ਜਲੂਰ ਕਾਂਡ-ਜਥੇਬੰਦੀਆਂ ਦੇ ਆਗੂ ਮਨੁੱਖੀ ਅਧਿਕਾਰ ਕਮਿਸ਼ਨ ਤੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੂੰ ਮਿਲੇ
ਚੰਡੀਗੜ੍ਹ6 ਅਕਤੂਬਰ (ਮਧੂਸਾਰ ਬਿਊਰੋ) ਜ਼ਿਲ੍ਹਾ ਸੰਗਰੂਰ ਦੇ ਪਿੰਡ ਜ਼ਲੂਰ ‘ਚ ਦਲਿਤਾਂ ‘ਤੇ ਹੋਏ ਹਮਲੇ ਦੇ ਦੋਸ਼ੀਆਂ ਵਿਰੁਧ ਕਾਰਵਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਜਨਤਕ ਜਥੇਬੰਦੀਆਂ ਡੈਮੋਕਰੇਟਿਕ ਲਾਇਰਜ਼ ਐਸੋਸੀਏਸ਼ਨ, ਨੌਜਵਾਨ ਭਾਰਤ ਸਭਾ, ਕਿਰਤੀ ਕਿਸਾਨ ਯੂਨੀਅਨ, ਇਫਟੂ ਦੇ ਇੱਕ ਵਫ਼ਦ ਨੇ ਅੱਜ ਇੱਥੇ ਰਾਜ ਦੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਪਹੁੰਚ ਕੀਤੀ।
ਵਫ਼ਦ ਵਿੱਚ ਨਿਰਭੈ ਸਿੰਘ ਢੁੱਡੀਕੇ, ਕੁਲਵਿੰਦਰ ਸਿੰਘ ਵੜੈਚ, ਦਲਜੀਤ ਸਿੰਘ ਐਡਵੋਕੇਟ, ਰਾਮਿੰਦਰ ਸਿੰਘ ਪਟਿਆਲਾ ਅਤੇ ਜਸਵੀਰ ਦੀਪ ਆਦਿ ਸ਼ਾਮਲ ਸਨ। ਉਕਤ ਆਗੂਆਂ ਨੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਰਜਿਸਟਰਾਰ ਨੂੰ ਦੱਸਿਆ ਕਿ ਜਲੂਰ ਪਿੰਡ ਵਿੱਚ ਪੁਲੀਸ ਦੀ ਸ਼ਹਿਰ ‘ਤੇ ਦਲਿਤਾਂ ਉਪਰ ਅੱਤਿਆਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲੀਸ ਦੀ ਸ਼ਹਿ ‘ਤੇ ਹੋਏ ਇਸ ਕਾਂਡ ਦੇ ਦੋਸ਼ੀਆਂ ਵਿਰੁਧ ਤੁਰੰਤ ਕਾਰਵਾਈ ਕੀਤੀ ਜਾਵੇ। ਉਕਤ ਆਗੂਆਂ ਨੇ ਕਿਹਾ ਕਿ 5 ਅਕਤੂਬਰ ਨੂੰ ਜਦੋਂ ਦਲਿਤ ਐਸ.ਡੀ.ਐਮ. ਦਫ਼ਤਰ ਦੇ ਮੂਹਰੇ ਧਰਨੇ ‘ਤੇ ਬੈਠੇ ਸਨ ਧਰਨਾਕਾਰੀਆਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਹ ਧਮਕੀਆਂ ਦੇਣ ਦਾ ਮਾਮਲਾ ਡੀਐਸਪੀ ਲਹਿਰਾਗਾਗਾ ਦੇ ਧਿਆਨ ‘ਚ ਲਿਆਂਦਾ ਗਿਆ ਸੀ। ਪੁਲੀਸ ਅਧਿਕਾਰੀਆਂ ਦੇ ਧਿਆਨ ‘ਚ ਲਿਆਉਣ ਦੇ ਬਾਵਜ਼ੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਹਮਲਾਵਰਾਂ ਨੂੰ ਸ਼ਹਿ ਦਿੱਤੀ ਗਈ। ਉਨਾਂ ਕਿਹਾ ਕਿ ਜਦੋਂ ਦਲਿਤ ਧਰਨਾ ਦੇ ਕੇ ਵਾਪਸ ਆ ਰਹੇ ਸਨ ਤਾਂ ਸਬਕ ਸਿਖਾਉਣ ਦੀ ਨੀਅਤ ਨਾਲ ਹਮਲਾ ਕਰ ਦਿੱਤਾ। ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਸ ਘਟਨਾ ਸਬੰਧੀ ਡੀਜੀਪੀ ਸੁਰੇਸ਼ ਅਰੋੜਾ ਦੇ ਦਫਤਰ ਸੂਚਨਾ ਦਿੱਤੀ ਗਈ ਪਰ ਪੁਲੀਸ ਨੇ ਦੋਸ਼ੀਆਂ ਵਿਰੁਧ ਕੋਈ ਕਾਰਵਾਈ ਨਾ ਕੀਤੀ। ਇਸ ਦੇ ਉਲਟ ਪੀੜਤ ਵਿਅਕਤੀਆਂ ਦੀ ਮਦਦ ਲਈ ਜੇਕਰ ਕੋਈ ਬਾਹਰੋਂ ਜਲੂਰ ਗਿਆ ਤਾਂ ਪੁਲੀਸ ਨੇ ਉਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ। ਉਕਤ ਆਗੂਆਂ ਨੇ ਕਿਹਾ ਕਿ ਵੀਰਵਾਰ ਸਵੇਰੇ ਵੀ ਦਲਿਤਾਂ ਨੂੰ ਘਰਾਂ ‘ਚ ਜਾ ਕੇ ਕੁੱਟਿਆ ਗਿਆ ਅਤੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਜੋ ਜ਼ਖਮੀ ਹਾਲਤ ‘ਚ ਸਨ ਨੂੰਹੀ ਪੁਲੀਸ ਨੇ ਗ੍ਰਿਫਤਾਰ ਕਰ ਲਿਆ। ਉਨ੍ਹਾਂ ਗ੍ਰਹਿ ਵਿਭਾਗ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਤੁਰੰਤ ਦਖ਼ਲ ਦੀ ਮੰਗ ਕਰਦਿਆਂ ਪੀੜਤ ਵਿਅਕਤੀਆਂ ਨੂੰ ਇਨਸਾਫ਼ ਦੇਣ ਅਤੇ ਦੋਸ਼ੀਆਂ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ। ਪੁਲੀਸ ਅਧਿਕਾਰੀਆ ‘ਤੇ ਸਜਿਸ਼ ਦੇ ਭਾਗੀਦਾਰ ਹੋਣ ਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ੀਆਂ ਵਿਰੁਧ ਐਸਸੀਐਸਟੀ ਐਕਟ, ਇਰਾਦਾ ਕਤਲ ਅਤੇ ਹੋਰਨਾਂ ਸੰਗੀਨ ਧਾਰਾਵਾਂ ਤਹਿਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

