ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨਾਲ ਸਮਝੌਤਾ ਪੱਤਰ (ਐਮਓਯੂ) ਸਾਈਨ ਕੀਤਾ
ਫ਼ਤਿਹਗੜ੍ਹ ਸਾਹਿਬ (ਮਧੂਸਾਰ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਨੇ ਅਕਾਦਮਿਕ ਸਹਿਯੋਗ, ਖੋਜ ਅਤੇ ਸੰਸਥਾਗਤ ਵਿਕਾਸ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਨਾਲ ਇੱਕ ਸਮਝੌਤਾ ਪੱਤਰ (ਐਮਓਯੂ) ਸਾਈਨ ਕੀਤਾ ਹੈ। ਇਹ ਐਮਓਯੂ ਪ੍ਰੋ. (ਡਾ.) ਪਰਿਤ ਪਾਲ ਸਿੰਘ, ਵਾਈਸ ਚਾਂਸਲਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਅਤੇ ਪ੍ਰੋ. (ਡਾ.) ਰਤਨ ਸਿੰਘ, ਵਾਈਸ ਚਾਂਸਲਰ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੀ ਹਾਜ਼ਰੀ ਵਿੱਚ ਸਾਈਨ ਕੀਤਾ ਗਿਆ। ਸਮਝੌਤਾ ਪੱਤਰ ‘ਤੇ ਪ੍ਰੋ. ਤੇਜਬੀਰ ਸਿੰਘ, ਰਜਿਸਟਰਾਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਅਤੇ ਡਾ. ਕੁਲਦੀਪ ਵਾਲੀਆ, ਰਜਿਸਟਰਾਰ ਅਤੇ ਡਾਇਰੈਕਟਰ, ਆਈ.ਕਿਊ.ਏ.ਸੀ., ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੇ ਦਸਤਖ਼ਤ ਕੀਤੇ। ਇਸ ਮੌਕੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਅਫੇਅਰਜ਼, ਅਤੇ ਡਾ. ਅੰਕਦੀਪ ਕੌਰ ਅਟਵਾਲ, ਡਾਇਰੈਕਟਰ, ਆਈ.ਕਿਊ.ਏ.ਸੀ., ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੀ ਹਾਜ਼ਰ ਸਨ।
ਇਹ ਐਮਓਯੂ ਖੋਜ, ਪਾਠਕ੍ਰਮ ਵਿਕਾਸ, ਫੈਕਲਟੀ ਵਿਕਾਸ, ਹੁਨਰ-ਆਧਾਰਿਤ ਸਿੱਖਿਆ ਅਤੇ ਸਰੋਤਾਂ ਦੀ ਸਾਂਝ ਨੂੰ ਉਤਸ਼ਾਹਿਤ ਕਰੇਗਾ। ਇਸ ਦੇ ਤਹਿਤ ਦੋਵੇਂ ਯੂਨੀਵਰਸਿਟੀਆਂ ਵੱਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਖੋਜਕਾਰਾਂ ਲਈ ਸਾਂਝੇ ਸੈਮੀਨਾਰ, ਕਾਨਫਰੰਸਾਂ, ਵਰਕਸ਼ਾਪਾਂ, ਫੈਕਲਟੀ ਵਿਕਾਸ ਪ੍ਰੋਗਰਾਮ ਅਤੇ ਖੋਜ ਪ੍ਰੋਜੈਕਟ ਆਯੋਜਿਤ ਕੀਤੇ ਜਾਣਗੇ। ਇਸ ਐਮਓਯੂ ਦੀ ਇੱਕ ਮਹੱਤਵਪੂਰਨ ਵਿਸ਼ੇਸ਼ਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਕੈਂਪਸ ਵਿੱਚ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਲਰਨਰ ਸਪੋਰਟ ਸੈਂਟਰ (ਐਲ.ਐਸ.ਸੀ.) ਦੀ ਸਥਾਪਨਾ ਹੈ। ਇਸ ਤੋਂ ਇਲਾਵਾ, ਯੂ.ਜੀ.ਸੀ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੁਅਲ ਡਿਗਰੀ ਪ੍ਰੋਗਰਾਮਾਂ ਦੀ ਸਹੂਲਤ ਵੀ ਉਪਲਬਧ ਕਰਵਾਈ ਜਾਵੇਗੀ। ਇਹ ਸਮਝੌਤਾ ਅਕਾਦਮਿਕ ਬੁਨਿਆਦੀ ਢਾਂਚੇ, ਫੈਕਲਟੀ ਦੀ ਮੁਹਾਰਤ, ਲਾਇਬ੍ਰੇਰੀ ਸਰੋਤਾਂ, ਪ੍ਰਯੋਗਸ਼ਾਲਾਵਾਂ ਅਤੇ ਸਿੱਖਣ-ਸਮੱਗਰੀ ਦੀ ਸਾਂਝ ਨੂੰ ਵੀ ਉਤਸ਼ਾਹਿਤ ਕਰੇਗਾ। ਇਸ ਮੌਕੇ ‘ਤੇ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਕਿਹਾ ਕਿ ਇਹ ਸਹਿਯੋਗ ਯੂਨੀਵਰਸਿਟੀ ਦੀ ਨਵੀਨਤਾ, ਅੰਤਰ-ਵਿਭਾਗੀ ਸਿੱਖਿਆ ਅਤੇ ਅਕਾਦਮਿਕ ਉੱਤਮਤਾ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਸ ਭਾਈਵਾਲੀ ਨਾਲ ਸਾਂਝੀ ਖੋਜ, ਫੈਕਲਟੀ ਆਦਾਨ-ਪ੍ਰਦਾਨ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਵੇਂ ਮੌਕੇ ਪੈਦਾ ਹੋਣਗੇ। ਪ੍ਰੋ. (ਡਾ.) ਰਤਨ ਸਿੰਘ ਨੇ ਕਿਹਾ ਕਿ ਇਹ ਐਮਓਯੂ ਗੁਣਵੱਤਾਪੂਰਨ ਉੱਚ ਸਿੱਖਿਆ ਤੱਕ ਪਹੁੰਚ ਨੂੰ ਹੋਰ ਵਿਸ਼ਾਲ ਬਣਾਉਣ ਦੇ ਨਾਲ-ਨਾਲ ਹੁਨਰ ਵਿਕਾਸ, ਨਵੀਨਤਾ ਅਤੇ ਸਾਂਝੀ ਖੋਜ ਨੂੰ ਵੀ ਨਵੀਂ ਦਿਸ਼ਾ ਪ੍ਰਦਾਨ ਕਰੇਗਾ। ਇਹ ਐਮਓਯੂ ਪੰਜ ਸਾਲਾਂ ਲਈ ਕੀਤਾ ਗਿਆ ਹੈ, ਜਿਸ ਨੂੰ ਦੋਵਾਂ ਸੰਸਥਾਵਾਂ ਦੀ ਆਪਸੀ ਸਹਿਮਤੀ ਨਾਲ ਅੱਗੇ ਵੀ ਨਿਭਾਇਆ ਜਾ ਸਕਦਾ ਹੈ।

