ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰੋਜਾਨਾ ਝੋਨੇ ਦੀ ਖਰੀਦ ਦਾ ਜਾਇਜਾ ਲੈਣ ਦੇ ਨਿਰਦੇਸ਼-ਤੋਤਾ ਸਿੰਘ
ਖੇਤੀਬਾੜੀ ਮੰਤਰੀ ਤੋਤਾ ਸਿੰਘ ਨੇ ਸਰਹਿੰਦ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜਾ ਲਿਆ
ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਦ ਦੀ ਅਪੀਲ
ਜਿਲੇ ਵਿੱਚ ਹੁਣ ਤੱਕ 15 ਹਜਾਰ 107 ਮੀਟਰਿਕ ਟਨ ਹੋਈ ਝੋਨੇ ਦੀ ਖਰੀਦ
ਫਤਹਿਗੜ੍ਹ ਸਾਹਿਬ, 6 ਅਕਤੂਬਰ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੰਜਾਬ ਦੀਆਂ ਸਾਰੀਆਂ 1831 ਅਨਾਜ ਮੰਡੀਆਂ ਵਿੱਚ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਰੋਜਾਨਾ ਸਵੇਰੇ 9 ਵਜੇ ਸਾਰੀਆਂ ਖਰੀਦ ਏਜੰਸੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜੇਕਰ ਕਿਸੇ ਮੰਡੀ ਵਿੱਚ ਕੋਈ ਸਮੱਸਿਆ ਸਾਹਮਣੇ ਆਵੇ ਤਾਂ ਉਸਦਾ ਤੁਰੰਤ ਨਿਪਟਾਰਾ ਕਰਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਜਾਵੇ। ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਮੰਤਰੀ ਜੱਥੇਦਾਰ ਤੋਤਾ ਸਿੰਘ ਨੇ ਅੱਜ ਇੱਥੇ ਨਵੀਂ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੀ ਖਰੀਦ ਦਾ ਜਾਇਜਾ ਲੈਂਦਿਆ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਇਸ ਮੌਕੇ ਉਹਨਾਂ ਦੇ ਨਾਲ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸ੍ਰ ਦੀਦਾਰ ਸਿੰਘ ਭੱਟੀ ਅਤੇ ਜਿਲਾ ਪ੍ਰਧਾਨ ਸ਼੍ਰੋ: ਅਕਾਲੀ ਦਲ ਸ੍ਰ: ਰਣਜੀਤ ਸਿੰਘ ਲਿਬੜਾ ਅਤੇ ਜਿਲੇ ਦੇ ਡਿਪਟੀ ਕਮਿਸ਼ਨਰ ਸ੍ਰ: ਕਮਲਦੀਪ ਸਿੰਘ ਸੰਘਾ ਵੀ ਮੌਜੂਦ ਸਨ ।
ਖੇਤੀਬਾੜੀ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਮੰਡੀਆਂ ਵਿੱਚ ਨਾਲੋ ਨਾਲ ਖਰੀਦ ਵਾਸਤੇ 17 ਫੀਸਦੀ ਨਮੀ ਤੋਂ ਵੱਧ ਵਾਲਾ ਝੋਨਾ ਮੰਡੀਆਂ ਵਿੱਚ ਨਾ ਲੈ ਕੇ ਆਉਣ। ਉਹਨਾਂ ਕਿਹਾ ਕਿ ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ । ਉਹਨਾਂ ਆਖਿਆ ਕਿ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਅਤੇ ਆੜਤੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ 17 ਫੀਸਦੀ ਤੋਂ ਵੱਧ ਨਮੀ ਵਾਲੇ ਝੋਨੇ ਨੂੰ ਅਨਾਜ ਮੰਡੀਆਂ ਦੇ ਗੇਟ ਤੇ ਹੀ ਚੈਕ ਕਰਕੇ ਵਾਪਸ ਕੀਤਾ ਜਾਵੇ। ਉਹਨਾਂ ਇਹ ਵੀ ਦੱਸਿਆ ਕਿ ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਰਾਤ ਨੂੰ ਕੰਬਾਇਨ ਨਾਲ ਝੋਨਾ ਵੱਢਣ ਤੇ ਪੂਰੀ ਤਰਾਂ ਪਾਬੰਦੀ ਲਗਾਈ ਜਾਵੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕੰਬਾਇਨ ਮਾਲਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

