ਰਾਹੁਲ ਗਾਂਧੀ ਤੇ ਕੇਜਰੀਵਾਲ ਨੇ ਨੌਜਵਾਨਾਂ ਦੇ ਭਵਿੱਖ ਨੂੰ ਰਾਜਨੀਤਿਕ ਹਥਿਆਰ ਬਣਾਉਣ ਦੀ ਕੀਤੀ ਕੋਸ਼ਿਸ਼: ਪ੍ਰੋ. ਸਰਚਾਂਦ ਸਿੰਘ ਖਿਆਲਾ।
ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ “ਭਾਰਤ ਦਾ ਅਤੀਤ” ਕਹਿਣਾ ਲੋਕ ਫ਼ਤਵੇ ਦਾ ਅਪਮਾਨ ਹੈ।
ਧਰਮਿੰਦਰ ਪ੍ਰਧਾਨ ਨੇ ਨੈਤਿਕਤਾ ’ਤੇ ਅਸਤੀਫ਼ਾ ਦਿਤਾ ਭਗਵੰਤ ਮਾਨ ਤੇ ਡਾ. ਬਲਬੀਰ ਕਦੋਂ ਅਸਤੀਫ਼ੇ ਦੇਣਗੇ?
ਅੰਮ੍ਰਿਤਸਰ, 25 ਜੁਲਾਈ:(ਮਧੂਸਾਰ ਬਿਊਰੋ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀਆਂ ਦੇ ਅੰਦੋਲਨ ਦੇ ਕੇਂਦਰ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸ਼ਾਂਤੀਪੂਰਨ ਢੰਗ ਨਾਲ ਸਮਾਪਤ ਹੋਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਲੋਕਤੰਤਰਿਕ ਸੰਵਾਦ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਦੀ ਪੀੜਾ ਨੂੰ ਸਮਝਣਾ ਅਤੇ ਉਸ ਦਾ ਹੱਲ ਸੰਵਾਦ ਰਾਹੀਂ ਕੱਢਣਾ ਹੀ ਜ਼ਿੰਮੇਵਾਰ ਸ਼ਾਸਨ ਦੀ ਪਹਿਚਾਣ ਹੈ। ਇਹ ਇਸ ਗੱਲ ਦਾ ਪ੍ਰਤੀਕ ਹੈ ਕਿ ਮੋਦੀ ਸਰਕਾਰ ਟਕਰਾਅ ਦੀ ਨਹੀਂ, ਸਗੋਂ ਸੰਵਾਦ ਅਤੇ ਲੋਕਤੰਤਰਿਕ ਹੱਲਾਂ ਦੀ ਰਾਜਨੀਤੀ ‘ਤੇ ਵਿਸ਼ਵਾਸ ਰੱਖਦੀ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਦੇ ਭਵਿੱਖ ਨੂੰ ਰਾਜਨੀਤਿਕ ਹਥਿਆਰ ਬਣਾਉਣ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਰਾਜਨੀਤਿਕ ਮੰਚ ਵਿੱਚ ਤਬਦੀਲ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਭਾਵਨਾਵਾਂ ਨਾਲ ਹਮਦਰਦੀ ਜ਼ਰੂਰੀ ਹੈ, ਪਰ ਉਨ੍ਹਾਂ ਨੂੰ ਰਾਜਨੀਤਿਕ ਢਾਲ ਵਜੋਂ ਵਰਤਣਾ ਲੋਕਤੰਤਰਿਕ ਮਰਿਆਦਾ ਦੇ ਉਲਟ ਹੈ।
ਉਨ੍ਹਾਂ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਪੰਜਾਬ ਵਿੱਚ ਫਾਰਮੇਸੀ ਅਫ਼ਸਰ ਭਰਤੀ ਦੌਰਾਨ ਪੇਪਰ ਲੀਕ ਅਤੇ ਹਾਈਟੈੱਕ ਨਕਲ ਦੇ ਮਾਮਲੇ, ਵੱਖ-ਵੱਖ ਭਰਤੀ ਪ੍ਰੀਖਿਆਵਾਂ ਵਿੱਚ ਸਾਹਮਣੇ ਆਏ ਪੇਪਰ ਲੀਕ ਦੇ ਦੋਸ਼ਾਂ ਅਤੇ ਇਨ੍ਹਾਂ ਮਾਮਲਿਆਂ ਵਿੱਚ ਹੋਈਆਂ ਗ੍ਰਿਫ਼ਤਾਰੀਆਂ ਦੀ ਨੈਤਿਕ ਜ਼ਿੰਮੇਵਾਰੀ ਕੌਣ ਲਵੇਗਾ? ਉਨ੍ਹਾਂ ਪੁੱਛਿਆ ਕਿ ਕੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਬੰਧਤ ਮੰਤਰੀ ਡਾ. ਬਲਬੀਰ ਦਾ ਅਸਤੀਫ਼ਾ ਕਦੋਂ ਲਿਆ ਜਾਵੇਗਾ, ਕਦੋਂ ਇਨ੍ਹਾਂ ਘਟਨਾਵਾਂ ਬਾਰੇ ਜਵਾਬਦੇਹੀ ਸਵੀਕਾਰ ਕਰਨਗੇ?
