ਹਰਿਆਣਾਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਦੇ ਆਧਾਰ ’ਤੇ ਡਾਕਟਰਾਂ ਅਤੇ ਸਹਾਇਕ ਸਟਾਫ਼ ਨੂੰ ਮਿਲੇਗਾ ਸਪੈਸ਼ਲ ਇੰਸੈਂਟਿਵ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ ਵਿੱਚ ਸੁਧਾਰ ਲਈ ਸਿਹਤ ਵਿਭਾਗ ਦੇ ਕੰਮਾਂ ਦੀ ਸਮੀਖਿਆ ਕੀਤੀ

ਪੰਚਕੂਲਾ 29 ਸਤੰਬਰ (ਮਧੂਸਾਰ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਅਤੇ ਚਿਰਾਯੂ ਯੋਜਨਾ ਦੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਸਿਹਤ ਵਿਭਾਗ ਪ੍ਰੋ-ਐਕਟਿਵ ਹੋ ਕੇ ਕੰਮ ਕਰਨ। ਜਿਨ੍ਹਾਂ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਧੇਗੀ, ਉਨ੍ਹਾਂ ਦੇ ਡਾਕਟਰਾਂ, ਸਹਾਇਕ ਸਟਾਫ਼ ਅਤੇ ਆਯੁਸ਼ਮਾਨ ਮਿੱਤਰਾਂ ਨੂੰ ਸਪੈਸ਼ਲ ਇੰਸੈਂਟਿਵ ਰਾਸ਼ੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਗੱਲ ਮੰਗਲਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਆਯੋਜਿਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਅਤੇ ਚਿਰਾਯੂ ਯੋਜਨਾ ਦੇ ਮਰੀਜ਼ਾਂ ਦੇ ਇਲਾਜ ਦੇ ਬਦਲੇ ਸਰਕਾਰੀ ਹਸਪਤਾਲਾਂ ਨੂੰ ਜੋ ਰਾਸ਼ੀ ਮਿਲੇਗੀ, ਉਸ ਦੀ ਵਰਤੋਂ ਸੰਬੰਧਿਤ ਹਸਪਤਾਲ ਵਿੱਚ ਡਾਕਟਰਾਂ ਤੇ ਸਟਾਫ਼ ਦੇ ਸਪੈਸ਼ਲ ਇੰਸੈਂਟਿਵ, ਹਸਪਤਾਲ ਦੇ ਅਪਗ੍ਰੇਡੇਸ਼ਨ, ਸਫ਼ਾਈ ਦੇ ਕੰਮਾਂ, ਆਯੁਸ਼ਮਾਨ ਮਿੱਤਰਾਂ ਨੂੰ ਉਤਸ਼ਾਹ ਰਾਸ਼ੀ ਆਦਿ ਵਿੱਚ ਖਰਚ ਕੀਤੀ ਜਾਵੇਗੀ। ਇਸ ਸੰਬੰਧ ਵਿੱਚ ਪੇਸ਼ ਕੀਤੇ ਗਏ ਸਿਹਤ ਵਿਭਾਗ ਦੇ ਪ੍ਰਸਤਾਵ ਨੂੰ ਸਰਕਾਰ ਦੁਆਰਾ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਕਿ ਮੁਫ਼ਤ ਇਲਾਜ ਦਾ ਘੇਰਾ ਵੱਧ ਤੋਂ ਵੱਧ ਮਰੀਜ਼ਾਂ ਤੱਕ ਪਹੁੰਚਾਉਣ ਲਈ ਸਰਕਾਰੀ ਹਸਪਤਾਲਾਂ ਵਿੱਚ ਆਯੁਸ਼ਮਾਨ ਯੋਜਨਾ ਦੇ ਪੈਕੇਜਾਂ ਦੀ ਗਿਣਤੀ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਅੱਖਾਂ ਦੇ ਮਰੀਜ਼ਾਂ ਦੀ ਪੁਤਲੀ ਖਰਾਬ ਹੋਣ ਦੀ ਬੀਮਾਰੀ ਡਾਇਬਟਿਕ ਰੇਟਿਨੋਪੈਥੀ ਦਾ ਇਲਾਜ ਵੀ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਵੇਗਾ। ਇਸ ਨੂੰ ਵੀ ਸਰਕਾਰੀ ਹਸਪਤਾਲਾਂ ਦੇ ਪੈਕੇਜ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਦਾ ਇਲਾਜ ਹੁਣ ਟੀਕੇ (ਇੰਜੈਕਸ਼ਨ) ਰਾਹੀਂ ਸੰਭਵ ਹੋ ਗਿਆ ਹੈ, ਜਿਸ ਨੂੰ ਲਗਾਉਣ ਦਾ ਖਰਚਾ ਸਰਕਾਰ ਚੁੱਕੇਗੀ।

