ਨਸ਼ਿਆਂ, ਫਿਰੌਤੀ ਅਤੇ ਗੈਂਗਸਟਰਵਾਦ ਤੋਂ ਮੁਕਤੀ ਲਈ ਪੰਜਾਬ ਨੂੰ ਭਾਜਪਾ ਦੀ ਸੰਕਲਪਬੱਧ ਸਰਕਾਰ ਦੀ ਲੋੜ: ਤਰੁਣ ਚੁਗ
ਨਰਿੰਦਰ ਮੋਦੀ ਦੀ ਅਗਵਾਈ ਹੇਠ 31 ਦਸੰਬਰ 2029 ਤੱਕ ਪੰਜਾਬ ਵਿੱਚੋਂ ਨਸ਼ਿਆਂ ਦਾ ਪੂਰਨ ਖਾਤਮਾ ਕਰਨ ਦਾ ਸੰਕਲਪ: ਤਰੁਣ ਚੁਗ
ਚੰਡੀਗੜ੍ਹ, 26 ਅਕਤੂਬਰ (ਮਧੂਸਾਰ ਬਿਊਰੋ) ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁਗ ਨੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ, ਦਿਨ-ਦਿਹਾੜੇ ਹੋ ਰਹੇ ਕਤਲਾਂ, ਅਗਵਾ ਦੀਆਂ ਘਟਨਾਵਾਂ, ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ਨਸ਼ਿਆਂ, ਫਿਰੌਤੀ, ਮਾਫੀਆ ਅਤੇ ਗੈਂਗਸਟਰਾਂ ਦੇ ਡਰ ਤੋਂ ਮੁਕਤੀ ਲਈ ਸੂਬੇ ਵਿੱਚ ਭਾਰਤੀ ਜਨਤਾ ਪਾਰਟੀ ਦੀ ਸੰਕਲਪਬੱਧ ਅਤੇ ਫ਼ੈਸਲਾਕੁਨ ਅਗਵਾਈ ਵਾਲੀ ਸਰਕਾਰ ਦੀ ਲੋੜ ਹੈ। ਆਮ ਆਦਮੀ ਪਾਰਟੀ ਦੇ ਰਾਜ ਵਿੱਚ ਆਮ ਨਾਗਰਿਕ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ, ਜਦਕਿ ਅਪਰਾਧੀਆਂ ਦੇ ਹੌਸਲੇ ਲਗਾਤਾਰ ਵਧ ਰਹੇ ਹਨ।
ਚੁਗ ਨੇ ਕਿਹਾ ਕਿ ਪਿਛਲੇ 24 ਤੋਂ 36 ਘੰਟਿਆਂ ਦੌਰਾਨ ਮੋਗਾ ਵਿੱਚ ਦੋ ਨੌਜਵਾਨਾਂ ਦੇ ਕਤਲ, ਪਟਿਆਲਾ ਦੇ 27 ਸਾਲਾ ਨੌਜਵਾਨ ਨੂੰ ਅਗਵਾ ਕੀਤੇ ਜਾਣ ਤੋਂ ਬਾਅਦ ਸੰਗਰੂਰ ਇਲਾਕੇ ਵਿੱਚ ਉਸ ਦੀ ਲਾਸ਼ ਮਿਲਣ ਅਤੇ ਦੋਆਬਾ ਖੇਤਰ ਵਿੱਚ ਇੱਕ ਵਿਅਕਤੀ ’ਤੇ ਹੋਏ ਬੇਰਹਿਮ ਹਮਲੇ ਵਰਗੀਆਂ ਘਟਨਾਵਾਂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਿਆ ਕਿ ਇਨ੍ਹਾਂ ਮਾਮਲਿਆਂ ਵਿੱਚ ਕਿੰਨੀਆਂ ਗ੍ਰਿਫ਼ਤਾਰੀਆਂ ਹੋਈਆਂ, ਪੁਲਿਸ ਨੇ ਕੀ ਕਾਰਵਾਈ ਕੀਤੀ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸਰਕਾਰ ਨੇ ਕੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਨਾਗਰਿਕਾਂ ਦੀ ਜਾਨ ਸੁਰੱਖਿਅਤ ਨਹੀਂ, ਤਾਂ ਸਰਕਾਰ ਆਪਣੀ ਜਵਾਬਦੇਹੀ ਤੋਂ ਬਚ ਨਹੀਂ ਸਕਦੀ।
