ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ:
ਵਾਰਾਨਸੀ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਸਵਾਗਤ ਲਈ ਸ਼੍ਰੋਮਣੀ ਕਮੇਟੀ ਵਫ਼ਦ ਨੇ ਅਲਾਹਬਾਦ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 29 ਨਵੰਬਰ-(ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ, ਸੰਪਰਦਾਵਾਂ ਅਤੇ ਸਮੁੱਚੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਵਾਰਾਨਸੀ ਤੋਂ ਆਰੰਭ ਹੋਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਵਫ਼ਦ ਨੇ ਅਲਾਹਬਾਦ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕਾਂ ਅਤੇ ਪ੍ਰਮੁੱਖ ਸਿੱਖ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਨਗਰ ਕੀਰਤਨ ਦੇ ਸਵਾਗਤ, ਸੰਗਤਾਂ ਦੀ ਸ਼ਮੂਲੀਅਤ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਥਾਨਕ ਪ੍ਰਬੰਧਕਾਂ ਅਤੇ ਸਿੱਖ ਆਗੂਆਂ ਵੱਲੋਂ ਬਹੁਤ ਹੀ ਉਤਸ਼ਾਹਪੂਰਨ ਹੁੰਗਾਰਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਮੁੱਚੇ ਖਾਲਸਾ ਪੰਥ ਅਤੇ ਸੰਗਤਾਂ ਲਈ ਸ਼ਰਧਾ ਤੇ ਸਤਿਕਾਰ ਦਾ ਵਿਸ਼ੇਸ਼ ਮੌਕਾ ਹੈ। ਇਸ ਨੂੰ ਸਾਂਝੇ ਪੰਥਕ ਉੱਦਮ ਵਜੋਂ ਮਨਾਉਣ ਲਈ ਵੱਖ-ਵੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸਿੱਖ ਸੰਗਤਾਂ ਦਾ ਸਹਿਯੋਗ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਸਥਾਨਕ ਸਿੱਖ ਆਗੂਆਂ ਨੇ ਭਰੋਸਾ ਦਿਵਾਇਆ ਕਿ ਅਲਾਹਬਾਦ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸਿੱਖ ਸੰਗਤਾਂ ਵੱਲੋਂ ਪੂਰੇ ਮਾਣ-ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ ਅਤੇ ਇਸ ਸਬੰਧੀ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਭਗਵੰਤ ਸਿੰਘ ਧੰਗੇੜਾ ਇੰਚਾਰਜ ਸ. ਬ੍ਰਿਜਪਾਲ ਸਿੰਘ ਨੇ ਸਮੂਹ ਸਥਾਨਕ ਪ੍ਰਬੰਧਕਾਂ ਅਤੇ ਸਿੱਖ ਆਗੂਆਂ ਵੱਲੋਂ ਦਿੱਤੇ ਸਹਿਯੋਗ, ਭਰੋਸੇ ਅਤੇ ਉਤਸ਼ਾਹ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਇਹ ਪੰਥਕ ਉਪਰਾਲਾ ਯਾਦਗਾਰੀ ਬਣਾਇਆ ਜਾਵੇਗਾ। ਇਸ ਮੌਕੇ ਇਲਾਹਾਬਾਦ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ, ਮੀਤ ਪ੍ਰਧਾਨ ਸ. ਰਜਿੰਦਰ ਸਿੰਘ ਬੇਦੀ, ਜਨਰਲ ਸਕੱਤਰ ਸ. ਦਲਜੀਤ ਸਿੰਘ ਤੇ ਸ. ਮਨਜੀਤ ਸਿੰਘ ਸਮੇਤ ਸਥਾਨਕ ਸਿੱਖ ਆਗੂ ਮੌਜੂਦ ਸਨ।

