ਚੰਡੀਗੜ੍ਹਦੇਸ਼-ਵਿਦੇਸ਼ਪੰਜਾਬਪਟਿਆਲਾ

ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ

ਅੰਮ੍ਰਿਤਸਰ : ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ ਹੈ ।
ਉਨ੍ਹਾਂ ਅਸਤੀਫ਼ਾ ਦੇਣ ਮਗਰੋਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਵਾਸਤੇ ਆਖ਼ਿਰੀ ਸਾਹ ਤੱਕ ਰਿਣੀ ਰਹਿਣਗੇ ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਗਲੀ-ਨਾਲੀ ਅਤੇ ਰਿਬਨ-ਕਟਿੰਗ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਨਸ਼ਾ, ਫਿਰੌਤੀ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਤੋਂ ਜਕੜੇ ਪੰਜਾਬ ਨੂੰ ਮੁੜ ਉੱਨਤਸ਼ੀਲ ਅਤੇ ਮੋਹਰੀ ਸੂਬਾ ਬਣਾਉਣ ਲਈ ਯਤਨ ਕਰਨਗੇ ।
ਉਨ੍ਹਾਂ ਕਿਹਾ ਕਿ ਮੈਂ ਬਤੌਰ ਵਿਧਾਇਕ ਆਪਣਾ 90 ਫੀਸਦੀ ਟੀਚਾ ਪੂਰਾ ਕਰ ਲਿਆ ਹੈ; ਜੋ ਕੰਮ ਇੱਕ ਵਿਧਾਇਕ ਨੇ ਕਰਨਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਮੇਰੀ ਸੱਭ ਤੋਂ ਵੱਡੀ ਪ੍ਰਾਪਤੀ ਹੈ ਕਿ ਮੈਂ ਰਾਜਨੀਤੀ ਤੋਂ ਮਾਈ-ਬਾਪ ਕਲਚਰ ਨੂੰ ਖਤਮ ਕੀਤਾ ਅਤੇ ਇੱਕ ਜਨਤਾ ਨੂੰ ਆਪਣਾ ਪ੍ਰੇਰਣਾ-ਸਰੋਤ ਸਮਝ ਕੇ ਕੰਮ ਕੀਤਾ। ਪੰਜਾਬ ਵਿਧਾਨ ਸਭਾ ਦੇ ਵਿੱਚ ਹਮੇਸ਼ਾ ਅੰਬਰਸਰੀਆਂ ਦੀ ਆਵਾਜ ਬੁਲੰਦ ਕੀਤੀ ਅਤੇ ਪਾਣੀ ਸੀਵਰੇਜ ਤੋਂ ਲੈ ਕੇ ਸਰਕਟ ਹਾਊਸ, ਕੰਪਨੀ ਬਾਗ, ਗੰਦਾ ਨਾਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਸਰਕਾਰੀ ਮੈਡੀਕਲ ਕਾਲਜ, ਸਰੂਪ ਰਾਣੀ ਕਾਲਜ ਅਤੇ ਬਰਗਾੜੀ ਬੇਅਦਬੀ ਦੇ ਮੁੱਦੇ ਬੇਬਾਕੀ ਨਾਲ ਰੱਖੇ। ਇਹ ਪਹਿਲੀ ਵਾਰ ਹੋਇਆ ਕਿ ਪੰਜਾਬ ਦੀ ਵਿਧਾਨ ਸਭਾ ਦੇ ਵਿੱਚ ਗਲੀ ਅਤੇ ਮੁਹੱਲਾ ਦਾ ਨਾਂ ਲੈ ਕੇ ਇਲਾਕੇ ਵਾਰ ਮੁੱਦੇ ਮੇਰੇ ਵਲੋਂ ਉਠਾਏ ਗਏ।
ਉਨ੍ਹਾਂ ਕਿਹਾ ਕਿ ਭਵਿੱਖ ਚ ਸਾਫ਼-ਸੁਥਰੀ ਰਾਜਨੀਤੀ ਕਰਨਾ ਮੇਰਾ ਉਦੇਸ਼ ਹੋਵੇਗਾ। ਮੇਰਾ ਇਕੋ-ਇਕ ਮਕਸਦ ਹੈ “ਪੰਜਾਬ ਫਸਟ”। ਇਸਤੋਂ ਇਲਾਵਾ ਮੇਰਾ ਕੋਈ ਨਿੱਜੀ ਸਵਾਰਥ ਨਹੀਂ ਹੋਵੇਗਾ।

Leave a Reply

Your email address will not be published. Required fields are marked *