ਪ੍ਰੋ. ਖਿਆਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਮਨ.ਸ਼ ਸ਼ਿਸੋਦੀਆ ਨੇ ਪਹਿਲਾਂ ਖ਼ੁਦ ਇਹ ਦਾਅਵਾ ਕੀਤਾ ਸੀ ਕਿ ਜੇ ਉਨ੍ਹਾਂ ਦੀ ਸਰਕਾਰ ਵਿੱਚ ਪੇਪਰ ਲੀਕ ਵਰਗੀ ਘਟਨਾ ਵਾਪਰਿਆ ਹੁੰਦਾ ਤਾਂ ਆਪ ਦਾ ਮੰਤਰੀ ਨੈਤਿਕ ਆਧਾਰ ‘ਤੇ ਅਸਤੀਫ਼ਾ ਦਿਤਾ ਹੁੰਦਾ, ਹੁਣ ਜਦੋਂ ਪੰਜਾਬ ਵਿੱਚ ਭਰਤੀ ਪ੍ਰਕਿਰਿਆਵਾਂ ਨਾਲ ਜੁੜੇ ਵਿਵਾਦ ਸਾਹਮਣੇ ਆਏ ਅਤੇ ਪੁਲਿਸ ਵੱਲੋਂ ਗ੍ਰਿਫ਼ਤਾਰੀਆਂ ਵੀ ਕੀਤੀਆਂ ਗਈਆਂ, ਤਾਂ ਉਹ ਆਪਣਾ ਹੀ ਮਾਪਦੰਡ ਲਾਗੂ ਕਰਨ ਤੋਂ ਕਿਉਂ ਬਚ ਰਹੇ ਹਨ?
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਰਨਾਟਕ, ਝਾਰਖੰਡ ਅਤੇ ਹੋਰ ਉਹਨਾਂ ਰਾਜਾਂ ਵਿੱਚ, ਜਿੱਥੇ ਕਾਂਗਰਸ ਜਾਂ ਉਸ ਦੀ ਭਾਈਵਾਲ ਸਰਕਾਰਾਂ ਦੌਰਾਨ ਪੇਪਰ ਲੀਕ ਦੇ ਮਾਮਲੇ ਸਾਹਮਣੇ ਆਏ, ਉੱਥੇ ਹੁਣ ਤੱਕ ਕਿੰਨੇ ਮੰਤਰੀਆਂ ਜਾਂ ਜ਼ਿੰਮੇਵਾਰ ਅਧਿਕਾਰੀਆਂ ਤੋਂ ਅਸਤੀਫ਼ੇ ਲਏ ਗਏ? ਉਨ੍ਹਾਂ ਇਹ ਵੀ ਯਾਦ ਦਿਵਾਇਆ ਕਿ ਰਾਜਸਥਾਨ ਵਿੱਚ ਕਾਂਗਰਸ ਦੀ ਅਸ਼ੋਕ ਗਹਿਲੋਤ ਸਰਕਾਰ ਦੇ ਸਮੇਂ ਪੇਪਰ ਲੀਕ ਦੀਆਂ ਘਟਨਾਵਾਂ ਬਾਰੇ ਪਾਰਟੀ ਦੇ ਆਪਣੇ ਆਗੂ ਪ੍ਰਿਅੰਕਾ ਗਾਂਧੀ ਵੀ ਜਨਤਕ ਤੌਰ ‘ਤੇ ਟਿੱਪਣੀਆਂ ਕਰ ਚੁੱਕੇ ਹਨ।
ਪ੍ਰੋ. ਖਿਆਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਪੇਪਰ ਲੀਕ ਨੂੰ ਸਿਰਫ਼ ਰਾਜਨੀਤਿਕ ਮੁੱਦਾ ਨਹੀਂ, ਸਗੋਂ ਲੱਖਾਂ ਨੌਜਵਾਨਾਂ ਦੇ ਭਵਿੱਖ ਨਾਲ ਜੁੜਿਆ ਗੰਭੀਰ ਅਪਰਾਧ ਮੰਨਿਆ ਹੈ। ਇਸੇ ਦ੍ਰਿਸ਼ਟੀ ਨਾਲ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ, ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਕਦਮ ਚੁੱਕੇ ਗਏ ਅਤੇ ਪੇਪਰ ਲੀਕ ਵਰਗੇ ਅਪਰਾਧਾਂ ਲਈ ਸਖ਼ਤ ਕਾਨੂੰਨੀ ਪ੍ਰਬੰਧ ਕਰਨ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਪ੍ਰੀਖਿਆ ਪ੍ਰਣਾਲੀ ਅਤੇ ਸਮੇਂ-ਬੱਧ ਨਿਆਂ ਯਕੀਨੀ ਬਣਾਉਣ ਲਈ ਕਾਨੂੰਨੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੇਪਰ ਲੀਕ ਸਿਰਫ਼ ਕਾਨੂੰਨੀ ਉਲੰਘਣਾ ਨਹੀਂ, ਸਗੋਂ ਲੱਖਾਂ ਮਿਹਨਤੀ ਨੌਜਵਾਨਾਂ ਦੇ ਸੁਪਨਿਆਂ ‘ਤੇ ਸਿੱਧਾ ਹਮਲਾ ਹੈ। ਇਸ ਲਈ ਭਾਜਪਾ ਦੀ ਨੀਤੀ ਬਿਲਕੁਲ ਸਪੱਸ਼ਟ ਹੈ ਕਿ ਪ੍ਰੀਖਿਆਵਾਂ ਵਿੱਚ ਧੋਖਾਧੜੀ ਕਰਨ ਵਾਲੇ ਕਿਸੇ ਵੀ ਵਿਅਕਤੀ, ਗਿਰੋਹ ਜਾਂ ਸਰਪ੍ਰਸਤ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।
ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ “ਭਾਰਤ ਦਾ ਅਤੀਤ” ਕਹਿਣ ਬਾਰੇ ਪ੍ਰਤੀਕਿਰਿਆ ਦਿੰਦਿਆਂ ਪ੍ਰੋ. ਖਿਆਲਾ ਨੇ ਕਿਹਾ ਕਿ ਇਹ ਬਿਆਨ ਲੋਕਾਂ ਦੇ ਜਨਮਤ ਦਾ ਵੀ ਅਪਮਾਨ ਹੈ। ਉਨ੍ਹਾਂ ਕਿਹਾ ਕਿ ਡਿਜ਼ੀਟਲ ਇੰਡੀਆ, ਸਟਾਰਟਅੱਪ ਇੰਡੀਆ, ਸਕਿੱਲ ਇੰਡੀਆ, ਬੁਨਿਆਦੀ ਢਾਂਚੇ ਦਾ ਵਿਸਥਾਰ, ਰਾਸ਼ਟਰੀ ਸੁਰੱਖਿਆ ਅਤੇ ਵਿਸ਼ਵ ਪੱਧਰ ‘ਤੇ ਭਾਰਤ ਦੀ ਵਧੀ ਹੋਈ ਸਾਖ ਇਸ ਗੱਲ ਦਾ ਸਬੂਤ ਹੈ ਕਿ ਦੇਸ਼ ਭਵਿੱਖ ਵੱਲ ਅੱਗੇ ਵੱਧ ਰਿਹਾ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨੂੰ ਵੋਟਾਂ ਦੀ ਰਾਜਨੀਤੀ ਦਾ ਸਾਧਨ ਬਣਾਉਣ ਦੀ ਬਜਾਏ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸਿੱਖਿਆ ਸੁਧਾਰ, ਪਾਰਦਰਸ਼ੀ ਭਰਤੀ ਪ੍ਰਣਾਲੀ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਰਚਨਾਤਮਿਕ ਸੁਝਾਅ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸੰਸਥਾਵਾਂ ਅਤੇ ਜਾਂਚ ਏਜੰਸੀਆਂ ‘ਤੇ ਬਿਨਾਂ ਸਬੂਤ ਦੋਸ਼ ਲਗਾਉਣਾ ਲੋਕਤੰਤਰ ਨੂੰ ਮਜ਼ਬੂਤ ਨਹੀਂ, ਕਮਜ਼ੋਰ ਕਰਦਾ ਹੈ।
ਅੰਤ ਵਿੱਚ ਪ੍ਰੋ. ਖਿਆਲਾ ਨੇ ਕਿਹਾ ਕਿ ਭਾਰਤ ਦਾ ਭਵਿੱਖ ਨਿਰਾਸ਼ਾ, ਭਰਮ ਅਤੇ ਟਕਰਾਅ ਨਾਲ ਨਹੀਂ, ਸਗੋਂ ਵਿਕਾਸ, ਸੁਸ਼ਾਸਨ, ਰਾਸ਼ਟਰ ਹਿੱਤ, ਪਾਰਦਰਸ਼ਤਾ ਅਤੇ ਨੌਜਵਾਨਾਂ ਦੀ ਯੋਗਤਾ ‘ਤੇ ਵਿਸ਼ਵਾਸ ਨਾਲ ਬਣੇਗਾ। ਉਨ੍ਹਾਂ ਰਾਹੁਲ ਗਾਂਧੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਦੇ ਭਵਿੱਖ ਨੂੰ ਰਾਜਨੀਤਿਕ ਹਥਿਆਰ ਬਣਾਉਣ ਦੀ ਬਜਾਏ ਤੱਥਾਂ, ਜਵਾਬਦੇਹੀ ਅਤੇ ਲੋਕਤੰਤਰੀ ਸੰਸਥਾਵਾਂ ਦਾ ਸਨਮਾਨ ਕਰਨ।

