22 ਨਵੰਬਰ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ, 1828 ਸ਼ਰਧਾਲੂਆਂ ਦੇ ਪਾਸਪੋਰਟ ਹੋਏ ਜਮ੍ਹਾ
ਅੰਮ੍ਰਿਤਸਰ 21 ਅਕਤੂਬਰ (ਮਧੂਸਾਰ ਬਿਊਰੋ) ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਉਨ੍ਹਾਂ ਦੇ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ 22 ਨਵੰਬਰ ਨੂੰ ਰਵਾਨਾ ਹੋਵੇਗਾ। 10 ਦਿਨਾਂ ਦੀ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੇ ਪਾਸਪੋਰਟ ਅੱਜ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿਖੇ ਜਮ੍ਹਾ ਕਰਵਾਏ ਗਏ। ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਤੋਂ ਸਿੱਖ ਸ਼ਰਧਾਲੂਆਂ ਦੇ 1,828 ਪਾਸਪੋਰਟ ਜਮ੍ਹਾ ਕਰਵਾਏ ਹਨ। ਇਸ ਤੋਂ ਇਲਾਵਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 557 ਪਾਸਪੋਰਟ, ਉਤਰਾਖੰਡ ਤੋਂ ਸਿੱਖ ਸੰਗਤ ਦੇ 254 ਪਾਸਪੋਰਟ ਅਤੇ ਉੱਤਰ ਪ੍ਰਦੇਸ਼ ਤੋਂ 150 ਸ਼ਰਧਾਲੂਆਂ ਦੇ ਪਾਸਪੋਰਟ ਜਮ੍ਹਾ ਕਰਵਾਏ ਗਏ ਹਨ। ਝਾਰਖੰਡ ਤੋਂ 12 ਪਾਸਪੋਰਟ ਅਤੇ ਗੁਜਰਾਤ ਤੋਂ 2 ਸ਼ਰਧਾਲੂਆਂ ਦੇ ਪਾਸਪੋਰਟ ਵੀ ਜਮ੍ਹਾ ਕਰਵਾਏ ਗਏ ਹਨ।
ਵੱਖ-ਵੱਖ ਸੂਬਿਆਂ ਤੋਂ ਸਿੱਖ ਸ਼ਰਧਾਲੂ ਹੋਣਗੇ ਸ਼ਾਮਲ
ਇਸ ਜਥੇ ’ਚ ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਸਿੱਖ ਸ਼ਰਧਾਲੂ ਸ਼ਾਮਲ ਹੋਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸੂਬਿਆਂ ਦੀਆਂ ਸਿੱਖ ਸੰਸਥਾਵਾਂ ਨੇ ਸ਼ਰਧਾਲੂਆਂ ਨੂੰ ਆਪਣੇ ਪਾਸਪੋਰਟ ਜਮ੍ਹਾ ਕਰਵਾਏ ਹਨ। ਇਸ ਯਾਤਰਾ ਦਾ ਮੁੱਖ ਉਦੇਸ਼ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਾ ਹੈ।
ਵੱਖ-ਵੱਖ ਸਿੱਖ ਸੰਗਠਨਾਂ ਦੇ ਨੁਮਾਇੰਦੇ ਰਹੇ ਮੌਜੂਦ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਮੌਜੂਦ ਸਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਰਮਜੀਤ ਸਿੰਘ ਚੜੋਕ ਅਤੇ ਰਣਧੀਰ ਸਿੰਘ ਵੀ ਮੌਜੂਦ ਸਨ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਸਿੱਖ ਪ੍ਰਤੀਨਿਧੀ ਬੋਰਡ, ਲਖਨਊ ਦੇ ਚੇਅਰਮੈਨ ਰਾਜਵੰਤ ਸਿੰਘ ਬੱਗਾ, ਉਤਰਾਖੰਡ ਦੇ ਗੁਰਦੁਆਰਾ ਨਾਨਕਮੱਤਾ ਸਾਹਿਬ ਤੋਂ ਵਰਿੰਦਰ ਸਿੰਘ, ਅੰਗਰੇਜ਼ ਸਿੰਘ ਅਤੇ ਜਗਪ੍ਰੀਤ ਸਿੰਘ ਅਤੇ ਯਾਤਰਾ ਨਾਲ ਜੁੜੇ ਹੋਰ ਨੁਮਾਇੰਦੇ ਵੀ ਮੌਜੂਦ ਸਨ। ਸ਼ਰਧਾਲੂ ਹੁਣ ਪਾਕਿਸਤਾਨ ਦੀ ਯਾਤਰਾ ਲਈ ਵੀਜ਼ਿਆਂ ਦੀ ਉਡੀਕ ਕਰਨਗੇ। ਵੀਜ਼ੇ ਮਿਲਣ ਤੋਂ ਬਾਅਦ ਜੱਥਾ 22 ਨਵੰਬਰ ਨੂੰ 10 ਦਿਨਾਂ ਦੀ ਯਾਤਰਾ ਲਈ ਰਵਾਨਾ ਹੋਵੇਗਾ।

