ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਕੋਈ ਵੀ ਧਿਰ ਹਮੇਸ਼ਾ ਲਈ ਕਿਸੇ ਥਾਂ ’ਤੇ ਕਬਜ਼ਾ ਨਹੀਂ ਕਰ ਸਕਦੀ, ਸਾਰਿਆਂ ਨੂੰ ਰੋਸ ਪ੍ਰਗਟਾਉਣ ਦਾ ਹੱਕ’

ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਚੱਲ ਰਹੇ ਧਰਨੇ ਨੂੰ ਲੈ ਕੇ ਵਪਾਰੀ ਜਥੇਬੰਦੀਆਂ ਦੀ ਪਟੀਸ਼ਨ ’ਤੇ ਮੰਗਿਆ ਜਵਾਬ

ਨਵੀਂ ਦਿੱਲੀ 3 ਨਵੰਬਰ (ਮਧੂਸਾਰ ਬਿਊਰੋ) ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਅਤੇ ਹੋਰਨਾਂ ਧਿਰਾਂ ਨੂੰ ਉਸ ਪਟੀਸ਼ਨ ’ਤੇ ਜਵਾਬ ਦੇਣ ਲਈ ਕਿਹਾ ਹੈ, ਜਿਸ ਵਿੱਚ ਵਪਾਰੀ ਜਥੇਬੰਦੀਆਂ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਰਾਮਲੀਲਾ ਮੈਦਾਨ ਵਿੱਚ ਚੱਲ ਰਹੇ ਪ੍ਰਦਰਸ਼ਨ ਨੂੰ ਰੋਕਣ ਦੀ ਮੰਗ ਕੀਤੀ ਹੈ। ਅਦਾਲਤ ਨੇ ਕਿਹਾ ਕਿ ਪ੍ਰਦਰਸ਼ਨ ਵਾਲੀ ਥਾਂ ’ਤੇ ਹਮੇਸ਼ਾ ਲਈ ਕਬਜ਼ਾ ਨਹੀਂ ਕੀਤਾ ਜਾ ਸਕਦਾ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੌਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ’ਤੇ ਆਧਾਰਿਤ ਬੈਂਚ ਵਪਾਰੀ ਜਥੇਬੰਦੀਆਂ ਸਮੇਤ ਕਈ ਪਟੀਸ਼ਨਾਂ ’ਤੇ ਸੁਣਵਾਈ ਕਰ ਰਿਹਾ ਸੀ। ਇਨ੍ਹਾਂ ਵਿੱਚ ਦਿੱਲੀ ਦੀ ਕਰਿਆਨਾ ਕਮੇਟੀ ਵੱਲੋਂ ਦਾਇਰ ਪਟੀਸ਼ਨ ਵੀ ਸ਼ਾਮਲ ਹੈ।

ਕਮੇਟੀ ਨੇ ਦੋਸ਼ ਲਾਇਆ ਹੈ ਕਿ ਰਾਮਲੀਲਾ ਮੈਦਾਨ ਵਿੱਚ ਚੱਲ ਰਹੇ ਪ੍ਰਦਰਸ਼ਨ ਕਾਰਨ ਉਨ੍ਹਾਂ ਦੇ ਕਾਰੋਬਾਰ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ, ‘‘ਤੁਸੀਂ ਕਿਸੇ ਥਾਂ ’ਤੇ ਹਮੇਸ਼ਾ ਲਈ ਕਬਜ਼ਾ ਨਹੀਂ ਕਰ ਸਕਦੇ। ਫਿਰ ਕਿਸਾਨ, ਪੱਤਰਕਾਰ ਅਤੇ ਹੋਰ ਲੋਕ ਕਿੱਥੇ ਜਾਣਗੇ? ਹਰ ਕਿਸੇ ਨੂੰ ਵਿਰੋਧ ਪ੍ਰਗਟਾਉਣ ਦਾ ਹੱਕ ਹੈ। ਇਸ ਲਈ ਨਿਰਧਾਰਤ ਸਮੇਂ ਅਤੇ ਮਿਆਦ ਲਈ ਥਾਂ ਦਿੱਤੀ ਜਾਣੀ ਚਾਹੀਦੀ ਹੈ।’’ ਬੈਂਚ ਇਨ੍ਹਾਂ ਪਟੀਸ਼ਨਾਂ ਦੇ ਸਮੂਹ ’ਤੇ ਸੁਣਵਾਈ ਕਰ ਰਿਹਾ ਸੀ, ਜਿਨ੍ਹਾਂ ਵਿੱਚ ਕਥਿਤ ਤੌਰ ’ਤੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਹਿਰਾਸਤ ਵਿੱਚ ਲੈਣ, ਪੁਲੀਸ ਦੀ ਬੇਰਹਿਮੀ, ਮੈਟਰੋ ਸਟੇਸ਼ਨ ਬੰਦ ਕਰਨ ਅਤੇ ਇੰਟਰਨੈੱਟ ਸੇਵਾਵਾਂ ਬੰਦ ਕਰਨ ਵਰਗੇ ਮੁੱਦੇ ਵੀ ਚੁੱਕੇ ਗਏ ਹਨ। ਇਸ ’ਤੇ ਬੈਂਚ ਨੇ ਕਿਹਾ ਕਿ ਜਦੋਂ ਤੱਕ ਵਪਾਰੀ ਜਥੇਬੰਦੀਆਂ ਪ੍ਰਦਰਸ਼ਨ ਕਰ ਰਹੀਆਂ ਸਾਰੀਆਂ ਜਥੇਬੰਦੀਆਂ ਨੂੰ ਪਟੀਸ਼ਨ ਵਿੱਚ ਧਿਰ ਨਹੀਂ ਬਣਾਉਂਦੀਆਂ, ਉਦੋਂ ਤੱਕ ਅਦਾਲਤ ਇਸ ਮਾਮਲੇ ਵਿੱਚ ਕੋਈ ਫ਼ੈਸਲਾ ਨਹੀਂ ਕਰ ਸਕਦੀ। ਇਸ ਮਾਮਲੇ ਦੀ ਸੁਣਵਾਈ ਜਾਰੀ ਸੀ।

Leave a Reply

Your email address will not be published. Required fields are marked *