ਚੰਡੀਗੜ੍ਹਜਲੰਧਰਪੰਜਾਬ

ਨੰਗਲ ਵਿੱਚ ਨਵੇਂ ਯੂਰੀਆ ਪਲਾਂਟ ਨੂੰ ਮਨਜ਼ੂਰੀ ਪੰਜਾਬ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗੀ: ਤਰੁਣ ਚੁੱਘ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਦੇ ਕਿਸਾਨਾਂ, ਵਪਾਰੀਆਂ ਅਤੇ ਉਦਯੋਗਿਕ ਖੇਤਰ ਨੂੰ ਮਿਲ ਰਹੀ ਨਵੀਂ ਗਤੀ: ਤਰੁਣ ਚੁੱਘ

ਚੰਡੀਗੜ੍ਹ, 27 ਨਵੰਬਰ (ਮਧੂਸਾਰ ਬਿਊਰੋ) ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਦੇ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁੱਘ ਨੇ ਪੰਜਾਬ ਦੇ ਨੰਗਲ ਸਥਿਤ ਨੈਸ਼ਨਲ ਫਰਟੀਲਾਈਜ਼ਰਜ਼ ਲਿਮਟਿਡ (NFL) ਵਿੱਚ ਸਾਲਾਨਾ 12.7 ਲੱਖ ਮੀਟ੍ਰਿਕ ਟਨ ਸਮਰੱਥਾ ਵਾਲਾ ਨਵਾਂ ਯੂਰੀਆ ਨਿਰਮਾਣ ਪਲਾਂਟ ਸਥਾਪਤ ਕਰਨ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਿਲੋਂ ਧੰਨਵਾਦ ਕੀਤਾ ਹੈ। ਚੁੱਘ ਨੇ ਕਿਹਾ ਕਿ ਨੰਗਲ ਵਿੱਚ ਨਵੇਂ ਯੂਰੀਆ ਪਲਾਂਟ ਨੂੰ ਮਨਜ਼ੂਰੀ ਮਿਲਣਾ ਇਸ ਗੱਲ ਦਾ ਸਬੂਤ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਪੰਜਾਬ ਹਮੇਸ਼ਾ ਸਰਵਉੱਚ ਤਰਜੀਹ ਰਿਹਾ ਹੈ। ਪੰਜਾਬ ਦੇ ਮਿਹਨਤੀ ਕਿਸਾਨਾਂ, ਵਪਾਰੀਆਂ ਅਤੇ ਸੂਬੇ ਦੇ ਉੱਜਵਲ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਇਹ ਫੈਸਲਾ ਖੇਤੀਬਾੜੀ ਅਤੇ ਉਦਯੋਗਿਕ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ। ਇਹ ਪ੍ਰੋਜੈਕਟ ਪੰਜਾਬ ਦੀ ਵਿਕਾਸ ਯਾਤਰਾ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਚੁੱਘ ਨੇ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਮਨਜ਼ੂਰੀ ਦਿਵਾਉਣ ਵਿੱਚ ਸਹਿਯੋਗ ਲਈ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ. ਪੀ. ਨੱਡਾ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਜੇ. ਪੀ. ਨੱਡਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਪੰਜਾਬ ਦੀਆਂ ਖੇਤੀਬਾੜੀ ਲੋੜਾਂ, ਉਦਯੋਗਿਕ ਤਰੱਕੀ ਅਤੇ ਆਰਥਿਕ ਵਿਕਾਸ ਨੂੰ ਲਗਾਤਾਰ ਮਜ਼ਬੂਤੀ ਦੇ ਰਹੀ ਹੈ।

