ਕੇਜਰੀਵਾਲ ਤੇ ਭਗਵੰਤ ਮਾਨ ਨਸ਼ਿਆਂ ’ਤੇ ਜਵਾਬ ਦੇਣ ਦੀ ਬਜਾਏ ਬਹਾਨੇ ਬਣਾ ਰਹੀ ਹੈ: ਮਨਜਿੰਦਰ ਸਿੰਘ ਸਿਰਸਾ।
ਜਿਸ ਕੌਮ ਨੇ ਬਹਾਦਰ ਸੂਰਮੇ ਪੈਦਾ ਕੀਤੇ, ਉਸ ਦੀ ਪਛਾਣ ਨਸ਼ਾ ਨਹੀਂ ਹੋ ਸਕਦੀ: ਸਤਿੰਦਰ ਸੱਤੀ
ਰਾਜਾਸਾਂਸੀ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਭਰਵਾਂ ਸਵਾਗਤ; ਸਿਰਸਾ ਵੱਲੋਂ ‘ਆਪ’ ਸਰਕਾਰ ’ਤੇ ਤਿੱਖੇ ਸਵਾਲ
ਰਾਜਾਸਾਂਸੀ, 23 ਸਤੰਬਰ (ਮਧੂਸਾਰ ਬਿਊਰੋ) : ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਰਾਜਾਸਾਂਸੀ ਵਿਖੇ ਬੁੱਧਵਾਰ ਨੂੰ ਹੋਏ ਭਰਵੇਂ ਸਵਾਗਤ ਮੌਕੇ ਸੰਬੋਧਨ ਕਰਦਿਆਂ ਦਿੱਲੀ ਦੇ ਕੈਬਨਿਟ ਮੰਤਰੀ ਤੇ ਭਾਜਪਾ ਦੇ ਕੇਂਦਰੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਨਾਂ ’ਤੇ ‘ਆਪ’ ਸਰਕਾਰ ਤੋਂ ਕੇਵਲ ਧੋਖਾ ਮਿਲਿਆ ਹੈ।
ਸ. ਸਿਰਸਾ ਨੇ ਪੰਜਾਬੀਆਂ ਨੂੰ ਹੋਕਾ ਦਿੱਤਾ ਕਿ ਜਿਸ ਪੰਜਾਬ ਨੇ ਮੁਲਕ ਨੂੰ ਆਜ਼ਾਦ ਕਰਾਉਣ ਲਈ ਸ਼ਹਾਦਤਾਂ ਦਿੱਤੀਆਂ, ਹੁਣ ਉਸੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਨੂੰ ਘਰਾਂ ਵਿੱਚੋਂ ਬਾਹਰ ਨਿਕਲਣਾ ਪਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਹੁਣ ਸਿਰਫ਼ ਸਿਆਸਤ ਦਾ ਵਿਸ਼ਾ ਨਹੀਂ ਰਿਹਾ, ਸਗੋਂ ਇਹ ਪੰਜਾਬ ਦੇ ਭਵਿੱਖ ਦਾ ਸਵਾਲ ਬਣ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸੂਬਾ ਪੱਧਰੀ ਮੁਹਿੰਮ ਚਲਾ ਰਹੀ ਹੈ ਤਾਂ ਆਮ ਆਦਮੀ ਪਾਰਟੀ ਵੱਲੋਂ ਇਸ ਦਾ ਵਿਰੋਧ ਕਰਨਾ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਨਸ਼ਾ ਮੁਕਤ ਪੰਜਾਬ ਲਈ ਵਚਨਬੱਧ ਹੋਣ ਦਾ ਦਾਅਵਾ ਕਰਦੀ ਹੈ, ਉਸ ਨੂੰ ਨਸ਼ਿਆਂ ਵਿਰੁੱਧ ਹਰ ਸਾਰਥਕ ਯਤਨ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ, ਨਾ ਕਿ ਉਸ ਦਾ ਵਿਰੋਧ।
ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਸਿਰਸਾ ਨੇ ਦਿੱਲੀ ਵਿੱਚ ‘ਆਪ’ ਸਰਕਾਰ ਦੇ ਕਾਰਜਕਾਲ ਅਤੇ ਉਸ ਦੀ ਆਬਕਾਰੀ ਨੀਤੀ ਨਾਲ ਜੁੜੇ ਵਿਵਾਦਾਂ ਦਾ ਹਵਾਲਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਇਸ ਨੀਤੀ ਰਾਹੀਂ ਸ਼ਰਾਬ ਦੀ ਵਿਕਰੀ ਨੂੰ ਉਤਸ਼ਾਹਿਤ ਕੀਤਾ ਗਿਆ ਅਤੇ ‘ਇੱਕ ਬੋਦਲ ਨਾਲ ਇਕ ਫ਼ਰੀ’ ਵਰਗੀਆਂ ਪ੍ਰਚਾਰਿਤ ਸਕੀਮਾਂ ਲੋਕਾਂ ਨੂੰ ਨਸ਼ੇ ’ਚ ਡੋਬਣ ਦੀ ਕਵਾਇਦ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਪਹਿਲਾਂ ‘ਆਪ’ ਆਗੂਆਂ ਨੇ ਪੰਜਾਬ ਵਿੱਚੋਂ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ। “ਉਹ ਵਾਅਦਾ ਕਿੱਥੇ ਗਿਆ? ਪੰਜਾਬ ਦੇ ਲੋਕਾਂ ਨੂੰ ਸਰਕਾਰ ਜਵਾਬ ਦੇਵੇ,” ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਆਪਣੀਆਂ ਮੁਲਾਕਾਤਾਂ ਦਾ ਜ਼ਿਕਰ ਕਰਦਿਆਂ ਸਿਰਸਾ ਨੇ ਕਿਹਾ ਕਿ ਕਈ ਮਾਵਾਂ ਨੇ ਆਪਣੇ ਬੱਚਿਆਂ ਦੀ ਮੌਤ, ਨਸ਼ਿਆਂ ਦੀ ਲਤ ਅਤੇ ਜੇਲ੍ਹ ਜਾਣ ਨਾਲ ਜੁੜੀਆਂ ਬੇਹੱਦ ਦਰਦਨਾਕ ਕਹਾਣੀਆਂ ਸੁਣਾਈਆਂ ਹਨ। ਉਨ੍ਹਾਂ ਇੱਕ ਮਾਂ ਦਾ ਮਾਮਲਾ ਦੱਸਦਿਆਂ ਕਿਹਾ ਕਿ ਉਸ ਦੇ ਤਿੰਨ ਬੱਚਿਆਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਹੈ, ਦੂਜਾ ਨਸ਼ਿਆਂ ਦੀ ਲਤ ਨਾਲ ਜੂਝ ਰਿਹਾ ਹੈ ਅਤੇ ਤੀਜਾ ਨਸ਼ਿਆਂ ਨਾਲ ਸਬੰਧਤ ਮਾਮਲੇ ਵਿੱਚ ਜੇਲ੍ਹ ਵਿੱਚ ਹੈ।
ਸਿਰਸਾ ਨੇ ਕਿਹਾ ਕਿ ਨਸ਼ਿਆਂ ਦੇ ਆਦੀ ਵਿਅਕਤੀ ਅਤੇ ਨਸ਼ਾ ਤਸਕਰ ਨੂੰ ਇੱਕੋ ਨਜ਼ਰ ਨਾਲ ਨਹੀਂ ਦੇਖਿਆ ਜਾ ਸਕਦਾ। “ਨਸ਼ਿਆਂ ਦੀ ਲਤ ਦਾ ਸ਼ਿਕਾਰ ਵਿਅਕਤੀ ਇਲਾਜ, ਪੁਨਰਵਾਸ ਅਤੇ ਸਹਾਇਤਾ ਦਾ ਹੱਕਦਾਰ ਹੈ, ਜਦਕਿ ਨਸ਼ਾ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ,” ਉਨ੍ਹਾਂ ਕਿਹਾ।
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁੱਦੇ ’ਤੇ ਅਕਸਰ ਅੰਤਰਰਾਸ਼ਟਰੀ ਸਰਹੱਦ ਅਤੇ ਬੀਐਸਐਫ ਦਾ ਹਵਾਲਾ ਦਿੱਤੇ ਜਾਣ ’ਤੇ ਸਿਰਸਾ ਨੇ ਸਵਾਲ ਕੀਤਾ, “ਜਦੋਂ ‘ਆਪ’ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਕੀ ਉਦੋਂ ਸਰਹੱਦ ਬੀਐਸਐਫ ਦੀ ਜ਼ਿੰਮੇਵਾਰੀ ਹੇਠ ਨਹੀਂ ਸੀ?”
ਉਨ੍ਹਾਂ ਕਿਹਾ ਕਿ ਸਰਹੱਦ ਦਾ ਹਵਾਲਾ ਦੇ ਕੇ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੀ। “ਬੀਐਸਐਫ ਨੂੰ ਦੋਸ਼ ਦੇਣ ਦੀ ਬਜਾਏ ਸਰਕਾਰ ਨੂੰ ਨਤੀਜੇ ਦੇਣੇ ਚਾਹੀਦੇ ਹਨ,” ਉਨ੍ਹਾਂ ਕਿਹਾ।
ਸਿਰਸਾ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਕਿ ਸੂਬੇ ਦੇ ਅੰਦਰ ਚੱਲ ਰਹੀ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਕੀ ਕਦਮ ਚੁੱਕੇ ਗਏ ਹਨ ਅਤੇ ਵੱਡੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਕੀ ਕਾਰਵਾਈ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਅਤੇ ਇਸ ਨਾਲ ਜੁੜੀ ਵੱਡੀ ਸੁਰੱਖਿਆ ਚੁਣੌਤੀ ਨਾਲ ਨਜਿੱਠਣ ਲਈ ਕੇਂਦਰ ਅਤੇ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਦੀ ਲੋੜ ਹੈ। “ਪੰਜਾਬ ਦੀ ਨੌਜਵਾਨੀ ਨੂੰ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਹੀ ਬਚਾਇਆ ਜਾ ਸਕਦਾ ਹੈ ਜੋ ਆਪ ਤੇ ਕੇਜਰੀਵਾਲ ’ਚ ਹੈ ਹੀ ਨਹੀਂ,”
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਸ਼ਮੀਰ ’ਚੋਂ ਧਾਰਾ 370 ਅਤੇ ਅਤਿਵਾਦ ਨੂੰ ਖ਼ਤਮ ਕੀਤਾ , ਨਕਸਲਵਾਦ ਖ਼ਤਮ ਕੀਤਾ ਗਿਆ ਹੁਣ ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ਦੀ ਵਾਰੀ ਹੈ। “ਜਿਸ ਪੰਜਾਬ ਨੇ ਦੇਸ਼ ਦੀ ਆਜ਼ਾਦੀ ਅਤੇ ਸੁਰੱਖਿਆ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ, ਉਹ ਆਪਣੀ ਨੌਜਵਾਨੀ ਨੂੰ ਨਸ਼ਿਆਂ ਨਾਲ ਤਬਾਹ ਹੁੰਦਾ ਨਹੀਂ ਦੇਖ ਸਕਦਾ,” ਉਨ੍ਹਾਂ ਕਿਹਾ ਅਤੇ ਲੋਕਾਂ ਨੂੰ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨਾਲ ਜੁੜ ਕੇ ਇਸ ਮੁਹਿੰਮ ਨੂੰ ਪਰਿਵਾਰ ਅਤੇ ਸਮਾਜ ਪੱਧਰ ’ਤੇ ਅੱਗੇ ਵਧਾਉਣ ਦੀ ਅਪੀਲ ਕੀਤੀ।
ਸਿਰਸਾ ਨੇ ਪੰਜਾਬ ਸਰਕਾਰ ’ਤੇ ਸਰਕਾਰੀ ਪੈਸੇ ਨੂੰ ਪ੍ਰਚਾਰ ’ਤੇ ਖ਼ਰਚਣ ਦਾ ਵੀ ਦੋਸ਼ ਲਾਇਆ। ਉਨ੍ਹਾਂ ₹1,200 ਕਰੋੜ ਦੇ ਅੰਕੜੇ ਦਾ ਹਵਾਲਾ ਦਿੰਦਿਆਂ ਦੋਸ਼ ਲਾਇਆ ਕਿ ਨਸ਼ਿਆਂ ਦੀ ਸਮੱਸਿਆ ਖ਼ਤਮ ਹੋਣ ਦੇ ਦਾਅਵਿਆਂ ਲਈ ਵੱਡੀ ਰਕਮ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, “ਪੰਜਾਬ ਦਾ ਪੈਸਾ ਪੰਜਾਬ ਦੇ ਲੋਕਾਂ ’ਤੇ ਖ਼ਰਚ ਹੋਣਾ ਚਾਹੀਦਾ ਹੈ, ਪ੍ਰਚਾਰ ’ਤੇ ਨਹੀਂ।”
ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਸਿਰਸਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਸੰਕਟ ਦੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੀ। ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀਆਂ ਮੁੱਢਲੀਆਂ ਜ਼ਿੰਮੇਵਾਰੀਆਂ ਵਿੱਚੋਂ ਇੱਕ ਹੈ ਅਤੇ ਸੂਬੇ ਵਿੱਚ ਨਸ਼ਿਆਂ ਦੀ ਉਪਲਬਧਤਾ ਅਤੇ ਤਸਕਰੀ ਨਾਲ ਜੁੜੇ ਸਵਾਲਾਂ ਦੇ ਜਵਾਬ ਪੰਜਾਬ ਸਰਕਾਰ ਨੂੰ ਦੇਣੇ ਪੈਣਗੇ।
ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਆਸੀ ਤੌਰ ’ਤੇ ਅਰਵਿੰਦ ਕੇਜਰੀਵਾਲ ’ਤੇ ਨਿਰਭਰ ਹਨ ਅਤੇ ਕਿਹਾ ਕਿ ਪੰਜਾਬ ਦੇ ਫੈਸਲੇ ਪੰਜਾਬੀਆਂ ਅਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੋਣੇ ਚਾਹੀਦੇ ਹਨ।
ਸਿਰਸਾ ਨੇ ਪੰਜਾਬ ਸਰਕਾਰ ਵੱਲੋਂ ਮੁਫ਼ਤ ਸਹੂਲਤਾਂ ਦੇਣ ਅਤੇ ਕਰਜ਼ਾ ਵਧਾਉਣ ਦੀ ਨੀਤੀ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਅਜਿਹੇ ਵਾਅਦਿਆਂ ਅਤੇ ਵਿੱਤੀ ਬੋਝ ਨੂੰ ਲੰਬੇ ਸਮੇਂ ਵਿੱਚ ਕਿਵੇਂ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਭਾਜਪਾ ਦਾ ਮੰਨਣਾ ਹੈ ਕਿ ਸਰਕਾਰੀ ਸਰੋਤਾਂ ਦੀ ਵਰਤੋਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਸਮਾਜਿਕ ਵਿਕਾਸ ਸਮੇਤ ਲੋਕਾਂ ਦੀ ਸਿੱਧੀ ਭਲਾਈ ਲਈ ਹੋਣੀ ਚਾਹੀਦੀ ਹੈ, ਨਾ ਕਿ ਬੇਲੋੜੀ ਪ੍ਰਚਾਰਬਾਜ਼ੀ ਲਈ।

