ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ
ਭਗਤ ਰਵਿਦਾਸ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸਾਂਝੀਵਾਲਤਾ ਤੇ ਮਨੁੱਖੀ ਸਤਿਕਾਰ ਦਾ ਸੰਦੇਸ਼ ਦਿੰਦੀ ਹੈ -ਗਿਆਨੀ ਰਾਜਦੀਪ ਸਿੰਘ
ਗਰਨਾ ਸਾਹਿਬ/ਅੰਮ੍ਰਿਤਸਰ, 29 ਨਵੰਬਰ-(ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਦਾ ਸਮਾਗਮ ਗੁਰਦੁਆਰਾ ਗਰਨਾ ਸਾਹਿਬ, ਬੋਦਲ ਵਿਖੇ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ, ਮੈਂਬਰ ਸ. ਕੁਲਵੰਤ ਸਿੰਘ ਮੰਨਣ, ਸ. ਤਾਰਾ ਸਿੰਘ ਸੱਲਾ, ਸ. ਰਵਿੰਦਰ ਸਿੰਘ ਚੱਕ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਵੱਖ ਵੱਖ ਬੁਲਾਰਿਆਂ ਨੇ ਗੁਰਮਤਿ ਵਿਚਾਰਾਂ ਅਤੇ ਕਥਾ-ਵਖਿਆਨ ਰਾਹੀਂ ਭਗਤ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਵਿਚਾਰਧਾਰਾ ਤੋਂ ਸੰਗਤ ਨੂੰ ਜਾਣੂ ਕਰਵਾਇਆ ਗਿਆ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਕਰਦਿਆਂ ਕਿਹਾ ਕਿ ਭਗਤ ਜੀ ਦੀ ਬਾਣੀ ਮਨੁੱਖਤਾ ਨੂੰ ਜਾਤ-ਪਾਤ ਅਤੇ ਸਮਾਜਿਕ ਵਿਤਕਰਿਆਂ ਤੋਂ ਉੱਪਰ ਉੱਠ ਕੇ ਇਕ ਅਕਾਲ ਪੁਰਖ ਨਾਲ ਜੁੜਨ ਅਤੇ ਆਪਸੀ ਪ੍ਰੇਮ, ਸਤਿਕਾਰ ਤੇ ਬਰਾਬਰਤਾ ਦਾ ਸੰਦੇਸ਼ ਦਿੰਦੀ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭਗਤ ਸਾਹਿਬਾਨ ਦੀ ਰੱਬੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਕਰਕੇ ਸਮੁੱਚੀ ਮਨੁੱਖਤਾ ਨੂੰ ਇਹ ਸੰਦੇਸ਼ ਦਿੱਤਾ ਕਿ ਪਰਮਾਤਮਾ ਦੀ ਜੋਤ ਸਭ ਅੰਦਰ ਇਕੋ ਹੈ ਅਤੇ ਕਿਸੇ ਮਨੁੱਖ ਦੀ ਪਹਿਚਾਣ ਉਸ ਦੀ ਜਾਤ ਜਾਂ ਕੁਲ ਤੋਂ ਨਹੀਂ, ਸਗੋਂ ਉਸ ਦੇ ਕਰਮਾਂ ਅਤੇ ਕਰਤਾ ਪੁਰਖੁ ਨਾਲ ਜੁੜੀ ਭਾਵਨਾ ਤੋਂ ਹੁੰਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਕਿਹਾ ਕਿ ਸਿੱਖ ਕੌਮ ਦੀ ਨੌਮਾਇਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ ਹੋ ਚੁੱਕੀ ਹੈ ਅਤੇ ਇਹ ਸਮਾਗਮ ਸ਼ਤਾਬਦੀ ਤੱਕ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਸ਼ਤਾਬਦੀ ਸਮੁੱਚੇ ਗੁਰੂ ਨਾਨਕ ਨਾਮ ਲੇਵਾ ਜਗਤ ਅਤੇ ਭਗਤ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਮੰਨਣ ਵਾਲੀਆਂ ਸੰਗਤਾਂ ਵੱਲੋਂ ਆਪਸੀ ਪ੍ਰੇਮ ਅਤੇ ਇਕਜੁੱਟਤਾ ਨਾਲ ਮਨਾਈ ਜਾਵੇਗੀ। ਸ਼ਤਾਬਦੀ ਸਬੰਧੀ ਮੁੱਖ ਸਮਾਗਮ 19 ਤੇ 20 ਫਰਵਰੀ 2027 ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਸਬੰਧੀ ਹੋਣ ਵਾਲੇ ਸਮਾਗਮਾਂ ਵਿੱਚ ਪਰਿਵਾਰ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਬਾਬਾ ਗੁਰਦਿਆਲ ਸਿੰਘ ਟਾਂਡਾ ਵਾਲਿਆਂ, ਸ਼੍ਰੋਮਣੀ ਕਮੇਟੀ ਮੈਂਬਰ ਸ. ਕੁਲਵੰਤ ਸਿੰਘ ਮੰਨਣ, ਸ. ਤਾਰਾ ਸਿੰਘ ਸੱਲਾ, ਸ. ਰਵਿੰਦਰ ਸਿੰਘ ਚੱਕ ਤੇ ਸ. ਬਿਕਰਮ ਸਿੰਘ ਅੱਲਾ ਬਖਸ਼ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਨੂੰ ਮਿਲਿਆ ਸਤਿਕਾਰ ਸਿੱਖ ਧਰਮ ਦੀ ਸਰਬਸਾਂਝੀਵਾਲਤਾ ਅਤੇ ਸਮੁੱਚੀ ਮਨੁੱਖਤਾ ਨੂੰ ਇਕੋ ਨਜ਼ਰ ਨਾਲ ਦੇਖਣ ਵਾਲੀ ਵਿਚਾਰਧਾਰਾ ਦਾ ਪ੍ਰਮਾਣ ਹੈ। ਭਗਤ ਸਾਹਿਬ ਦੀ ਬਾਣੀ ਮਨੁੱਖ ਨੂੰ ਹੱਕ-ਸੱਚ ਦੀ ਕਮਾਈ, ਨਿਮਰਤਾ, ਨਾਮ ਸਿਮਰਨ ਅਤੇ ਪਰਮਾਤਮਾ ਦੀ ਭਗਤੀ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ। ਸਟੇਜ ਸੰਚਾਲਨ ਦੀ ਜਿੰਮੇਵਾਰੀ ਭਾਈ ਕਲਿਆਣ ਸਿੰਘ ਤੇ ਭਾਈ ਅਮਰਜੀਤ ਸਿੰਘ ਜੰਡੀ ਨੇ ਨਿਭਾਈ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਸੁਖਬੀਰ ਸਿੰਘ, ਇੰਚਾਰਜ ਡਾ. ਰਾਜਵਿੰਦਰ ਸਿੰਘ ਜੋਗਾ, ਸ. ਮੋਹਨਦੀਪ ਸਿੰਘ, ਗੁਰਦੁਆਰਾ ਗਰਨਾ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ, ਗੁਰਦੁਆਰਾ ਥੰਮਜੀ ਸਾਹਿਬ ਕਰਤਾਰਪੁਰ ਦੇ ਮੈਨੇਜਰ ਸ. ਸੁਖਵਿੰਦਰ ਸਿੰਘ ਬੱਸੀ ਸੀਨੀਅਰ ਪ੍ਰਚਾਰਕ ਭਾਈ ਕਲਿਆਣ ਸਿੰਘ, ਭਾਈ ਅਮਰਜੀਤ ਸਿੰਘ ਜੰਡੀ, ਭਾਈ ਸਤਨਾਮ ਸਿੰਘ ਬੱਲੋਵਾਲੀਆ ਕਵੀਸ਼ਰੀ ਜਥਾ, ਭਾਈ ਗੁਰਭੇਜ ਸਿੰਘ ਚਵਿੰਡਾ ਢਾਡੀ ਜਥਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

