ਸੀ ਜੇ ਪੀ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਨਾ ਕਰਨ ’ਤੇ ਮੁੜ ਸੰਘਰਸ਼ ਦੀ ਚਿਤਾਵਨੀ
Jantar Mantar Protest: ਪੁਲੀਸ ਵੱਲੋਂ ਦਰਜ ਕੇਸ ਰੱਦ ਨਾ ਕਰਨ ’ਤੇ ਰੋਸ; ਦਿੱਲੀ ਦੇ ਜੰਤਰ ਮੰਤਰ ’ਤੇ ਪੇਪਰ ਲੀਕ ਮਾਮਲੇ ’ਤੇ ਪ੍ਰਦਰਸ਼ਨ ਦਾ ਮਾਮਲਾ
ਨਵੀਂ ਦਿੱਲੀ 27 ਜੁਲਾਈ (ਮਧੂਸਾਰ ਬਿਊਰੋ) ਪੇਪਰ ਲੀਕ ਅਤੇ ਪ੍ਰੀਖਿਆ ਵਿੱਚ ਬੇਨੇਮੀਆਂ ਵਿਰੁੱਧ ਦੇਸ਼ ਭਰ ਵਿੱਚ ਪ੍ਰਦਰਸ਼ਨ ਕਰਨ ਵਾਲੀ ਜਥੇਬੰਦੀ ਕੌਕਰੇਚ ਜਨਤਾ ਪਾਰਟੀ (ਸੀ.ਜੇ.ਪੀ.) ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਗਿ੍ਰਫ਼ਤਾਰ ਕੀਤੇ ਗਏ ਵਿਦਿਆਰਥੀਆਂ ਤੇ ਪ੍ਰਦਰਸ਼ਨਕਾਰੀਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੇਸ ਵਾਪਸ ਨਾ ਲਏ ਗਏ ਤਾਂ ਉਹ ਮੁੜ ਤੋਂ ਤਿੱਖਾ ਅੰਦੋਲਨ ਛੇੜ ਦੇਣਗੇ।
ਜਥੇਬੰਦੀ ਨੇ ਕਿਹਾ ਕਿ ਅਸਾਮ, ਬਿਹਾਰ ਅਤੇ ਪੱਛਮੀ ਬੰਗਾਲ ਸਮੇਤ ਕਈ ਸੂਬਿਆਂ ਵਿੱਚ ਪੁਲੀਸ ਵੱਲੋਂ ਵਿਦਿਆਰਥੀਆਂ ਨੂੰ ਮਿੱਥ ਕੇ ਗਿ੍ਰਫ਼ਤਾਰ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਮੰਤਰੀਆਂ (ਜੇ.ਪੀ. ਨੱਡਾ ਅਤੇ ਜੀਤੇਂਦਰ ਸਿੰਘ) ਨਾਲ ਗੱਲਬਾਤ ਹੋਣ ਤੋਂ ਬਾਅਦ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਕਿਸੇ ਵੀ ਪ੍ਰਦਰਸ਼ਨਕਾਰੀ ਵਿਰੁੱਧ ਕੋਈ ਸਜ਼ਾਯੋਗ ਜਾਂ ਸਖ਼ਤ ਕਾਰਵਾਈ ਨਹੀਂ ਕੀਤੀ ਜਾਵੇਗੀ।
ਇਸ ਭਰੋਸੇ ਤੋਂ ਬਾਅਦ ਹੀ ਸੀ.ਜੇ.ਪੀ. ਨੇ ਆਪਣਾ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਮੁਲਤਵੀ ਕੀਤਾ ਸੀ ਪਰ ਹੁਣ ਸੂਬਾ ਸਰਕਾਰਾਂ ਵੱਲੋਂ ਕੇਸ ਦਰਜ ਕਰਨ ਅਤੇ ਗਿ੍ਰਫ਼ਤਾਰੀਆਂ ਜਾਰੀ ਰੱਖਣ ਨੂੰ ਜਥੇਬੰਦੀ ਨੇ ਨੌਜਵਾਨਾਂ ਨਾਲ ਵੱਡਾ ਵਿਸ਼ਵਾਸਘਾਤ ਕਰਾਰ ਦਿੱਤਾ ਹੈ। ਜਥੇਬੰਦੀ ਨੇ ਮੰਗ ਕੀਤੀ ਹੈ ਕਿ ਸਰਕਾਰ ਮੰਗਲਵਾਰ ਤੱਕ ਲਿਖਤੀ ਗਾਰੰਟੀ ਦੇ ਕੇ ਆਪਣੇ ਵਾਅਦੇ ਨੂੰ ਪੂਰਾ ਕਰੇ ਨਹੀਂ ਤਾਂ ਨੌਜਵਾਨਾਂ ਦੇ ਹਿੱਤ ਵਿੱਚ ਅਗਲਾ ਸਖ਼ਤ ਕਦਮ ਚੁੱਕਿਆ ਜਾਵੇਗਾ।
