ਹਰਿਆਣਾਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਗੁਜਰਾਤ ਦੌਰੇ ਤੋਂ ਹਰਿਆਣਾ ਨੂੰ ਮਿਲੇ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ

ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਵਿੱਚ 1,400 ਕਰੋੜ ਰੁਪਏ ਅਤੇ ਸੈਮੀਕੰਡਕਟਰ ਖੇਤਰ ਵਿੱਚ ਵੀ 2,900 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ

ਪੰਚਕੂਲਾ 28 ਅਕਤੂਬਰ (ਮਧੂਸਾਰ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਦੋ ਦਿਨਾਂ ਗੁਜਰਾਤ ਦੌਰੇ ਦੌਰਾਨ ਸੂਬੇ ਨੂੰ ਨਿਵੇਸ਼ ਦੇ ਖੇਤਰ ਵਿੱਚ ਵੱਡੀ ਸਫਲਤਾ ਮਿਲੀ ਹੈ। ਗੁਜਰਾਤ ਦੇ ਪ੍ਰਮੁੱਖ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨਾਲ ਹੋਈਆਂ ਮੀਟਿੰਗਾਂ ਦੇ ਸਕਾਰਾਤਮਕ ਨਤੀਜੇ ਵਜੋਂ ਹਰਿਆਣਾ ਵਿੱਚ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵਾਂ ਨਾਲ ਸਬੰਧਤ ਸਮਝੌਤਾ ਪੱਤਰਾਂ (ਐਮਓਯੂ) ’ਤੇ ਦਸਤਖ਼ਤ ਕੀਤੇ ਗਏ ਹਨ। ਇਨ੍ਹਾਂ ਨਿਵੇਸ਼ ਪ੍ਰਸਤਾਵਾਂ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਗਤੀ ਮਿਲਣ ਦੇ ਨਾਲ-ਨਾਲ ਰੁਜ਼ਗਾਰ ਦੇ ਵਿਆਪਕ ਮੌਕੇ ਪੈਦਾ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਗੁਜਰਾਤ ਦੇ ਗਾਂਧੀਨਗਰ ਵਿੱਚ ਵਪਾਰਕ ਆਗੂਆਂ ਅਤੇ ਨਿਵੇਸ਼ਕਾਂ ਨਾਲ ਆਹਮੋ-ਸਾਹਮਣੇ ਮੀਟਿੰਗਾਂ ਕਰ ਰਹੇ ਸਨ। ਇਸ ਮੌਕੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਸਨ। ਬੁੱਧਵਾਰ ਨੂੰ ਹੋਏ ਐਮਓਯੂ ਵਿੱਚ ਮੁੱਖ ਤੌਰ ’ਤੇ ਰੱਖਿਆ, ਰੀਅਲ ਅਸਟੇਟ ਅਤੇ ਤੇਲ ਤੇ ਗੈਸ ਖੇਤਰ ਵਿੱਚ ਲਗਭਗ 25,000 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਸ਼ਾਮਲ ਹਨ। ਇਸ ਤੋਂ ਇਲਾਵਾ, ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰ ਵਿੱਚ 1,400 ਕਰੋੜ ਰੁਪਏ ਅਤੇ ਸੈਮੀਕੰਡਕਟਰ ਖੇਤਰ ਵਿੱਚ 2,900 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ। ਕੰਪਰੈੱਸਡ ਬਾਇਓਗੈਸ ਅਤੇ ਸਿਵਲ ਐਵੀਏਸ਼ਨ ਖੇਤਰਾਂ ਵਿੱਚ ਵੀ ਨਿਵੇਸ਼ ਲਈ ਐਮਓਯੂ ਕੀਤੇ ਗਏ ਹਨ। ਦੌਰੇ ਦੇ ਪਹਿਲੇ ਦਿਨ ਵੀ ਲਗਭਗ 12,000 ਕਰੋੜ ਰੁਪਏ ਨਾਲ ਸਬੰਧਤ ਐਮਓਯੂ ’ਤੇ ਦਸਤਖ਼ਤ ਕੀਤੇ ਗਏ ਸਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਗੁਜਰਾਤ ਦੌਰੇ ਦੌਰਾਨ ਵੱਖ-ਵੱਖ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨਾਲ ਆਹਮੋ-ਸਾਹਮਣੇ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਨੂੰ ਹਰਿਆਣਾ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ ਲਈ ਸੱਦਾ ਦਿੱਤਾ। ਉਨ੍ਹਾਂ ਨੇ ਨਿਵੇਸ਼ਕਾਂ ਨੂੰ ਸੂਬੇ ਦੀਆਂ ਉਦਯੋਗ-ਅਨੁਕੂਲ ਨੀਤੀਆਂ, ਮਜ਼ਬੂਤ ਬੁਨਿਆਦੀ ਢਾਂਚੇ, ਬਿਹਤਰ ਸੰਪਰਕ ਸਹੂਲਤਾਂ, ਕੁਸ਼ਲ ਮਨੁੱਖੀ ਸਰੋਤ ਅਤੇ ਅਨੁਕੂਲ ਕਾਰੋਬਾਰੀ ਮਾਹੌਲ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਹਰਿਆਣਾ ਸਰਕਾਰ ਉਦਯੋਗਾਂ ਦੀ ਸਥਾਪਨਾ ਅਤੇ ਨਿਵੇਸ਼ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ ਸਰਲ ਪ੍ਰਕਿਰਿਆਵਾਂ, ਡਿਜੀਟਲ ਸਹੂਲਤਾਂ ਅਤੇ ਨਿਯਮਾਂ ਅਨੁਸਾਰ ਲੋੜੀਂਦਾ ਸਹਿਯੋਗ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ‘ਮੇਕ ਇਨ ਇੰਡੀਆ’ ਅਭਿਆਨ ਨੂੰ ਸਾਕਾਰ ਕਰਨ ਵਿੱਚ ਹਰਿਆਣਾ ਇੱਕ ਮਹੱਤਵਪੂਰਨ ਭਾਈਵਾਲ ਬਣੇਗਾ। ਪ੍ਰਧਾਨ ਮੰਤਰੀ ਦੇ ਮਾਰਗਦਰਸ਼ਨ ਹੇਠ ਸੂਬਾ ਸਰਕਾਰ ‘ਵਿਕਸਿਤ ਭਾਰਤਵਿਕਸਿਤ ਹਰਿਆਣਾ’ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਸਰਕਾਰ ਦਾ ਟੀਚਾ ਹਰਿਆਣਾ ਨੂੰ ਨਿਵੇਸ਼, ਉਦਯੋਗ ਅਤੇ ਨਿਰਮਾਣ ਦੇ ਖੇਤਰ ਵਿੱਚ ਮੋਹਰੀ ਬਣਾਉਦਿਆਂ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਅਤੇ ਸੂਬੇ ਦੀ ਆਰਥਿਕ ਤਰੱਕੀ ਨੂੰ ਨਵੀਂ ਗਤੀ ਪ੍ਰਦਾਨ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਅਤੇ ਗੁਜਰਾਤ, ਦੋਵੇਂ ਹੀ ਸੂਬੇ ਉੱਦਮਤਾ, ਨਿਰਮਾਣ ਅਤੇ ਉਦਯੋਗਿਕ ਵਿਕਾਸ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਰੱਖਦੇ ਹਨ। ਦੋਵਾਂ ਸੂਬਿਆਂ ਦੇ ਉਦਯੋਗਪਤੀਆਂ ਵਿਚਕਾਰ ਸਹਿਯੋਗ ਵਧਣ ਨਾਲ ਨਿਵੇਸ਼, ਤਕਨੀਕੀ ਨਵੀਨਤਾ, ਉਤਪਾਦਨ ਸਮਰੱਥਾ ਅਤੇ ਰੁਜ਼ਗਾਰ ਸਿਰਜਣ ਦੀਆਂ ਨਵੀਆਂ ਸੰਭਾਵਨਾਵਾਂ ਵਿਕਸਿਤ ਹੋਣਗੀਆਂ। ਹਰਿਆਣਾ ਸਰਕਾਰ ਦਾ ਟੀਚਾ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਮੁਹੱਈਆ ਕਰਵਾ ਕੇ ਸੂਬੇ ਨੂੰ ਉਦਯੋਗਿਕ ਵਿਕਾਸ ਅਤੇ ਨਿਰਮਾਣ ਦੇ ਪ੍ਰਮੁੱਖ ਕੇਂਦਰ ਵਜੋਂ ਹੋਰ ਮਜ਼ਬੂਤ ਬਣਾਉਣਾ ਹੈ। ਮੁੱਖ ਮੰਤਰੀ ਨੇ ਗੁਜਰਾਤ ਦੇ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨੂੰ ਅਪ੍ਰੈਲ 2027 ਵਿੱਚ ਹਰਿਆਣਾ ਵਿੱਚ ਪ੍ਰਸਤਾਵਿਤ ‘ਹੈਪਨਿੰਗ ਹਰਿਆਣਾ ਗਲੋਬਲ ਸਮਿਟ’ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਉਨ੍ਹਾਂ ਨਿਵੇਸ਼ਕਾਂ ਨੂੰ ਸੂਬੇ ਦੀਆਂ ਉਦਯੋਗਿਕ ਸੰਭਾਵਨਾਵਾਂ ਦਾ ਲਾਭ ਉਠਾਉਣ ਅਤੇ ਹਰਿਆਣਾ ਵਿੱਚ ਆਪਣੀਆਂ ਵਪਾਰਕ ਤੇ ਉਦਯੋਗਿਕ ਗਤੀਵਿਧੀਆਂ ਦਾ ਵਿਸਥਾਰ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਉਦਯੋਗਾਂ ਦੀ ਸਥਾਪਨਾ ਅਤੇ ਵਿਸਥਾਰ ਦੀ ਪ੍ਰਕਿਰਿਆ ਨੂੰ ਸਰਲ, ਪਾਰਦਰਸ਼ੀ ਅਤੇ ਸਮਾਂਬੱਧ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ। ਸੂਬੇ ਵਿੱਚ ਨਿਵੇਸ਼ ਕਰਨ ਵਾਲੇ ਉੱਦਮੀਆਂ ਨੂੰ ਸਾਰੀਆਂ ਲੋੜੀਂਦੀਆਂ ਇਜਾਜ਼ਤਾਂ, ਪ੍ਰਵਾਨਗੀਆਂ ਅਤੇ ਹੋਰ ਸਬੰਧਤ ਸੇਵਾਵਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੇ ਚੱਕਰ ਨਾ ਕੱਟਣੇ ਪੈਣ। ਸਾਰੀਆਂ ਪ੍ਰਕਿਰਿਆਵਾਂ ਲਈ ਨਿਰਧਾਰਤ ਸਮਾਂ-ਸੀਮਾ ਯਕੀਨੀ ਬਣਾਈ ਗਈ ਹੈ, ਜਿਸ ਨਾਲ ਨਿਵੇਸ਼ਕਾਂ ਨੂੰ ਬੇਲੋੜੀ ਦੇਰੀ ਅਤੇ ਪ੍ਰਕਿਰਿਆਤਮਕ ਜਟਿਲਤਾਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨਿਵੇਸ਼ਕਾਂ ਨੂੰ ਅਜਿਹਾ ਅਨੁਕੂਲ ਉਦਯੋਗਿਕ ਮਾਹੌਲ ਮੁਹੱਈਆ ਕਰਵਾਉਣਾ ਹੈ, ਜਿੱਥੇ ਉਹ ਬਿਨਾਂ ਕਿਸੇ ਰੁਕਾਵਟ ਦੇ ਆਪਣੇ ਕਾਰੋਬਾਰ ਦੀ ਸਥਾਪਨਾ ਅਤੇ ਵਿਸਥਾਰ ’ਤੇ ਧਿਆਨ ਕੇਂਦਰਿਤ ਕਰ ਸਕਣ। ਉਦਯੋਗਾਂ ਦੀਆਂ ਲੋੜਾਂ ਅਨੁਸਾਰ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ, ਤਾਂ ਜੋ ਨਿਵੇਸ਼ ਪ੍ਰਸਤਾਵਾਂ ਨੂੰ ਅਮਲੀ ਰੂਪ ਦੇਣ ਵਿੱਚ ਤੇਜ਼ੀ ਆਵੇ ਅਤੇ ਸੂਬੇ ਵਿੱਚ ਨਵੇਂ ਉਦਯੋਗਾਂ ਦੀ ਸਥਾਪਨਾ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋਣ। ਮੁੱਖ ਮੰਤਰੀ ਨੇ ਨਿਵੇਸ਼ਕਾਂ ਨੂੰ ਭਰੋਸਾ ਦਿਵਾਇਆ ਕਿ ਹਰਿਆਣਾ ਸਰਕਾਰ ਉਦਯੋਗ ਜਗਤ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਨਿਵੇਸ਼ ਦੀ ਪੂਰੀ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਪ੍ਰਸਤਾਵ ਹਰਿਆਣਾ ਦੀ ਉਦਯੋਗਿਕ ਸਮਰੱਥਾ, ਨਿਵੇਸ਼-ਅਨੁਕੂਲ ਨੀਤੀਆਂ ਅਤੇ ਸੂਬੇ ਵਿੱਚ ਨਿਵੇਸ਼ਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਦੇ ਹਨ। ਸੂਬਾ ਸਰਕਾਰ ਦਾ ਯਤਨ ਹੈ ਕਿ ਇਨ੍ਹਾਂ ਪ੍ਰਸਤਾਵਾਂ ਨੂੰ ਨਿਰਧਾਰਤ ਪ੍ਰਕਿਰਿਆਵਾਂ ਤਹਿਤ ਅੱਗੇ ਵਧਾ ਕੇ ਅਮਲੀ ਰੂਪ ਦਿੱਤਾ ਜਾਵੇ, ਤਾਂ ਜੋ ਸੂਬੇ ਵਿੱਚ ਉਦਯੋਗਿਕ ਗਤੀਵਿਧੀਆਂ ਦਾ ਵਿਸਥਾਰ ਹੋਵੇ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ। ਇਸ ਮੌਕੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਉਦਯੋਗ ਅਤੇ ਵਣਜ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ, ਡਾਇਰੈਕਟਰ ਜਨਰਲ ਸ੍ਰੀ ਯਸ਼ ਗਰਗ, ਹਰਿਆਣਾ ਰਾਜ ਉਦਯੋਗਿਕ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਦੇ ਪ੍ਰਬੰਧ ਨਿਦੇਸ਼ਕ ਸ੍ਰੀ ਵਿਨੈ ਪ੍ਰਤਾਪ ਸਿੰਘ, ਵਧੀਕ ਪ੍ਰਬੰਧ ਨਿਦੇਸ਼ਕ ਸ੍ਰੀ ਅਨਿਰੁੱਧ ਯਾਦਵ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਸੰਯੁਕਤ ਨਿਦੇਸ਼ਕ ਸ੍ਰੀ ਮਾਨਵ ਮਲਿਕ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *