ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ
ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਕੀਤਾ ਨਿਹਾਲ
ਪਟਿਆਲਾ 11 ਨਵੰਬਰ (ਮਧੂਸਾਰ ਬਿਊਰੋ) ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਜਿਥੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਥੇ ਗੁਰਮਤਿ ਸਮਾਗਮ ਦੌਰਾਨ ਭਾਈ ਗੁਲਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਗੁਰਤਾਗੱਦੀ ਦਿਵਸ ਸਬੰਧੀ ਵਧਾਈ ਦਿੱਤੀ. ਇਸ ਮੌਕੇ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ.
ਗੁਰਮਤਿ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਉਚੇਚੇ ਤੌਰ ਤੇ ਪੁੱਜੇ ਹੋਏ ਸਨ, ਜਿਨਾਂ ਨੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲੱਗਣ ਦੇ ਨਾਲ ਨਾਲ ਗੁਰੂ ਮਾਰਗ ਦਾ ਪਾਂਧੀ ਬਣਨ ਤੇ ਜ਼ੋਰ ਦਿੱਤਾ. ਪ੍ਰੋ. ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਰਾਹ ਦਸੇਰਾ ਹਨ, ਜਿਨ੍ਹਾਂ ਵਿਚ ਦਰਜ ਗੁਰੂ ਸਾਹਿਬਾਨ ਦੀ ਬਾਣੀ ਮਨੁੱਖ ਨੂੰ ਸੁਚਿਆਰ ਬਣਾਉਂਦੀ ਹੈ. ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ਨੂੰ ਧਾਰਨ ਕਰਨ ਨਾਲ ਦੁਨੀਆ ਦੀ ਹਰ ਸਮੱਸਿਆ ਦਾ ਹੱਲ ਹੁੰਦਾ ਵਿਖਾਈ ਦਿੰਦਾ ਅਤੇ ਗੁਰੂ ਸਾਹਿਬਾਨ ਦੀ ਬਾਣੀ ਮਨੁੱਖੀ ਜੀਵਨ ਤੇ ਵੱਡਾ ਪ੍ਰਭਾਵ ਪਾਉਂਦੀ ਹੋਈ ਮਨੁੱਖ ਨੂੰ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਦੀ ਹੈ. ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਬਦ ਗੁਰੂ ਦੀ ਰੌਸ਼ਨੀ ਨਾਲ ਹੀ ਸੰਸਾਰ ਅਤੇ ਜੀਵਨ ਨੂੰ ਚਾਨਣਮਈ ਬਣਾਇਆ ਜਾ ਸਕਦਾ ਇਸ ਕਰਕੇ ਆਓ ਗੁਰੂ ਸਾਹਿਬ ਦੇ ਫਲਸਫੇ ਅਤੇ ਸਿਧਾਂਤ ਅਨੁਸਾਰ ਤਰਜੀਹਾਂ ਨੂੰ ਅਪਣਾਈਏ. ਇਸ ਮੌਕੇ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ. ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਸੁਰਜੀਤ ਸਿੰਘ ਅਕਾਊਟੈਂਟ ਗੁਰਮੀਤ ਸਿੰਘ, ਭਾਈ ਹਜੂਰ ਸਿੰਘ ਆਦਿ ਸ਼ੋ੍ਰਮਣੀ ਕਮੇਟੀ ਮੁਲਾਜ਼ਮ ਸਟਾਫ ਅਤੇ ਸੰਗਤਾਂ ਆਦਿ ਹਾਜ਼ਰ ਸਨ.

