ਸੁਖਬੀਰ ਸਿੰਘ ਬਾਦਲ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ : ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ
ਚੰਡੀਗੜ੍ਹ, 27 ਸਤੰਬਰ (ਮਧੂਸਾਰ ਬਿਊਰੋ)
ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਸਮਾਜ ਦੇ ਹਰੇਕ ਵਰਗ ਖਾਸ ਤੌਰ ‘ਤੇ ਸਬੰਧਤ ਲਾਭਪਾਤਰੀ ਤੱਕ ਜ਼ਰੂਰ ਪਹੁੰਚਣਾ ਚਾਹੀਦਾ ਹੈ।
ਇੱਥੇ ਪੰਜਾਬ ਭਵਨ ਵਿਖੇ ਡਿਪਟੀ ਕਮਿਸ਼ਨਰਾਂ ਨਾਲ ਭਲਾਈ ਸਕੀਮਾਂ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਭਲਾਈ ਸਕੀਮਾਂ ਲਾਗੂ ਕਰਨ ਵਿਚ ਕਿਸੇ ਵੀ ਪ੍ਰਕਾਰ ਦੀ ਕੋਤਾਹੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਖਾਸ ਤੌਰ ‘ਤੇ ਨਿਰਦੇਸ਼ ਦਿੱਤੇ ਕਿ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ ਅਤੇ ਜਿੰਨੀ ਜਲਦੀ ਹੋ ਸਕੇ ਬਾਰਦਾਨੇ ਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸੁੱਖ-ਸੁਵਿਧਾਵਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਣਾ ਚਾਹੀਦਾ ਹੈ।
ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਬੰਧੀ ਗੱਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸਿਹਤ ਕਾਰਡ ਸਿਰਫ ਵਿਜੀਲੈਂਸ ਕਮੇਟੀਆਂ ਰਾਹੀਂ ਹੀ ਵੰਡੇ ਜਾਣ ਅਤੇ ਸਾਰੇ ਕਾਰਡ ਵੰਡਣ ਦੀ ਪ੍ਰਕਿਰਿਆ 30 ਅਕਤੂਬਰ, 2016 ਤੱਕ ਮੁਕੰਮਲ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਸਬੰਧਤ ਜ਼ਿਲ੍ਹਾ ਅਧਿਕਾਰੀ ਹਸਪਤਾਲਾਂ ਵਿਚ ਅਚਨਚੇਤੀ ਚੈਕਿੰਗ ਕਰਕੇ ਪਤਾ ਲਗਾਉਣ ਕਿ ਲਾਭਪਾਤਰੀਆਂ ਨੂੰ ਇਸ ਸਕੀਮ ਅਧੀਨ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ ਜਾਂ ਨਹੀਂ।ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਮਾਲਜ਼ ਅਤੇ ਮਲਟੀਪਲੈਕਸ ਵਿਚ ਡੇਂਗੂ ਤੋਂ ਬਚਾਅ ਦੇ ਉਪਾਅ ਲਈ ਮੁਹਿੰਮ ਚਲਾਈ ਜਾਵੇ।
ਉੱਪ ਮੁੱਖ ਮੰਤਰੀ ਨੇ ਇਸ ਦੌਰਾਨ ਪਹਿਲਾਂ ਤੋਂ ਮੰਜ਼ੂਰ ਹੋ ਚੁੱਕੇ ਆਟਾ-ਦਾਲ ਕਾਰਡ ਵੀ 5 ਅਕਤੂਬਰ ਤੱਕ ਵੰਡਣ ਦੇ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਚ ਕਬਰਿਸਤਾਨ ਲਈ ਥਾਂਵਾਂ ਦੀ ਨਿਸ਼ਾਨਦੇਹੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਦਿਹਾਤੀ ਅਤੇ ਸ਼ਹਿਰੀ ਮਿਸ਼ਨ ਤਹਿਤ ਚੱਲ ਰਹੇ ਜਾਂ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੀ ਰਿਪੋਰਟ ਉੱਪ ਮੁੱਖ ਮੰਤਰੀ ਦਫਤਰ ਅਤੇ ਮੁੱਖ ਸਕੱਤਰ ਨੂੰ ਹਰੇਕ ਸੋਮਵਾਰ ਭੇਜੀ ਜਾਵੇ।
ਸੇਵਾ ਕੇਂਦਰਾਂ ਦੀ ਸਮੀਖਿਆ ਕਰਦਿਆਂ ਉੱਪ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਇਨ੍ਹਾਂ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਹਰੇਕ ਐਤਵਾਰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇ ਤਾਂ ਜੋ ਉਹ ਸਰਕਾਰੀ ਸੇਵਾਵਾਂ ਪੂਰੀ ਸਮਰੱਥਾ ਨਾਲ ਦੇ ਸਕਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਲਈ ਪੰਜਾਬ ਸਰਕਾਰ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਵਾਸੀਆਂ ਦੀ ਭਲਾਈ ਤੇ ਚਹੁੰਮੁਖੀ ਵਿਕਾਸ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ, ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਸਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ ਵਿਕਾਸ ਸ੍ਰੀ ਐਨ.ਐਸ. ਕਲਸੀ, ਪ੍ਰਮੁੱਖ ਸਕੱਤਰ ਸਿਹਤ ਸ੍ਰੀਮਤੀ ਵਿੰਨੀ ਮਹਾਜਨ, ਉੱਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਪੀ.ਐਸ. ਔਜਲਾ, ਉੱਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਤਿਵਾੜੀ ਅਤੇ ਮਨਵੇਸ਼ ਸਿੰਘ ਸਿੱਧੂ ਆਦਿ ਹਾਜ਼ਰ ਸਨ।

