੁਰੂ ਸਾਹਿਬ ਜੀ ਦੀਆਂ ਪਾਵਨ ਸਿੱਖਿਆਵਾਂ ਦਾ ਸੰਦੇਸ਼ ਪਹੁੰਚਾਇਆ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਧੋਬੜੀ ਸਾਹਿਬ ਦੇ ਪ੍ਰਬੰਧਕਾਂ ਅਤੇ ਸਮੂਹ ਸੰਗਤ ਵੱਲੋਂ ਬਹੁਤ ਹੀ ਸੁਚੱਜੇ ਪ੍ਰਬੰਧ ਕੀਤੇ ਗਏ ਸਨ, ਜੋ ਸੰਗਤਾਂ ਲਈ ਯਾਦਗਾਰੀ ਬਣੇ। ਇਸ ਸੇਵਾ ਲਈ ਸ. ਭੁਪਿੰਦਰ ਪਾਲ ਸਿੰਘ ਕਿੱਕੀ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸ. ਭੁਪਿੰਦਰ ਪਾਲ ਸਿੰਘ ਕਿੱਕੀ ਨੇ ਇਸ ਸਨਮਾਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਅਤੇ ਸੰਗਤਾਂ ਦੀ ਸੇਵਾ ਕਰਨਾ ਉਨ੍ਹਾਂ ਲਈ ਵੱਡਾ ਸੁਭਾਗ ਹੈ ਅਤੇ ਭਵਿੱਖ ਵਿਚ ਵੀ ਉਹ ਪੰਥਕ ਕਾਰਜਾਂ ਲਈ ਪੂਰੀ ਤਨਦੇਹੀ ਨਾਲ ਯੋਗਦਾਨ ਦਿੰਦੇ ਰਹਿਣਗੇ। ਇਸ ਮੌਕੇ ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਮੌਜੂਦ ਸਨ।

Leave a Reply

Your email address will not be published. Required fields are marked *