ਸੀ.ਜੇ.ਪੀ. (3JP) ਦੇ ਕੌਮੀ ਬੁਲਾਰੇ ਆਸ਼ੂਤੋਸ਼ ਰਾਂਕਾ ਨੇ ਦਿੱਲੀ ਵਿਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੰਤਰ-ਮੰਤਰ ਵਿਚ 36 ਦਿਨਾਂ ਦਾ ਪ੍ਰਦਰਸ਼ਨ ਖ਼ਤਮ ਕਰਨ ਤੋਂ ਪਹਿਲਾਂ ਸਰਕਾਰ ਨਾਲ ਤੀਜੇ ਦੌਰ ਦੀ ਗੱਲਬਾਤ ਦੌਰਾਨ ਇਹ ਸਹਿਮਤੀ ਬਣੀ ਸੀ ਕਿ ਦੇਸ਼ ਭਰ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਪਾਰਟੀ ਪ੍ਰਬੰਧਕਾਂ ਵਿਰੁੱਧ ਦਰਜ ਸਾਰੀਆਂ ਐੱਫ.ਆਈ.ਆਰ. ਵਾਪਸ ਲਈਆਂ ਜਾਣਗੀਆਂ ਅਤੇ ਭਵਿੱਖ ਵਿੱਚ ਕਿਸੇ ਵੀ ਆਗੂ ਜਾਂ ਪ੍ਰਦਰਸ਼ਨਕਾਰੀ ਵਿਰੁੱਧ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇਗਾ।
ਰਾਂਕਾ ਨੇ ਕਿਹਾ ਕਿ ਸੀ.ਜੇ.ਪੀ. ਨੇ ਕੇਂਦਰੀ ਮੰਤਰੀਆਂ ਜੇ.ਪੀ. ਨੱਡਾ ਅਤੇ ਜੀਤੇਂਦਰ ਸਿੰਘ ਨੂੰ ਸਮਝੌਤੇ ਦਾ ਖਰੜਾ ਸੌਂਪ ਦਿੱਤਾ ਸੀ ਅਤੇ ਇਹ ਤੈਅ ਹੋਇਆ ਸੀ ਕਿ ਕਾਨੂੰਨੀ ਸਲਾਹ-ਮਸ਼ਵਰੇ ਤੋਂ ਬਾਅਦ ਸਰਕਾਰ ਮੰਗਲਵਾਰ ਤੱਕ ਲਿਖਤੀ ਸਮਝੌਤਾ ਸਾਂਝਾ ਕਰੇਗੀ। ਉਨ੍ਹਾਂ ਕਿਹਾ ਕਿ ਉਹ ਸਰਕਾਰ ਵੱਲੋਂ ਲਿਖਤੀ ਸਮਝੌਤੇ ਦੇ ਜਨਤਕ ਹੋਣ ਦੀ ਉਡੀਕ ਕਰ ਰਹੇ ਹਨ ਅਤੇ ਉਮੀਦ ਹੈ ਕਿ ਸੀਨੀਅਰ ਕੈਬਨਿਟ ਮੰਤਰੀ ਇਸ ਸਮਝੌਤੇ ਦਾ ਸਨਮਾਨ ਕਰਨਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਲਵਾਰ ਤੱਕ ਲਿਖਤੀ ਸਮਝੌਤਾ ਨਾ ਮਿਲਿਆ ਅਤੇ ਅੰਦੋਲਨ ਨਾਲ ਜੁੜੇ ਗਿ੍ਰਫ਼ਤਾਰ ਪ੍ਰਦਰਸ਼ਨਕਾਰੀ ਰਿਹਾਅ ਨਾ ਕੀਤੇ ਗਏ ਤਾਂ ਉਹ ਮੁੜ ਤੋਂ ਪ੍ਰਦਰਸ਼ਨ ਸ਼ੁਰੂ ਕਰਨਗੇ।