ਚੁਗ ਨੇ ਕਿਹਾ ਕਿ ਨਸ਼ਾ ਤਸਕਰੀ, ਫਿਰੌਤੀ ਅਤੇ ਗੈਂਗਸਟਰਾਂ ਦੇ ਨੈੱਟਵਰਕ ਪੰਜਾਬ ਦੀ ਸੁਰੱਖਿਆ ਅਤੇ ਭਵਿੱਖ ਲਈ ਗੰਭੀਰ ਸੰਕਟ ਬਣ ਚੁੱਕੇ ਹਨ। ਭਾਜਪਾ ਆਗੂ ਸੁਨੀਲ ਜਾਖੜ ਵੱਲੋਂ ਉਠਾਏ ਗਏ ਸਵਾਲਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸਰਵੇ ’ਤੇ ਕਥਿਤ ਤੌਰ ’ਤੇ 250 ਕਰੋੜ ਰੁਪਏ ਖਰਚ ਕਰਨ ਤੋਂ ਬਾਅਦ ਵੀ ਜੇਕਰ ਸਰਕਾਰ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਅਤੇ ਨੌਜਵਾਨਾਂ ਨੂੰ ਬਚਾਉਣ ਵਿੱਚ ਅਸਫਲ ਰਹਿੰਦੀ ਹੈ, ਤਾਂ ਉਸ ਨੂੰ ਇਸ ਖਰਚੇ ਅਤੇ ਨਤੀਜਿਆਂ ਦਾ ਹਿਸਾਬ ਦੇਣਾ ਚਾਹੀਦਾ ਹੈ। ਉਨ੍ਹਾਂ ਨਸ਼ਾ ਤਸਕਰੀ, ਦਵਾਈਆਂ ਦੀ ਗੈਰਕਾਨੂੰਨੀ ਵਿਕਰੀ, ਜੇਲ੍ਹਾਂ ਵਿੱਚੋਂ ਚਲਾਏ ਜਾ ਰਹੇ ਕਥਿਤ ਨੈੱਟਵਰਕਾਂ ਅਤੇ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਦੇ ਦੋਸ਼ਾਂ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ।
ਚੁਗ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪੱਸ਼ਟ ਸੰਕਲਪ ਪ੍ਰਗਟਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 31 ਦਸੰਬਰ 2029 ਤੱਕ ਪੰਜਾਬ ਵਿੱਚੋਂ ਨਸ਼ਿਆਂ ਦਾ ਪੂਰਨ ਖਾਤਮਾ ਕੀਤਾ ਜਾਵੇਗਾ। ਚਿੱਟਾ ਵੇਚਣ ਵਾਲਿਆਂ, ਨਸ਼ਿਆਂ ਦੀ ਸਪਲਾਈ ਕਰਨ ਵਾਲਿਆਂ ਅਤੇ ਇਸ ਪੂਰੇ ਤਸਕਰੀ ਨੈੱਟਵਰਕ ਵਿੱਚ ਸ਼ਾਮਲ ਅਪਰਾਧੀਆਂ ਨੂੰ ਕਾਨੂੰਨ ਦੀ ਗ੍ਰਿਫ਼ਤ ਵਿੱਚ ਲਿਆ ਕੇ ਸਖ਼ਤ ਸਜ਼ਾਵਾਂ ਦਿਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਸਿਰਫ਼ ਛੋਟੇ ਤਸਕਰਾਂ ਖ਼ਿਲਾਫ਼ ਕਾਰਵਾਈ ਕਾਫ਼ੀ ਨਹੀਂ, ਸਗੋਂ ਪੂਰੇ ਨੈੱਟਵਰਕ ਦੇ ਮੁੱਖ ਸੰਚਾਲਕਾਂ, ਵਿੱਤੀ ਮਦਦਗਾਰਾਂ, ਕਥਿਤ ਸਿਆਸੀ ਸਰਪ੍ਰਸਤਾਂ ਅਤੇ ਕੌਮਾਂਤਰੀ ਸੰਪਰਕਾਂ ਦੀ ਪਛਾਣ ਕਰਕੇ ਨਿਰਣਾਇਕ ਕਾਰਵਾਈ ਕਰਨੀ ਲਾਜ਼ਮੀ ਹੈ। ਕੌਮੀ ਸੁਰੱਖਿਆ ਨਾਲ ਜੁੜੇ ਮਾਮਲਿਆਂ ਵਿੱਚ ਸਬੰਧਤ ਕੇਂਦਰੀ ਜਾਂਚ ਏਜੰਸੀਆਂ ਦੀ ਭੂਮਿਕਾ ਵੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਚੁਗ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਡਰ-ਮੁਕਤ, ਅਪਰਾਧ-ਮੁਕਤ ਅਤੇ ਨਸ਼ਾ-ਮੁਕਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਸਰਕਾਰ ਦੇ ਹੱਕਦਾਰ ਹਨ ਜੋ ਅਪਰਾਧੀਆਂ ਦੀ ਬਜਾਏ ਪੀੜਤਾਂ ਦੇ ਨਾਲ ਖੜ੍ਹੀ ਹੋਵੇ, ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦੇਣ ਦੀ ਬਜਾਏ ਉਨ੍ਹਾਂ ਨੂੰ ਸਜ਼ਾ ਦਿਵਾਏ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਸਿਆਸੀ ਸਵਾਰਥਾਂ ਦੀ ਭੇਟ ਨਾ ਚੜ੍ਹਨ ਦੇਵੇ। ਉਨ੍ਹਾਂ ਭਗਵੰਤ ਮਾਨ ਸਰਕਾਰ ਤੋਂ ਕਤਲਾਂ ਅਤੇ ਅਗਵਾ ਦੇ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਕਰਨ, ਨਸ਼ਾ ਵਿਰੋਧੀ ਮੁਹਿੰਮ ਦੇ ਨਤੀਜਿਆਂ ਦਾ ਵੇਰਵਾ ਜਨਤਕ ਕਰਨ ਅਤੇ ਅਪਰਾਧਿਕ ਨੈੱਟਵਰਕਾਂ ਨੂੰ ਕਥਿਤ ਸਿਆਸੀ ਸਰਪ੍ਰਸਤੀ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਚੁਗ ਨੇ ਭਰੋਸਾ ਜਤਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦਾ ਸੰਕਲਪ ਪੰਜਾਬ ਨੂੰ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਚੁੰਗਲ ਵਿੱਚੋਂ ਬਾਹਰ ਕੱਢਣ ਵਿੱਚ ਫ਼ੈਸਲਾਕੁਨ ਭੂਮਿਕਾ ਨਿਭਾਏਗਾ।
ਪੰਜਾਬ ਦੇ ਮੋਗਾ ਵਿੱਚ ਗੋਲੀਬਾਰੀ ਦੀ ਘਟਨਾ ‘ਤੇ ਚਿੰਤਾ ਪ੍ਰਗਟ ਕਰਦਿਆਂ ਚੁੱਘ ਨੇ ਕਿਹਾ ਕਿ ਸੂਬੇ ਵਿੱਚ ਲਗਾਤਾਰ ਵਾਪਰ ਰਹੀਆਂ ਗੋਲੀਬਾਰੀ ਅਤੇ ਹਿੰਸਕ ਘਟਨਾਵਾਂ ਬੇਹੱਦ ਚਿੰਤਾਜਨਕ ਹਨ। ਅਜਿਹੀਆਂ ਘਟਨਾਵਾਂ ਪੰਜਾਬ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਲੋਕਾਂ ਨੂੰ ਸੁਰੱਖਿਅਤ ਅਤੇ ਡਰ-ਮੁਕਤ ਮਾਹੌਲ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸਰਕਾਰ ਨੂੰ ਅਜਿਹੀਆਂ ਘਟਨਾਵਾਂ ਵਿਰੁੱਧ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ, ਤਾਂ ਜੋ ਆਮ ਨਾਗਰਿਕਾਂ ਦੀ ਸੁਰੱਖਿਆ ਹੋ ਸਕੇ ਅਤੇ ਕਾਨੂੰਨ ਦੇ ਰਾਜ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਰਹੇ।

