ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ 9 ਅਕਤੂਬਰ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਘੁੰਮਣ ਨੂੰ ਸੀ.ਬੀ.ਆਈ. ਦੀ ਐਫ਼.ਆਈ.ਆਰ. ਅਤੇ ਉਨ੍ਹਾਂ ਦੇ ਜੱਦੀ ਘਰ ਦੀ ਤਲਾਸ਼ੀ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਫ਼ਿਲਹਾਲ ਰਾਹਤ ਨਹੀਂ ਮਿਲੀ। ਕੇਂਦਰੀ ਜਾਂਚ ਬਿਊਰੋ (329) ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਚੁਣੌਤੀ ਦਿੰਦਿਆਂ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਕੋਈ ਵੀ ਅੰਤਰਿਮ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਦਾਲਤ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੂਰਾ ਕੇਸ ਅਗਲੇਰੀ ਕਾਰਵਾਈ ਅਤੇ ਦਿਸ਼ਾ-ਨਿਰਦੇਸ਼ਾਂ ਲਈ ਹਾਈ ਕੋਰਟ ਦੇ ਮਾਨਯੋਗ ਚੀਫ਼ ਜਸਟਿਸ ਕੋਲ ਭੇਜਣ ਦੇ ਹੁਕਮ ਦਿੱਤੇ ਹਨ। ਜਸਟਿਸ ਜੇ. ਐਸ. ਬੇਦੀ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਬੈਂਚ ਸਾਹਮਣੇ ਸੁਣਵਾਈ ਲਈ ਢੁੱਕਵਾਂ ਨਹੀਂ ਹੈ, ਕਿਉਕਿ ਸੰਬੰਧਿਤ ਐਫ਼.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਹਾਈ ਕੋਰਟ ਦੇ ਡਵੀਜ਼ਨ ਬੈਂਚ ਨੇ ਦਿੱਤੇ ਸਨ। ਅਦਾਲਤ ਨੇ ਪਟੀਸ਼ਨਰ ਨੂੰ ਢੁੱਕਵੇਂ ਮੰਚ ’ਤੇ ਜਾਣ ਦੀ ਸਲਾਹ ਦਿੱਤੀ।

