ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸੰਗਤਾਂ ਵੱਡੀ ਗਿਣਤੀ ’ਚ ਨਤਮਸਤਕ
ਹਜ਼ੂਰੀ ਅਤੇ ਕੀਰਤਨੀ ਜਥਿਆਂ ਵੱਲੋਂ ਕੀਰਤਨ ਸਰਵਣ, ਪਵਿੱਤਰ ਸਰੋਵਰ ’ਚ ਕੀਤਾ ਇਸ਼ਨਾਨ
ਪਟਿਆਲਾ 18 ਜੁਲਾਈ (ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਵੱਡੀ ਗਿਣਤੀ ’ਚ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਤੜਕਸਵੇਰੇ ਕਵਾੜ੍ਹ ਖੁੱਲਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰੂ ਦਰਬਾਰ ’ਚ ਮੱਥਾ ਟੇਕਣ ਪੁੱਜੀਆਂ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ-ਸੰਗਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਪੰਚਮੀ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹਜ਼ੂਰੀ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ, ਉਥੇ ਹੀ ਕਵੀਸ਼ਰੀ ਅਤੇ ਢਾਡੀ ਜਥਿਆਂ ’ਚ ਅਮਰਜੀਤ ਸਿੰਘ ਅੰਬਾਲਾ, ਅਮਰੀਕ ਸਿੰਘ ਜਨੇਤਪੁਰ , ਗੁਰਵਿੰਦਰ ਸਿੰਘ ਦੁਗਾਲ , ਗੁਰਪਿਆਰ ਸਿੰਘ ਜੌਹਰ,ਮਨਵਿੰਦਰ ਸਿੰਘ ਸੁਨਾਮ ਆਦਿ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾਉਂਦਿਆਂ ਧਰਮ ਅਤੇ ਸਿੱਖੀ ਪ੍ਰਤੀ ਦਿ੍ਰੜ ਰਹਿਣ ਦੀ ਪ੍ਰੇਰਨਾ ਦਿੱਤੀ।
ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਸੁਧਾਰ ਲਹਿਰ ਵਿਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਤੇਜਾ ਸਿੰਘ ਸਮੁੰਦਰੀ ਅਤੇ ਅਜ਼ਾਦੀ ਸੰਗਰਾਮ ਵਿਚ ਆਪਣੀ ਸ਼ਹਾਦਤ ਦੇਣ ਵਾਲੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦਾ ਸਤਿਕਾਰ ਭੇਂਟ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ ਅੰਦਰ ਤੇਜਾ ਸਿੰਘ ਸਮੁੰਦਰੀ ਵੱਲੋਂ ਪਾਏ ਯੋਗਦਾਨ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਸਦੀਆਂ ਤਕ ਭਾਰਤੀ ਲੋਕਾਂ ਨੂੰ ਦੇਸ਼ ਪਿਆਰ ਅਤੇ ਦੇਸ਼ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਦਿੰਦੀ ਰਹੇਗੀ। ਸਾਨੂੰ ਉਹਨਾਂ ਦੇ ਜੀਵਨ ਤੋਂ ਸੇਧ ਲੈ ਕੇ ਆਪਣਾ ਜੀਵਨ ਤਬਦੀਲ ਕਰਨਾ ਹੀ ਉਨ੍ਹਾਂ ਦੀ ਕੁਰਬਾਨੀ ਉਤੇ ਮਾਣ ਹੋਵੇਗਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਪੰਚਮੀ ਦੇ ਦਿਹਾੜੇ ਮੌਕੇ ਗੁਰੂ ਘਰ ਹੋਣ ਵਾਲੀ ਸੰਗਤ ਦਾ ਵੀ ਧੰਨਵਾਦ ਕੀਤਾ ਅਤੇ ਦੀਵਾਨ ਹਾਲ ਵਿਖੇ ਚੱਲਦੇ ਨਿਰੰਤਰ ਸਮਾਗਮ ਵਿਚ ਪੁੱਜੇ ਢਾਡੀ ਅਤੇ ਕਵੀਸ਼ਰੀ ਜੱਥਿਆਂ ਦੀ ਵੀ ਹੌਸਲਾ ਅਫਜ਼ਾਈ ਕੀਤੀ। ਪੰਚਮੀ ਦੇ ਦਿਹਾੜੇ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਮਨਜੀਤ ਸਿੰਘ ਚੱਪੜ, ਪਰਵਿੰਦਰ ਸਿੰਘ ਰਿਉਂਦ, ਪਰਵਿੰਦਰ ਸਿੰਘ ਬਰਾੜਾ, ਅਵਤਾਰ ਸਿੰਘ ਬੱਲੋਪੁਰ, ਜਸਵੀਰ ਸਿੰਘ M A , ਦਲਿਤ ਫਰੰਟ ਦੇ ਪ੍ਰਧਾਨ ਜੋਗਿੰਦਰ ਸਿੰਘ ਪੰਛੀ, ਲੈਕਚਰਾਰ ਡਾ. ਸਤਿੰਦਰ ਸਿੰਘ, ਅਕਾਊਟੈਂਟ ਗੁਰਮੀਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸੰਗਤਾਂ ਆਦਿ ਹਾਜ਼ਰ ਸਨ।

