ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਜੰਤਰ-ਮੰਤਰ ’ਤੇ ਹਿੰਸਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਬਣਾਈ ਜਾਂਚ ਕਮੇਟੀ

ਨਵੀਂ ਦਿੱਲੀ 21 ਅਗਸਤ (ਮਧੂਸਾਰ ਬਿਊਰੋ) ਸੁਪਰੀਮ ਕੋਰਟ ਨੇ ਜੰਤਰ-ਮੰਤਰ ’ਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਸੁਰੱਖਿਆ ਕਰਮਚਾਰੀਆਂ ਵਿਚਾਲੇ ਹੋਈ ਹਿੰਸਕ ਝੜਪ ਅਤੇ ਪੁਲਸ ਦੀ ਕਥਿਤ ਧੱਕੇਸ਼ਾਹੀ ਦੇ ਦੋਸ਼ਾਂ ਦੀ ਜਾਂਚ ਲਈ 5 ਮੈਂਬਰੀ ਉੱਚ-ਅਧਿਕਾਰ ਪ੍ਰਾਪਤ ਕਮੇਟੀ (ਐੱਚ. ਪੀ. ਈ. ਸੀ.) ਦਾ ਗਠਨ ਕੀਤਾ। ਕਮੇਟੀ ਦੀ ਪ੍ਰਧਾਨਗੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਆਰ. ਸੁਭਾਸ਼ ਰੈੱਡੀ ਕਰਨਗੇ।
ਚੀਫ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਕਮੇਟੀ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ ਜਸਟਿਸ ਰਵੀ ਸ਼ੰਕਰ ਝਾਅ, ਦਿੱਲੀ ਹਾਈ ਕੋਰਟ ਦੀ ਸਾਬਕਾ ਜੱਜ ਜਸਟਿਸ ਸ਼ਾਲਿੰਦਰ ਕੌਰ, ਸਾਬਕਾ ਸੀ. ਬੀ. ਆਈ. ਡਾਇਰੈਕਟਰ ਰਿਸ਼ੀ ਕੁਮਾਰ ਸ਼ੁਕਲਾ ਅਤੇ ਮੇਘਾਲਿਆ ਦੇ ਸਾਬਕਾ ਡੀ. ਜੀ. ਪੀ. ਐੱਲ. ਆਰ. ਬਿਸ਼ਨੋਈ ਨੂੰ ਸ਼ਾਮਲ ਕੀਤਾ ਹੈ।
ਬੈਂਚ ਨੇ ਕਿਹਾ ਕਿ ਕਮੇਟੀ ਦਾ ਗਠਨ ਮੈਂਬਰਾਂ ਦੇ ਤਜਰਬੇ, ਮਾਹਰਤਾ ਅਤੇ ਵੰਨ-ਸੁਵੰਨਤਾ ਸਮੇਤ ਵੱਖ-ਵੱਖ ਪਹਿਲੂਆਂ ਨੂੰ ਧਿਆਨ ’ਚ ਰੱਖ ਕੇ ਕੀਤਾ ਗਿਆ ਹੈ। ਅਦਾਲਤ ਨੇ ਉਮੀਦ ਪ੍ਰਗਟਾਈ ਕਿ ਕਮੇਟੀ ਦੀਆਂ ਸਿਫਾਰਸ਼ਾਂ ਮਾਮਲੇ ’ਚ ਅੱਗੇ ਦੀ ਕਾਰਵਾਈ ਲਈ ਮਦਦਗਾਰ ਸਾਬਤ ਹੋਣਗੀਆਂ।
ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਜਾਂਚ ਸਿਰਫ ਇਕ ਵਾਰ ਕੀਤੀ ਜਾਣ ਵਾਲੀ ਪ੍ਰਕਿਰਿਆ ਨਹੀਂ ਹੋਵੇਗੀ।
ਕਮੇਟੀ ਨੂੰ ਮਾਮਲੇ ਨਾਲ ਜੁੜੇ ਮੁੱਦਿਆਂ ਦਾ ਲਗਾਤਾਰ ਮੁਲਾਂਕਣ ਕਰਨ ਅਤੇ ਸਮੇਂ-ਸਮੇਂ ’ਤੇ ਅੰਤ੍ਰਿਮ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।
ਅਦਾਲਤ ਨੇ ਕਮੇਟੀ ਨੂੰ ਵਿਸ਼ੇਸ਼ ਤੌਰ ’ਤੇ ਮਹਿਲਾ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਥਿਤ ਹਿੰਸਾ, ਪ੍ਰੇਸ਼ਾਨੀ ਅਤੇ ਛੇੜਛਾੜ ਦੇ ਦੋਸ਼ਾਂ ਦੀ ਜਾਂਚ ਨੂੰ ਪਹਿਲ ਦੇਣ ਦੀ ਸਿਫਾਰਸ਼ ਕੀਤੀ।

Leave a Reply

Your email address will not be published. Required fields are marked *