ਅੰਮ੍ਰਿਤਸਰਚੰਡੀਗੜ੍ਹਪੰਜਾਬ

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ

ਅੰਮ੍ਰਿਤਸਰ, 8 ਅਕਤੂਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਲੰਗਰ ਹਾਲ ’ਚ ਵਾਪਰੀ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਗੁਰੂ ਕੇ ਲੰਗਰ ਦੀ ਸੇਵਾ ਵਾਲੇ ਸਥਾਨ ਨੂੰ ਨਿਸ਼ਾਨਾ ਬਣਾਉਣਾ ਬੇਹੱਦ ਗੰਭੀਰ ਮਾਮਲਾ ਹੈ ਅਤੇ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪੁਲਿਸ ਪ੍ਰਸ਼ਾਸਨ ਇਸ ਹਰਕਤ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਸੰਗਤ ਲਈ ਸਿਰਫ਼ ਧਾਰਮਿਕ ਸਥਾਨ ਹੀ ਨਹੀਂ, ਸਗੋਂ ਸੇਵਾ, ਸਾਂਝ ਅਤੇ ਆਸਥਾ ਦਾ ਕੇਂਦਰ ਹਨ। ਗੁਰੂ ਕੇ ਲੰਗਰ ਦੀ ਪਰੰਪਰਾ ਸਮੁੱਚੀ ਮਨੁੱਖਤਾ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਸੇਵਾ ਅਤੇ ਬਰਾਬਰੀ ਦਾ ਸੰਦੇਸ਼ ਦਿੰਦੀ ਹੈ। ਇਸ ਲਈ ਲੰਗਰ ਹਾਲ ਜਾਂ ਗੁਰਦੁਆਰਾ ਸਾਹਿਬ ਦੀ ਕਿਸੇ ਵੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਾਰਵਾਈ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਰਯਾਦਾ, ਗੁਰੂ ਕੇ ਲੰਗਰ ਦੀ ਸੇਵਾ ਅਤੇ ਸੰਗਤ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹਨ, ਜਿਸ ਦੀ ਤੌਹੀਨ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਆਦੇਸ਼ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਸ਼ਾਸਨ ਨੂੰ ਵੀ ਮਾਮਲੇ ਦੀ ਨਿਰਪੱਖ ਅਤੇ ਗੰਭੀਰਤਾ ਨਾਲ ਜਾਂਚ ਕਰਕੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਆਖਿਆ।

Leave a Reply

Your email address will not be published. Required fields are marked *