ਅੰਮ੍ਰਿਤਸਰਚੰਡੀਗੜ੍ਹਪੰਜਾਬ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

ਅੰਮ੍ਰਿਤਸਰ, 7 ਅਕਤੂਬਰ-(ਮਧੂਸਾਰ ਬਿਊਰੋ) ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ 2026 ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਅੰਮ੍ਰਿਤਸਰ ਸਥਿਤ ਹੋਟਲ ਮਾਲਕਾਂ ਨਾਲ ਇਕੱੱਤਰਤਾ ਕੀਤੀ, ਜਿਸ ਦੌਰਾਨ ਹੋਟਲ ਮਾਲਕਾਂ ਨੇ ਵਿਸ਼ਵਾਸ ਦਿਵਾਇਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੇ ਰਹਿਣ ਲਈ ਵੱਧ ਤੋਂ ਵੱਧ ਕਮਰੇ ਸ਼੍ਰੋਮਣੀ ਕਮੇਟੀ ਨੂੰ ਮਹੱਈਆ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ, ਜਿਨ੍ਹਾਂ ਦੇ ਰਹਿਣ ਲਈ ਹੋਟਲ ਮਾਲਕਾਂ ਵੱਲੋਂ ਦਿੱਤਾ ਜਾਂਦਾ ਸਹਿਯੋਗ ਸ਼ਲਾਘਾਯੋਗ ਹੈ।

ਉਨ੍ਹਾਂ ਹੋਟਲ ਮਾਲਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਇਕ ਚੰਗਾ ਉੱਦਮ ਹੈ ਅਤੇ ਆਸ ਕਰਦੇ ਹਾਂ ਕਿ ਇਸ ਦੀ ਨਿਰੰਤਰਤਾ ਬਣੀ ਰਹੇਗੀ। ਉਨ੍ਹਾਂ ਹੋਟਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਸਬੰਧੀ 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਅਤੇ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੇ ਨਾਲ-ਨਾਲ ਨਗਰ ਕੀਰਤਨ ਦੇ ਰਸਤੇ ਵਿਚ ਸਵਾਗਤ ਲਈ ਵੀ ਅਪੀਲ ਕੀਤੀ। ਇਕੱਤਰਤਾ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ ਨੇ ਵੀ ਹੋਟਲ ਮਾਲਕਾਂ ਵੱਲੋਂ ਦਿੱਤੇ ਜਾਂਦੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਅੰਮ੍ਰਿਤਸਰ ਹੋਟਲ ਅਤੇ ਗੈਸਟ ਹਾਊਸ ਐਸੋਸੀਏਸ਼ਨ ਦੇ ਪ੍ਰਧਾਨ ਸ. ਸੁਰਿੰਦਰ ਸਿੰਘ ਤੇ ਚੇਅਰਮੈਨ ਸ. ਹਰਿੰਦਰ ਸਿੰਘ ਨੇ ਹੋਟਲ ਮਾਲਕਾਂ ਵੱਲੋਂ ਵਿਸ਼ਵਾਸ ਦਿਵਾਇਆ ਕਿ ਹੋਟਲਾਂ ਵਿਚ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਜਾਣ ਵਾਲੇ ਮੁਫ਼ਤ ਕਮਰਿਆਂ ਤੋਂ ਇਲਾਵਾ ਅਸੀਂ ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਵਚਨਬਧ ਹਾਂ ਅਤੇ ਰਹਾਂਗੇ। ਇਸ ਮੌਕੇ ਮੈਨੇਜਰ ਸ. ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਖ ਵੱਖ ਹੋਟਲਾਂ ਦੇ ਮਾਲਕ ਤੇ ਨੁਮਾਇੰਦੇ ਸ਼ਾਮਲ ਸਨ।

Leave a Reply

Your email address will not be published. Required fields are marked *