ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ
ਧੂਰੀ, 22 ਨਵੰਬਰ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਦੇ ਵਿਜ਼ਨ ਨੂੰ ਮੁੜ ਦੁਹਰਾਉਦਿਆਂ ਕਿਹਾ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਪਾਸੇ ਲਾਉਣ, ਵਿਸ਼ਵ-ਪੱਧਰੀ ਸਹੂਲਤਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਵਰਗੇ ਯਤਨਾਂ ਰਾਹੀਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਖੇਡਾਂ ਨੂੰ ਲਗਾਤਾਰ ਪ੍ਰਫੁੱਲਿਤ ਕਰ ਰਹੀ ਹੈ। ਇਨ੍ਹਾਂ ਯਤਨਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਅੱਜ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਅਤੇ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਕੀਤਾ, ਜੋ ਵਿਸ਼ਵ-ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਪ੍ਰਤੀ ਆਪ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਦਾ ਹੈ। 39.20 ਕਰੋੜ ਰੁਪਏ ਦੀ ਲਾਗਤ ਨਾਲ 10 ਏਕੜ ਵਿੱਚ ਵਿਕਸਤ ਕੀਤਾ ਜਾ ਰਿਹਾ ਇਹ ਸਪੋਰਟਸ ਕੰਪਲੈਕਸ ਜ਼ਮੀਨੀ ਪੱਧਰ ’ਤੇ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਦੀ ਵਿਆਪਕ ਮੁਹਿੰਮ ਦਾ ਹਿੱਸਾ ਹੈ। 1,744 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ, ਪੰਜਾਬ ਭਰ ਵਿੱਚ ਵਿਕਸਤ ਕੀਤੇ ਜਾ ਰਹੇ 3,100 ਖੇਡ ਮੈਦਾਨਾਂ, ਓਲੰਪਿਕ ਤਮਗਾ ਜੇਤੂਆਂ ਲਈ 1 ਕਰੋੜ ਤੋਂ 3 ਕਰੋੜ ਰੁਪਏ ਤੱਕ ਦੇ ਨਕਦ ਇਨਾਮਾਂ ਅਤੇ ਜੂਨੀਅਰ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਦੇ ਅਧਿਕਾਰ ਹਾਸਲ ਕਰਨ ਦੇ ਯਤਨਾਂ ਨਾਲ ਭਗਵੰਤ ਮਾਨ ਸਰਕਾਰ ਸੂਬੇ ਦੀ ਅਮੀਰ ਖੇਡ ਵਿਰਾਸਤ ਨੂੰ ਸੁਰਜੀਤ ਕਰਨ ਦੇ ਨਾਲ-ਨਾਲ ਪੰਜਾਬ ਦੇ ਖਿਡਾਰੀਆਂ ਲਈ ਮੌਕਿਆਂ ਦਾ ਲਗਾਤਾਰ ਵਿਸਥਾਰ ਕਰ ਰਹੀ ਹੈ।