ਮੁੱਖ ਮੰਤਰੀ ਨੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ, ਰੇਡੀਓਲਾਜਿਸਟਾਂ ਅਤੇ ਕਾਰਡੀਓਲਾਜਿਸਟਾਂ ਦੀਆਂ ਖਾਲੀ ਅਸਾਮੀਆਂ ਨੂੰ ਤੁਰੰਤ ਭਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਿਯਮਿਤ ਭਰਤੀ ਦੇ ਨਾਲ-ਨਾਲ ਸਿਹਤ ਵਿਭਾਗ ਇਹਨਾਂ ਅਸਾਮੀਆਂ ਲਈ ਵਿਦੇਸ਼ਾਂ ਦੀ ਤਰਜ਼ ’ਤੇ ਓਪਨ ਭਰਤੀ ਵੀ ਸ਼ੁਰੂ ਕਰੇ, ਜਿਸ ਦੇ ਤਹਿਤ ਕੋਈ ਵੀ ਇਛੁੱਕ ਸਪੈਸ਼ਲਿਸਟ ਆਪਣੀ ਮਰਜ਼ੀ ਦੀ ਜਗ੍ਹਾ ਅਤੇ ਸਮੇਂ ਦੀ ਮਿਆਦ ਲਈ ਸਰਕਾਰੀ ਹਸਪਤਾਲਾਂ ਵਿੱਚ ਸੇਵਾਵਾਂ ਦੇਣ ਦੀ ਪੇਸ਼ਕਸ਼ ਕਰ ਸਕੇ। ਅਜਿਹਾ ਕਰਨ ਨਾਲ ਸਰਕਾਰੀ ਹਸਪਤਾਲਾਂ ਵਿੱਚ ਸਪੈਸ਼ਲਿਸਟਾਂ ਦੀ ਕਮੀ ਦੂਰ ਹੋਵੇਗੀ ਅਤੇ ਮਰੀਜ਼ਾਂ ਨੂੰ ਇਸ ਦਾ ਕਾਫ਼ੀ ਲਾਭ ਮਿਲੇਗਾ। ਰੇਡੀਓਲਾਜਿਸਟਾਂ ਦੇ ਮਾਮਲੇ ਵਿੱਚ ਐਨ.ਐਮ.ਸੀ. ਵਿੱਚ ਰਜਿਸਟਰਡ ਰੇਡੀਓਲਾਜਿਸਟਾਂ ਦੀ ਸੂਚੀ ਦੇ ਆਧਾਰ ’ਤੇ ਸੇਵਾਮੁਕਤ ਰੇਡੀਓਲਾਜਿਸਟਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਨੇੜਲੇ ਹਸਪਤਾਲਾਂ ਵਿੱਚ ਲਈਆਂ ਜਾ ਸਕਦੀਆਂ ਹਨ। ਲੋੜ ਪੈਣ ’ਤੇ ਇਹਨਾਂ ਨੂੰ ਉਮਰ ਸੀਮਾ ਵਿੱਚ ਛੋਟ ਵੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨਿੱਜੀ ਹਸਪਤਾਲਾਂ ਵਿੱਚ ਕੰਮ ਕਰ ਰਹੇ ਅਤੇ ਨਿੱਜੀ ਪ੍ਰੈਕਟਿਸ ਕਰਨ ਵਾਲੇ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਵੀ ਸਰਕਾਰੀ ਹਸਪਤਾਲਾਂ ਵਿੱਚ ਲਈਆਂ ਜਾ ਸਕਦੀਆਂ ਹਨ, ਜਿਨ੍ਹਾਂ ਨੂੰ ਪ੍ਰਤੀ ਦਿਨ ਜਾਂ ਪ੍ਰਤੀ ਆਪ੍ਰੇਸ਼ਨ ਦੇ ਆਧਾਰ ’ਤੇ ਭੁਗਤਾਨ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਜੋ ਸਰਕਾਰੀ ਡਾਕਟਰ ਵੱਧ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ, ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਉਤਸ਼ਾਹ ਰਾਸ਼ੀ ਦਿੱਤੀ ਜਾਵੇਗੀ ਤਾਂ ਜੋ ਉਹ ਵੱਧ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਹੋ ਸਕਣ। ਉਨ੍ਹਾਂ ਸਰਕਾਰੀ ਹਸਪਤਾਲਾਂ ਵਿੱਚ ਲੋੜ ਅਨੁਸਾਰ ਆਯੁਸ਼ਮਾਨ ਮਿੱਤਰਾਂ ਦੀ ਗਿਣਤੀ ਵਧਾਉਣ ਸੰਬੰਧੀ ਵੀ ਨਿਰਦੇਸ਼ ਦਿੱਤੇ।

ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਾ, ਸਬ-ਡਿਵੀਜ਼ਨ ਪੱਧਰੀ ਹਸਪਤਾਲਾਂ ਅਤੇ ਸੀ.ਐਚ.ਸੀ., ਪੀ.ਐਚ.ਸੀ. ਤੇ ਸਬ-ਸੈਂਟਰਾਂ ਨੂੰ ਆਨਲਾਈਨ ਪਲੇਟਫ਼ਾਰਮ ’ਤੇ ਲਿਆਉਣ ਦਾ ਕੰਮ ਤੇਜ਼ੀ ਨਾਲ ਪੂਰਾ ਕੀਤਾ ਜਾਵੇ। ਇਸ ਲਈ ਮਰੀਜ਼ ਦੀ ਰਜਿਸਟ੍ਰੇਸ਼ਨ ਤੋਂ ਲੈ ਕੇ ਉਸ ਦੇ ਸਾਰੇ ਪ੍ਰਕਾਰ ਦੇ ਟੈਸਟ, ਡਾਕਟਰੀ ਸਲਾਹ ਅਤੇ ਦਵਾਈ ਦੇਣ ਤੱਕ ਦੇ ਕੰਮਾਂ ਨੂੰ ਰੀਅਲ ਟਾਈਮ ਵਿੱਚ ਦਰਜ ਕੀਤਾ ਜਾਵੇ ਤਾਂ ਜੋ ਹਸਪਤਾਲਾਂ ਦੀਆਂ ਸਾਰੀਆਂ ਗਤੀਵਿਧੀਆਂ ਦੀ ਰੀਅਲ ਟਾਈਮ ਮਾਨੀਟਰਿੰਗ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਲਗਾਏ ਗਏ ਉਪਕਰਨਾਂ ਦੀ ਯੋਗ ਵਰਤੋਂ ਯਕੀਨੀ ਬਣਾਈ ਜਾਵੇ। ਜੇਕਰ ਕੋਈ ਉਪਕਰਨ ਖਰਾਬ ਹੋ ਜਾਂਦਾ ਹੈ ਤਾਂ ਉਸ ਨੂੰ ਉਸੇ ਦਿਨ ਠੀਕ ਕਰਵਾਇਆ ਜਾਵੇ ਤਾਂ ਜੋ ਮਰੀਜ਼ਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਜੇਕਰ ਉਪਕਰਨ ਸਰਕਾਰੀ ਕਰਮਚਾਰੀ ਦੀ ਲਾਪਰਵਾਹੀ ਨਾਲ ਖਰਾਬ ਹੁੰਦਾ ਹੈ ਜਾਂ ਉਹ ਲੰਮੇ ਸਮੇਂ ਤੱਕ ਠੀਕ ਨਹੀਂ ਕਰਵਾਇਆ ਜਾਂਦਾ, ਤਾਂ ਉਸ ਲਈ ਸੰਬੰਧਿਤ ਕਰਮਚਾਰੀ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਉਨ੍ਹਾਂ ਸਰਕਾਰੀ ਹਸਪਤਾਲਾਂ ਵਿੱਚ ਕੈਥ ਲੈਬ ਖੋਲ੍ਹਣ ਲਈ ਜਲਦ ਟੈਂਡਰ ਕਰਨ ਦੇ ਨਿਰਦੇਸ਼ ਵੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ਼੍ਰੀ ਰਾਜੇਸ਼ ਖੁੱਲਰ, ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤ ਮਿਸ਼ਰਾ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਸਕੱਤਰ ਸ਼੍ਰੀ ਸੀ.ਜੀ. ਰਜਨੀਕਾਂਥਨ, ਡਾਇਰੈਕਟਰ ਸ਼੍ਰੀ ਧੀਰੇਂਦਰ ਖੜਗਟਾ, ਮੁੱਖ ਮੰਤਰੀ ਦੇ ਡਿਪਟੀ ਪ੍ਰਧਾਨ ਸਕੱਤਰ ਡਾ. ਯਸ਼ਪਾਲ ਸਿੰਘ, ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਮਨੀਸ਼ ਬੰਸਲ, ਐਨ.ਐਚ.ਐਮ. ਦੇ ਮੈਨੇਜਿੰਗ ਡਾਇਰੈਕਟਰ ਡਾ. ਰਿਪੁਦਮਨ ਸਿੰਘ ਢਿੱਲੋਂ ਅਤੇ ਡਾ. ਮਨੋਜ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *