ਪੰਜਾਬ

ਭਾਰਤ-ਪਾਕਿ ਸਰਹੱਦ ‘ਤੇ ਸਥਿਤੀ ਦੇ ਮੱਦੇਨਜ਼ਰ :ਅੰਤਰਰਾਸ਼ਟਰੀ ਸਰਹੱਦ ਦੀ 10 ਕਿਲੋਮੀਟਰ ‘ਚ ਪੈਂਦੇ ਪਿੰਡਾਂ ਦੇ ਇਲਾਕੇ ਖਾਲੀ ਕਰਵਾਉਣ ਦੀ ਪ੍ਰਕ੍ਰਿਆ ਸ਼ੁਰੂ

ਚੰਡੀਗੜ੍ਹ, 29 ਸਤੰਬਰ (ਮਧੂਸਾਰ ਬਿਊਰੋ) ਭਾਰਤ-ਪਾਕਿਸਤਾਨ ਸਰਹੱਦ ‘ਤੇ ਵਾਪਰ ਰਹੀਆਂ ਘਟਨਾਵਾਂ ਦੇ ਸੰਦਰਭ ਵਿਚ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਮੁੱਚੀ ਸਰਕਾਰੀ ਅਤੇ ਸਿਆਸੀ ਮਸ਼ੀਨਰੀ ਨੂੰ ਹੰਗਾਮੀ ਹਾਲਤ ਲਈ ਸਰਗਰਮ ਕਰ ਦਿੱਤਾ ਹੈ।

ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਅੱਜ ਸਵੇਰੇ ਸ. ਬਾਦਲ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਸਰਹੱਦ ਦੀ 10 ਕਿਲੋਮੀਟਰ ਦੀ ਪੱਟੀ ਵਿਚ ਪੈਂਦੇ ਪਿੰਡਾਂ ਦੇ ਵਸਨੀਕਾਂ ਤੋਂ ਇਹ ਇਲਾਕੇ ਖਾਲੀ ਕਰਵਾਉਣ ਦੀ ਪ੍ਰਕ੍ਰਿਆ ਤੁਰੰਤ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ।
ਅੱਜ ਆਪਣੇ ਸਰਕਾਰੀ ਨਿਵਾਸ ਸਥਾਨ ਉੱਤੇ ਸੱਦੀ ਹੰਗਾਮੀ ਮੀਟਿੰਗ ਦੌਰਾਨ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਸ. ਬਾਦਲ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ ਨੂੰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀ.ਸੀਜ਼) ਅਤੇ ਜ਼ਿਲ੍ਹਾ ਪੁਲਿਸ ਮੁਖੀਆਂ (ਐਸ.ਐਸ.ਪੀਜ਼) ਨੂੰ ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਸਰਹੱਦੀ ਜ਼ਿਲ੍ਹਿਆਂ ਵਿਚ 10 ਕਿਲੋਮੀਟਰ ਦੇ ਸਮੁੱਚੇ ਇਲਾਕੇ ਨੂੰ ਖਾਲੀ ਕਰਵਾਉਣ ਦੀ ਪ੍ਰਕ੍ਰਿਆ ਉਪਰ ਨਜ਼ਰ ਲਈ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕੈਂਪ ਸਥਾਪਤ ਕਰਨ ਲਈ ਢੁੱਕਵੀਆਂ ਥਾਵਾਂ ਦੀ ਸ਼ਨਾਖਤ ਕਰਨ ਲਈ ਆਖਿਆ ਹੈ ਅਤੇ ਕਿਹਾ ਹੈ ਕਿ ਖਾਲੀ ਕਰਵਾਏ ਜਾਣ ਵਾਲੇ ਇਲਾਕੇ ਦੇ ਕਿਸੇ ਵੀ ਬਸਿੰਦੇ ਨੂੰ ਅਸੁਵਿਧਾ ਅਤੇ ਮੁਸ਼ਕਲ ਨਹੀਂ ਆਉਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਸਬੰਧਤ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਵੀ ਨਿੱਜੀ ਤੌਰ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਰਹੱਦੀ ਜ਼ਿਲ੍ਹਿਆਂ ਦੇ ਆਪਣੇ ਵਿਧਾਨ ਸਭਾ ਹਲਕਿਆਂ ਵਿਚ ਹੀ ਰਹਿਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਨੇੜੇ ਦਾ ਤਾਲਮੇਲ ਬਣਾ ਕੇ ਰੱਖਣ ਲਈ ਆਖਿਆ ਤਾਂ ਜੋ ਖਾਲੀ ਕਰਵਾਏ ਜਾਣ ਵਾਲੇ ਪਿੰਡਾਂ ਦੇ ਵਸਨੀਕਾਂ ਦੀ ਸੁਰੱਖਿਅਤ ਹਿਜਰਤ ਕਰਵਾਈ ਜਾ ਸਕੇ।
ਸ. ਬਾਦਲ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਸਥਿਤੀਆਂ ਨਾਲ ਨਿਪਟਣ ਲਈ ਇਨ੍ਹਾਂ ਛੇ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇੱਕ-ਇੱਕ ਕਰੋੜ ਰੁਪਏ ਤੁਰੰਤ ਜਾਰੀ ਕਰਵਾਉਣ।
ਮੁੱਖ ਮੰਤਰੀ ਨੇ ਹਾਲ ਹੀ ਦੀਆਂ ਘਟਨਾਵਾਂ ਤੋਂ ਬਾਅਦ ਸਰਹੱਦ ‘ਤੇ ਪੈਦਾ ਹੋਈ ਸਥਿਤੀ ਅਤੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਸਲਾਹ ਦਾ ਜਾਇਜ਼ਾ ਲੈਣ ਲਈ ਅੱਜ ਸ਼ਾਮ ਛੇ ਵਜੇ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਸੱਦੀ ਹੈ।
ਦੇਸ਼ ਦੀ ਏਕਤਾ-ਅਖੰਡਤਾ ਦੀ ਰੱਖਿਆ ਲਈ ਪੰਜਾਬੀਆਂ ਵੱਲੋਂ ਦਿਖਾਈ ਗਈ ਦੇਸ਼ ਭਗਤੀ ਦੀ ਭਾਵਨਾ ਨੂੰ ਯਾਦ ਕਰਦੇ ਹੋਏ ਸ. ਬਾਦਲ ਨੇ ਹੁਣ ਵੀ ਉਸੇ ਭਾਵਨਾ ਦਾ ਪ੍ਰਗਟਾਵਾ ਕਰਨ ਦੀ ਲੋਕਾਂ ਨੂੰ ਅਪੀਲ ਕੀਤੀ।
ਮੀਟਿੰਗ ਵਿਚ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ੍ਰੀ ਐਸ.ਕੇ. ਸੰਧੂ, ਡੀ.ਜੀ.ਪੀ ਸ੍ਰੀ ਸੁਰੇਸ਼ ਅਰੋੜਾ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ੍ਰੀ ਗਗਨਦੀਪ ਸਿੰਘ ਬਰਾੜ ਹਾਜ਼ਰ ਸਨ।

Leave a Reply

Your email address will not be published. Required fields are marked *