ਚੁੱਘ ਨੇ ਦੱਸਿਆ ਕਿ ਰਸਾਇਣ ਅਤੇ ਖਾਦ ਮੰਤਰਾਲੇ ਨੇ ਆਤਮਨਿਰਭਰ ਭਾਰਤ ਲਈ ਰਾਸ਼ਟਰੀ ਯੂਰੀਆ ਨਿਵੇਸ਼ ਨੀਤੀ (NIPU)-2026 ਤਹਿਤ ਨੰਗਲ ਵਿੱਚ ਸਾਲਾਨਾ 12.7 ਲੱਖ ਮੀਟ੍ਰਿਕ ਟਨ ਸਮਰੱਥਾ ਵਾਲੀ ਨਵੀਂ ਯੂਰੀਆ ਇਕਾਈ ਨੂੰ ਬ੍ਰਾਊਨਫੀਲਡ ਸ਼੍ਰੇਣੀ ਵਿੱਚ ਮਨਜ਼ੂਰੀ ਦਿੱਤੀ ਹੈ। ਇਹ ਪ੍ਰੋਜੈਕਟ ਮੌਜੂਦਾ ਪੁਰਾਣੇ ਯੂਰੀਆ ਪਲਾਂਟ ਨੂੰ ਬਦਲਣ ਦੀ ਸ਼ਰਤ ’ਤੇ ਮਨਜ਼ੂਰ ਕੀਤਾ ਗਿਆ ਹੈ। ਆਧੁਨਿਕ ਤਕਨੀਕ ਨਾਲ ਲੈਸ ਇਹ ਪਲਾਂਟ ਯੂਰੀਆ ਉਤਪਾਦਨ ਸਮਰੱਥਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਇਲਾਕੇ ਵਿੱਚ ਉਦਯੋਗਿਕ ਗਤੀਵਿਧੀਆਂ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ। ਚੁੱਘ ਨੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੇ ਉਮੀਦਵਾਰ ਸੁਭਾਸ਼ ਸ਼ਰਮਾ ਦੇ ਅਣਥੱਕ ਯਤਨਾਂ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੁਭਾਸ਼ ਸ਼ਰਮਾ ਨੇ ਪੰਜਾਬ ਅਤੇ ਖਾਸ ਕਰਕੇ ਨੰਗਲ ਖੇਤਰ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਹਨ ਅਤੇ ਇਸ ਪ੍ਰੋਜੈਕਟ ਦੀ ਮਨਜ਼ੂਰੀ ਲਈ ਨਿਰੰਤਰ ਆਵਾਜ਼ ਉਠਾਈ ਹੈ। ਉਨ੍ਹਾਂ ਦੇ ਸਮਰਪਣ ਅਤੇ ਵਚਨਬੱਧਤਾ ਸਦਕਾ ਅੱਜ ਇਹ ਮਹੱਤਵਪੂਰਨ ਪ੍ਰੋਜੈਕਟ ਸਾਕਾਰ ਹੋਣ ਵੱਲ ਵਧਿਆ ਹੈ। ਚੁੱਘ ਨੇ ਕਿਹਾ ਕਿ ਇਹ ਸਿਰਫ਼ ਇੱਕ ਨਵੇਂ ਯੂਰੀਆ ਪਲਾਂਟ ਦੀ ਮਨਜ਼ੂਰੀ ਨਹੀਂ, ਸਗੋਂ ਪੰਜਾਬ ਦੇ ਕਿਸਾਨਾਂ, ਵਪਾਰੀਆਂ, ਉਦਯੋਗਿਕ ਖੇਤਰ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਉੱਜਵਲ ਭਵਿੱਖ ਵੱਲ ਇੱਕ ਮਹੱਤਵਪੂਰਨ ਕਦਮ ਹੈ। NIPU-2026 ਰਾਹੀਂ ਭਾਰਤ ਯੂਰੀਆ ਉਤਪਾਦਨ ਵਿੱਚ ਆਤਮਨਿਰਭਰਤਾ ਵੱਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਅਤੇ ਨੰਗਲ ਦਾ ਇਹ ਆਧੁਨਿਕ ਪਲਾਂਟ ਇਸ ਰਾਸ਼ਟਰੀ ਸੰਕਲਪ ਵਿੱਚ ਪੰਜਾਬ ਦੀ ਅਹਿਮ ਭੂਮਿਕਾ ਯਕੀਨੀ ਬਣਾਏਗਾ। ਇਹ ਪੰਜਾਬ ਦੇ ਵਿਕਾਸ ਦੀ ਇੱਕ ਨਵੀਂ ਯਾਤਰਾ ਦੀ ਸ਼ੁਰੂਆਤ ਹੈ।

Leave a Reply

Your email address will not be published. Required fields are marked *