ਚੰਡੀਗੜ੍ਹਜਲੰਧਰਪੰਜਾਬ

ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਤੇ ਭਾਜਪਾ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਬਲਬੀਰ ਸਿੰਘ ਸਿੱਧੂ ਨੇ ਚੁੱਕੇ ਸਵਾਲ

ਆਓ, ਭਲਕੇ ਇਕਜੁੱਟ ਹੋ ਕੇ ਨਸ਼ਿਆਂ ਖ਼ਿਲਾਫ਼ ਅਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਆਵਾਜ਼ ਬੁਲੰਦ ਕਰੀਏ: ਸਿੱਧੂ

ਮੋਹਾਲੀ, 23 ਸਤੰਬਰ (ਮਧੂਸਾਰ ਬਿਊਰੋ) ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਕਹਿਰ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਭਾਜਪਾ ਵੱਲੋਂ ਕੀਤੀ ਜਾ ਰਹੀ ‘ਨਸ਼ਾ ਮੁਕਤ ਯਾਤਰਾ’ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਨਾਅਰੇ ਲਗਾਉਣ ਅਤੇ ਯਾਤਰਾਵਾਂ ਕੱਢਣ ਨਾਲ ਨਸ਼ਾ ਖ਼ਤਮ ਨਹੀਂ ਹੋਵੇਗਾ, ਸਰਕਾਰ ਨੂੰ ਨਸ਼ੇ ਦੀ ਸਪਲਾਈ ਲਾਈਨ ਤੋੜਨ ਅਤੇ ਨੌਜਵਾਨਾਂ ਨੂੰ ਬਚਾਉਣ ਲਈ ਠੋਸ ਕਾਰਵਾਈ ਕਰਨੀ ਪਵੇਗੀ।

ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਖ਼ਤਮ ਹੋਣ ਦੀ ਬਜਾਏ ਲਗਾਤਾਰ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਦਾਅਵੇ ਸੱਚੇ ਹਨ ਤਾਂ ਫਿਰ ਹਰ ਰੋਜ਼ ਨਸ਼ਿਆਂ ਨਾਲ ਜੁੜੀਆਂ ਘਟਨਾਵਾਂ, ਨੌਜਵਾਨਾਂ ਦੀਆਂ ਮੌਤਾਂ ਅਤੇ ਨਸ਼ੇ ਦੀ ਸਪਲਾਈ ਬਾਰੇ ਸਾਹਮਣੇ ਆ ਰਹੀਆਂ ਖ਼ਬਰਾਂ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦੀਆਂ ਹਨ।

ਉਨ੍ਹਾਂ ਭਾਜਪਾ ਨੂੰ ਸਵਾਲ ਕਰਦਿਆਂ ਕਿਹਾ ਕਿ ਜਿਹੜੀ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਕਰਦੀ ਹੈ, ਉਹ ਪਹਿਲਾਂ ਇਹ ਦੱਸੇ ਕਿ ਗੁਜਰਾਤ ਵਿੱਚ ਵੱਡੀਆਂ ਨਸ਼ੀਲੀਆਂ ਖੇਪਾਂ ਦੀ ਬਰਾਮਦਗੀ ਕਿਵੇਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਰਿਕਾਰਡ ਮੁਤਾਬਕ ਗੁਜਰਾਤ ਬੰਦਰਗਾਹਾਂ ’ਤੇ ਵੀ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਜ਼ਬਤ ਹੋ ਚੁੱਕੀਆਂ ਹਨ। ਜੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਤਾਂ ਦੇਸ਼ ਦੀਆਂ ਬੰਦਰਗਾਹਾਂ ’ਤੇ ਨਸ਼ਿਆਂ ਦੀ ਆਮਦ ਨੂੰ ਰੋਕਣ ਲਈ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।

ਸਿੱਧੂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੀ ਬਜਾਏ ਸਿਆਸੀ ਪ੍ਰਚਾਰ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਪੰਜਾਬ ਦੀ ਨਹੀਂ, ਸਗੋਂ ਪੂਰੇ ਦੇਸ਼ ਦੀ ਜ਼ਿੰਮੇਵਾਰੀ ਹੈ ਅਤੇ ਜਿੱਥੋਂ ਨਸ਼ਿਆਂ ਦੀ ਸਪਲਾਈ ਹੋ ਰਹੀ ਹੈ, ਉੱਥੇ ਸਖ਼ਤ ਕਾਰਵਾਈ ਕਰਨਾ ਕੇਂਦਰ ਅਤੇ ਸੂਬਾ ਸਰਕਾਰ ਦੋਵਾਂ ਦੀ ਜ਼ਿੰਮੇਵਾਰੀ ਹੈ।

