ਅਮਿਤ ਸ਼ਾਹ ਦੇ ਅਸਤੀਫ਼ੇ ਦੀ ਕੀਤੀ ਮੰਗ
ਮੈਂ ਕਦੇ ਵੀ ਭਾਜਪਾ, ਆਰ ਐਸ ਐਸ ਜਾਂ ਉਨ੍ਹਾਂ ਨਾਲ ਜੁੜੇ ਕਿਸੇ ਵੀ ਵਿਅਕਤੀ ਤੋਂ ਮੁਆਫੀ ਨਹੀਂ ਮੰਗਾਂਗਾ: ਰਾਹੁਲ
ਨਵੀਂ ਦਿੱਲੀ 29 ਜੁਲਾਈ (ਮਧੂਸਾਰ ਬਿਊਰੋ) ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ’ਤੇ ਨੀਟ ਪੇਪਰ ਲੀਕ ਵਿਰੁੱਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਕਥਿਤ ਪੁਲੀਸ ਕਾਰਵਾਈ ਬਾਰੇ ਸਵਾਲਾਂ ਤੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬਚਾਉਣ ਲਈ ਉਨ੍ਹਾਂ ਨੂੰ ਲੋਕ ਸਭਾ ਵਿੱਚ ਬੋਲਣ ਤੋਂ ਰੋਕਣ ਦਾ ਦੋਸ਼ ਲਾਇਆ। ਰਾਹੁਲ ਗਾਂਧੀ ਨੇ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਵਿਦਿਆਰਥੀਆਂ ’ਤੇ ਕਥਿਤ ਤੌਰ ’ਤੇ ਤਾਕਤ ਦੀ ਵਰਤੋਂ ਕਰਨ ਲਈ ਗ੍ਰਹਿ ਮੰਤਰੀ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ।ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸਪੀਕਰ ਨੂੰ ਸਦਨ ਵਿੱਚ ਸ਼ਾਂਤੀ ਬਣਾ ਕੇ ਰੱਖਣ ਲਈ ਕਹਿਣ ਦੇ ਬਾਵਜੂਦ ਉਨ੍ਹਾਂ ਨੂੰ ਵਾਰ-ਵਾਰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਉਨ੍ਹਾਂ ਨੂੰ ਇਹ ਮੁੱਦਾ ਉਠਾਉਣ ਤੋਂ ਰੋਕਿਆ ਜਾ ਰਿਹਾ ਸੀ, ਤਾਂ ਰਾਜਨਾਥ ਸਿੰਘ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੂ ਸਮੇਤ ਹੋਰ ਮੰਤਰੀਆਂ ਨੂੰ ਦਖਲ ਦੇਣ ਦੀ ਇਜਾਜ਼ਤ ਦਿੱਤੀ ਜਾ ਰਹੀ ਸੀ।
ਰਾਹੁਲ ਨੇ ਕਿਹਾ ਕਿ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਹ ਸਿਰਫ਼ ਉਦੋਂ ਹੀ ਬੋਲ ਸਕਦੇ ਹਨ ਜੇਕਰ ਉਹ ਗ੍ਰਹਿ ਮੰਤਰੀ ਵਿਰੁੱਧ ਕੀਤੀਆਂ ਟਿੱਪਣੀਆਂ ਲਈ ਮੁਆਫੀ ਮੰਗਣ। ਉਨ੍ਹਾਂ ਕਿਹਾ, “ਮੈਂ ਕਦੇ ਵੀ ਭਾਜਪਾ, ਆਰ ਐਸ ਐਸ ਜਾਂ ਉਨ੍ਹਾਂ ਨਾਲ ਜੁੜੇ ਕਿਸੇ ਵੀ ਵਿਅਕਤੀ ਤੋਂ ਮੁਆਫੀ ਨਹੀਂ ਮੰਗਾਂਗਾ। ਦੇਸ਼ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦੇ ਉਠਾਉਣਾ ਵਿਰੋਧ ਧਿਰ ਦੇ ਨੇਤਾ ਵਜੋਂ ਮੇਰਾ ਅਧਿਕਾਰ ਹੈ।”
ਉਨ੍ਹਾਂ ਦੋਸ਼ ਲਾਇਆ ਕਿ 20 ਜੁਲਾਈ ਨੂੰ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੈਲਟ ਗਨ ਨਾਲ ਗੋਲੀਆਂ ਚਲਾਈਆਂ ਗਈਆਂ, ਕਿੱਲਾਂ ਵਾਲੀਆਂ ਲਾਠੀਆਂ ਸਮੇਤ ਲਾਠੀਆਂ ਨਾਲ ਕੁੱਟਮਾਰ ਕੀਤੀ ਗਈ ਅਤੇ ਇਲੈਕਟਿ੍ਰਕ ਬੈਟਨਾਂ ਦੀ ਵਰਤੋਂ ਕੀਤੀ ਗਈ। ਇੱਕ ਜ਼ਖ਼ਮੀ ਵਿਦਿਆਰਥੀ ਦੇ ਮੈਡੀਕਲ ਰਿਕਾਰਡ ਦੀ ਜਾਂਚ ਕਰਨ ਦਾ ਦਾਅਵਾ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪੈਲਟ ਦੇ ਛਰ੍ਹੇ ਵੱਜਣ ਕਾਰਨ ਇੱਕ ਪੀੜਤ ਦੀ ਅੱਖ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਔਰਤਾਂ ਅਤੇ ਨਾਬਾਲਗਾਂ ਨਾਲ ਮਾਰਕੁੱਟ ਕੀਤੀ ਗਈ ਅਤੇ ਉਨ੍ਹਾਂ ਵੀਡੀਓਜ਼ ਦਾ ਹਵਾਲਾ ਦਿੱਤਾ ਜਿਨ੍ਹਾਂ ਵਿੱਚ ਕਥਿਤ ਤੌਰ ’ਤੇ ਇੱਕ ਪੁਲੀਸ ਅਧਿਕਾਰੀ ਇੱਕ ਨਾਬਾਲਗ ਨੂੰ ਥੱਪੜ ਮਾਰਦਾ ਦਿਖਾਈ ਦੇ ਰਿਹਾ ਹੈ।