ਗੁਲਜ਼ਾਰ ਸਿੰਘ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਚੁੱਕਣ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਹਰ ਨਾਗਰਿਕ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ, ਜਿਸ ਨੇ ਨਸ਼ਿਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ ਸੀ। ਉਸ ਦੀ ਆਵਾਜ਼ ਸੁਣਨ ਦੀ ਬਜਾਏ ਉਸ ਨੂੰ ਡਰਾਇਆ ਧਮਕਾਇਆ ਗਿਆ, ਜਿਸ ਕਾਰਨ ਉਸ ਨੇ ਸਲਫਾਸ ਪੀ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ। ਉਸ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਵੀ ਬਣਾਈ ਸੀ ਜਿਸ ਵਿੱਚ ਉਸ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਆਮ ਆਦਮੀ ਪਾਰਟੀ ਦੇ ਹੀ ਮੰਤਰੀ ਹਰਪਾਲ ਚੀਮਾ ਨੂੰ ਠਹਿਰਾਇਆ ਸੀ। ਪਰ ਬਹੁਤ ਹੀ ਨਿੰਦਣਯੋਗ ਹੈ ਕਿ ਆਮ ਆਦਮੀ ਪਾਰਟੀ ਦੋਸ਼ੀ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਇਸ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼ੀ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇ।

ਸਾਬਕਾ ਸਿਹਤ ਮੰਤਰੀ ਨੇ ਇਹ ਵੀ ਦੋਸ਼ ਲਗਾਇਆ ਕਿ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਕਈ ਵਾਰ ਡਰਾਉਣ-ਧਮਕਾਉਣ, ਝੂਠੇ ਪਰਚੇ ਦਰਜ ਕਰਨ ਅਤੇ ਤਸ਼ੱਦਦ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਆਮ ਨਾਗਰਿਕ ਨਸ਼ੇ ਦੇ ਮੁੱਦੇ ’ਤੇ ਸਰਕਾਰ ਨੂੰ ਸਵਾਲ ਕਰਦਾ ਹੈ ਤਾਂ ਉਸਦੀ ਆਵਾਜ਼ ਦਬਾਉਣ ਦੀ ਬਜਾਏ ਉਸਦੀ ਗੱਲ ਸੁਣੀ ਜਾਣੀ ਚਾਹੀਦੀ ਹੈ।

ਸ਼ੇਰੋਂ ਪਿੰਡ ਦੇ ਨੌਜਵਾਨ ਮੋਹਨਜੀਤ ਸਿੰਘ ਨਾਲ ਪਿਛਲੇ ਦਿਨੀਂ ਵਾਪਰੀ ਘਟਨਾ ਦਾ ਹਵਾਲਾ ਦਿੰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਮੋਹਨਜੀਤ ਸਿੰਘ ਨਾਲ ਪੰਜਾਬ ਸਰਕਾਰ ਦੀ ਪੁਲਿਸ ਵੱਲੋਂ ਤਸ਼ੱਦਦ ਕੀਤਾ ਗਿਆ, ਜੋ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਉਨ੍ਹਾਂ ਨੂੰ ਡਰਾਉਣ-ਧਮਕਾਉਣ ਜਾਂ ਤਸ਼ੱਦਦ ਕਰਨ ਦੀ ਬਜਾਏ ਸਰਕਾਰ ਨੂੰ ਨਸ਼ਿਆਂ ਦੇ ਅਸਲ ਕਾਰੋਬਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਲੋਕਤੰਤਰ ਦਾ ਮਤਲਬ ਇਹ ਹੈ ਕਿ ਹਰ ਵਿਅਕਤੀ ਨੂੰ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਅਤੇ ਸਰਕਾਰ ਤੋਂ ਸਵਾਲ ਪੁੱਛਣ ਦਾ ਹੱਕ ਹੋਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਬੋਲਣਾ ਕੋਈ ਜੁਰਮ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਸਮਾਜਿਕ ਜ਼ਿੰਮੇਵਾਰੀ ਹੈ। ਸਰਕਾਰ ਨੂੰ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਨਸ਼ੇ ਦੇ ਵੱਡੇ ਨੈੱਟਵਰਕ ਨੂੰ ਖ਼ਤਮ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।

ਅੰਤ ਵਿੱਚ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਨੌਜਵਾਨ ਬੱਚਿਆਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਹਰ ਪੰਜਾਬੀ ਨੂੰ ਇਸ ਲੜਾਈ ਵਿੱਚ ਆਵਾਜ਼ ਬੁਲੰਦ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਇਸੇ ਮਕਸਦ ਨਾਲ ਭਲਕੇ ਸਵੇਰੇ 10 ਵਜੇ ਐਸਐਸਪੀ ਦਫ਼ਤਰ, ਮੋਹਾਲੀ ਦੇ ਬਾਹਰ ਨਸ਼ਿਆਂ ਅਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ, ਜਿਸ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

Leave a Reply

Your email address will not be published. Required fields are marked *